ਵਿੱਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ 15 ਦਿਨ ਦੇ ਅੰਦਰ ਦਫ਼ਤਰੀ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਮਸਲਾ ਨਿਬੇੜਨ ਦੇ ਹੁਕਮ :ਸੰਧਾ
ਮੋਹਾਲੀ, 9 ਦਸੰਬਰ, ਦੇਸ਼ ਕਲਿੱਕ ਬਿਓਰੋ :
ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦੇ ਦਫ਼ਤਰੀ ਕਾਮਿਆਂ ਨਾਲ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਹੇਠ ਸਿਵਲ ਸਕੱਤਰੇਤ ਵਿਖੇ ਪੈਨਲ ਮੀਟਿੰਗ ਹੋਈ। ਮੀਟਿੰਗ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਵਿਸ਼ੇਸ਼ ਤੋਰ ਤੇ ਮੋਜੂਦ ਰਹੇ। ਮੀਟਿੰਗ ਵਿਚ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ, ਡੀ ਜੀ ਐਸ ਈ ਵਿਨੈ ਬੁਵਲਾਨੀ, ਵਿੱਤ ਵਿਭਾਗ ਤੋਂ ਮੁਹੰਮਦ ਤਈਅਬ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੋਜੂਦ ਸੰਨ।
ਆਗੂਆ ਨੇ ਮੀਟਿੰਗ ਦੋਰਾਨ ਕਿਹਾ ਕਿ ਮੁੱਖ ਮੰਤਰੀ ਵੱਲੋਂ 21 ਅਪ੍ਰੈਲ 2022 ਅਤੇ ਕੈਬਿਨਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਦਫ਼ਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਸਹਿਮਤੀ ਦਿੱਤੀ ਸੀ ਅਤੇ 14 ਮਾਰਚ ਦੀ ਮੀਟਿੰਗ ਵਿਚ ਵਿੱਤ ਮੰਤਰੀ ਦੇ ਆਦੇਸ਼ਾ ਅਨੁਸਾਰ ਜਥੇਬੰਦੀ ਵੱਲੋਂ ਡੀ.ਜੀ.ਐਸ. ਈ ਨੂੰ ਐਫੀਡੈਵਿਟ ਵੀ ਦਿੱਤਾ ਸੀ ਪ੍ਰੰਤੂ ਇਸ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਰੈਗੂਲਰ ਨਹੀ ਕੀਤਾ ਗਿਆ। ਮੀਟਿੰਗ ਵਿੱਚ ਹਰ ਇੱਕ ਪਹਿਲੂ ਤੇ ਡਿਟੇਲ ਗੱਲਬਾਤ ਹੋਈ। ਮੀਟਿੰਗ ਦੋਰਾਨ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਅਧਿਕਾਰੀਆਂ ਤੇ ਅਧਾਰਤ ਵਿੱਤ ਵਿਭਾਗ ਪ੍ਰਸੋਨਲ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਬਣੀ ਅਫਸਰ ਕਮੇਟੀ ਨੂੰ ਦਫ਼ਤਰੀ ਕਰਮਚਾਰੀਆਂ ਨੂੰ 8886 ਅਧਿਆਪਕਾਂ ਦੀ ਤਰਜ ਤੇ ਰੈਗੂਲਰ ਕਰਨ ਲਈ ਕਾਰਵਾਈ ਕਰਨ ਲਈ ਅਖਿਤਿਆਰ ਦਿੱਤੇ ਅਤੇ 15 ਦਿਨ ਦੇ ਅੰਦਰ ਅੰਦਰ ਵਿੱਤ ਮੰਤਰੀ ਨੂੰ ਰਿਪੋਰਟ ਸੋਪਣ ਲਈ ਕਿਹਾ। ਇਸ ਦੇ ਨਾਲ ਹੀ ਦੂਜੀ ਮੰਗ ਸਮੱਗਰਾ ਦੇ ਦਫ਼ਤਰੀ ਕਰਮਚਾਰੀਆਂ ਦੀ 5000 ਤਨਖਾਹ ਕਟੋਤੀ ਅਤੇ ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆ ਦੀ ਤਨਖਾਹ ਵਾਧੇ ਤੇ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।
ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ ਰਜਿੰਦਰ ਸਿੰਘ ਸੰਧਾ ਜਗਮੋਹਨ ਸਿੰਘ ਚਮਕੋਰ ਸਿੰਘ ਬਲਜਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੋਤੀ ਦੂਰ ਕਰਨ ਦੇ ਫੈਸਲੇ ਲੈ ਕੇ 3 ਵਾਰ ਅਧਿਕਾਰੀਆ ਨੂੰ ਆਦੇਸ਼ ਦਿੱਤੇ ਪਰ ਵਿੱਤ ਵਿਭਾਗ ਦੇ ਅਧਿਕਾਰੀ ਜਾਣਬੁੱਝ ਕੇ ਮਸਲੇ ਨੂੰ ਉਲਝਾ ਰਹੇ ਹਨ।
ਆਗੂਆਂ ਨੇ ਕਿਹਾ ਕਿ ਸਰਕਾਰ ਦਾ ਏਜੰਡਾ ਸੀ ਕਿ ਸੂਬੇ ਵਿੱਚ ਕੋਈ ਵੀ ਮੁਲਾਜ਼ਮ ਕੱਚਾ ਨਹੀਂ ਰਹਿਣ ਦੇਣਾ ਪਰ ੨ ਸਾਲ ਤੋਂ ਉੱਪਰ ਦਾ ਸਮਾਂ ਬੀਤ ਗਿਆ ਹੈ ਅਤੇ ਅਧਿਕਾਰੀ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਉਲਝਾਂ ਰਹੇ ਹਨ।
ਆਗੂਆ ਨੇ ਮੀਟਿੰਗ ਉਪਰੰਤ ਐਲਾਨ ਕੀਤਾ ਕਿ ਦਫ਼ਤਰੀ ਕਰਮਚਾਰੀਆਂ ਵੱਲੋਂ ਸ਼ੁਰੂ ਕੀਤਾ ਸੰਘਰਸ਼ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ ਅਤੇ ਜੇਕਰ ਹੁਣ ਵੀ ਅਧਿਕਾਰੀਆਂ ਨੇ ਢਿੱਲ ਮੱਠ ਦੀ ਕਾਰਵਾਈ ਦਿਖਾਈ ਤਾ ਸੜਕਾਂ ਤੇ ਨਿਕਲ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
Published on: ਦਸੰਬਰ 9, 2024 7:17 ਬਾਃ ਦੁਃ