ਦਲਜੀਤ ਕੌਰ
ਐੱਸ ਏ ਐੱਸ ਨਗਰ/ਮੋਹਾਲੀ, 8 ਦਸੰਬਰ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਸ਼ੰਭੂ ਬਾਰਡਰ ਤੇ ਮੋਰਚਾ ਲਾਈ ਬੈਠੇ ਅਤੇ ਹੁਣ ਦਿੱਲੀ ਜਾਣ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨਾਂ ਤੇ ਜਬਰ ਦੀ ਸਖਤ ਨਿਖੇਧੀ ਕਰਦਿਆਂ ਕੱਲ੍ਹ 9 ਦਸੰਬਰ ਨੂੰ ਸਾਰੇ ਪੰਜਾਬ ਵਿੱਚ ਹਰਿਆਣਾ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕਣ ਦਾ ਸੱਦਾ ਦਿੱਤਾ ਹੈ।
ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਕੇਂਦਰ ਅਤੇ ਹਰਿਆਣਾ ਸਰਕਾਰ ਉਹਨਾਂ ਨੂੰ ਕਿਸ ਕਾਨੂੰਨ ਤਹਿਤ ਰੋਕ ਰਹੀ ਹੈ? ਨਿਹੱਥੇ ਕਿਸਾਨਾਂ ਤੇ ਅੱਥਰੂ ਗੈਸ, ਲਾਠੀਚਾਰਜ ਅਤੇ ਅੱਖਾਂ ਵਿੱਚ ਮਿਰਚਾਂ ਦੀ ਸਪਰੇਅ ਮਾਰ ਕੇ ਕਿਸਾਨਾਂ ਨੂੰ ਆਪਣੀ ਰਾਜਧਾਨੀ ਜਾਣ ਤੋਂ ਰੋਕਣਾ ਨੰਗੀਂ ਚਿੱਟੀ ਡਿਕਟੇਟਰਸ਼ਿਪ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਸ ਜ਼ੁਲਮ ਦੀ ਸਖਤ ਨਿਖੇਧੀ ਕਰਦੀ ਹੈ। ਇਸ ਜ਼ੁਲਮ ਦੇ ਖਿਲਾਫ ਅਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਕੱਲ੍ਹ ਨੂੰ ਸਾਰੇ ਪੰਜਾਬ ਵਿੱਚ ਹਰਿਆਣਾ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕ ਕੇ ਵਿਰੋਧ ਦਰਜ਼ ਕਰਵਾਇਆ ਜਾਵੇਗਾ।
ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਕੁੱਟਿਆ ਜਾ ਰਿਹਾ ਹੈ ਦੂਜੇ ਪਾਸੇ ਨੋਇਡਾ ਵੱਲੋਂ ਵੀ ਕਿਸਾਨਾਂ ਨੂੰ ਦਿੱਲੀ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ। ਕੇਂਦਰ ਸਰਕਾਰ ਨੂੰ ਲੱਗਦਾ ਹੈ ਕਿ ਕਿਸਾਨ ਕਿਸੇ ਦੁਸ਼ਮਣ ਦੇਸ਼ ਦੀ ਫੌਜ ਹਨ। ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਆਗੂ ਕਹਿੰਦੇ ਸਨ ਕਿ ਕਿਸਾਨ ਪੈਦਲ ਦਿੱਲੀ ਜਾਣ ਤਾਂ ਉਹਨਾਂ ਨੂੰ ਰੋਕਿਆ ਨਹੀਂ ਜਾਵੇਗਾ ਪਰ ਹੁਣ ਆਪਣੀ ਹੀ ਜ਼ੁਬਾਨ ਤੋਂ ਫਿਰ ਕੇ ਭਾਜਪਾ ਨੇ ਥੁੱਕਿਆ ਹੋਇਆ ਚਟਿਆ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਭਾਜਪਾ ਦੇ ਇਸ ਦੰਭ ਨੂੰ ਲੋਕਾਂ ਵਿੱਚ ਨੰਗਾ ਕਰਨ ਲਈ ਕੱਲ੍ਹ 9 ਦਸੰਬਰ ਨੂੰ ਸਾਰੇ ਪੰਜਾਬ ਵਿੱਚ ਪੁਤਲੇ ਫੂਕੇਗੀ।