ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ’ਚ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਨਾਕਾਮ ਕੋਸ਼ਿਸ਼ ਤੋਂ ਬਾਅਦ ਅੱਜ ਸ਼ਿਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ’ਚ ਕੋਰ ਕਮੇਟੀ ਦੀ ਬੈਠਕ ਬੁਲਾਈ ਹੈ। ਇਹ ਬੈਠਕ ਅੱਜ ਕਰੀਬ ਸਾਢੇ ਤਿੰਨ ਵਜੇ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਅਚਾਨਕ ਅੰਮ੍ਰਿਤਸਰ ’ਚ ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਪਹੁੰਚੇ। ਦੋਵਾਂ ਵਿਚਕਾਰ ਲਗਭਗ ਇੱਕ ਘੰਟੇ ਤੱਕ ਚਰਚਾ ਹੋਈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਤੋਂ ਬਾਅਦ ਇਹ ਐਸ.ਜੀ.ਪੀ.ਸੀ. ਪ੍ਰਧਾਨ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਪਹਿਲੀ ਮੁਲਾਕਾਤ ਸੀ। ਬੈਠਕ ਤੋਂ ਬਾਅਦ ਐਸ.ਜੀ.ਪੀ.ਸੀ. ਪ੍ਰਧਾਨ ਧਾਮੀ ਨੇ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ, ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਵਿਚ ਚੰਡੀਗੜ੍ਹ ’ਚ ਹੋਣ ਵਾਲੀ ਬੈਠਕ ਨੂੰ ਲੈ ਕੇ ਗੱਲਬਾਤ ਹੋਈ ਹੈ।
ਦੂਜੇ ਪਾਸੇ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਜਾਣ ਤੋਂ ਬਾਅਦ ਇਹ ਪਹਿਲੀ ਅਹਿਮ ਬੈਠਕ ਹੈ। 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਕਾਲੀ ਸਰਕਾਰ ਦੇ ਸਮੇਂ ਦੌਰਾਨ ਹੋਈਆਂ ਘਟਨਾਵਾਂ ’ਤੇ ਚਿੰਤਾ ਜਤਾਉਂਦਿਆਂ ਅਕਾਲੀ ਦਲ ਨੂੰ ਫਟਕਾਰ ਲਗਾਈ ਸੀ। ਇਹੀ ਨਹੀਂ, ਅਗਲੇ 6 ਮਹੀਨਿਆਂ ਵਿੱਚ ਨਵੇਂ ਅਕਾਲੀ ਦਲ ਦੇ ਗਠਨ ਅਤੇ ਇਸ ਦੌਰਾਨ ਨਵੇਂ ਚਿਹਰੇ ਚੁਣਨ ਦੇ ਹੁਕਮ ਵੀ ਜਾਰੀ ਕੀਤੇ ਗਏ ਸਨ।