ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਜਾਂਚ ਰੱਦ ਕਰਦਿਆਂ ਕਿਹਾ ਹੈ ਕਿ ਪਾਰਟੀ ਦਾ ਵਫਦ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ ਤੇ ਹਮਲੇ ਦੀ ਵੱਡੀ ਸਾਜਿਸ਼ ਨੂੰ ਬੇਨਕਾਬ ਕਰੇਗਾ।
ਪਾਰਟੀ ਦੇ ਵਰਕਿੰਗ ਪ੍ਰਧਾਨ ਸ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸਰਕਾਰ ਨੇ ਹਮਲੇ ਦੀ ਘਟਨਾ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਹਨਾਂ ਕਿਹਾ ਕਿ ਹਮਲਾ ਅਕਾਲੀ ਦਲ ਦੀ ਮਾਡਰੇਟ ਲੀਡਰਸ਼ਿਪ ਨੂੰ ਖਤਮ ਕਰਨ ਦੀ ਕੋਸ਼ਿਸ਼ ਸੀ ਤਾਂ ਕਿ ਪੰਜਾਬ ਨੂੰ ਮੁੜ ਮਾੜੇ ਹਾਲਾਤਾਂ ਵਲ ਧੱਕਿਆ ਜਾਵੇ। ਉਹਨਾ ਸਿੱਧੇ ਰੂਪ ਵਿੱਚ ਸਰਕਾਰ ਤੇ ਸਾਜਿਸ਼ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਸ ਵਿੱਚ ਆਮ ਆਦਮੀ ਪਾਰਟੀ ਵੀ ਸ਼ਾਮਲ ਹੈ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਸਰਕਾਰ ਹਰ ਦ੍ਰਿਸ਼ਟੀਕੋਣ ਤੋਂ ਹਮਲੇ ਦੀ ਜਾਂਚ ਕਰ ਰਹੀ ਹੈ ਤਾਂ ਕਿ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਸਾਫ ਹੋ ਸਕੇ। ਉਹਨਾਂ ਕਿਹਾ ਕਿ ਸਾਡੀ ਪਾਰਟੀ ਇਸ ਹਮਲੇ ਦੀ ਨਿੰਦਾ ਕਰਦੀ ਹੈ ਤੇ ਪੁਲੀਸ ਵੱਲੋਂ ਦਿਖਾਈ ਮੁਸਤੈਦੀ ਦੀ ਪ੍ਰਸੰਸਾ ਕਰਦੀ ਹੈ ਉਹਨਾਂ ਕਿਹਾ ਕਿ ਅਕਾਲੀ ਦਲ ਦੇ ਦੋਸ਼ ਨਿਰਆਧਾਰ ਹਨ। ਉਹਨਾਂ ਕਿਹਾ ਕਿ ਜਦੋਂ ਹਮਲਾਵਰ ਫੜਿਆ ਗਿਆ ਤੇ ਹਥਿਆਰ ਫੜਿਆ ਗਿਆ ਤਾਂ ਸੀਬੀਆਈ ਦੀ ਜਾਂਚ ਕਿਸ ਲਈ?