ਮਾਨਸਾ, 14 ਦਸੰਬਰ : ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਹੋਣ ਵਾਲੀਆਂ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਲਈ 12 ਦਸੰਬਰ ਤੱਕ ਕੁੱਲ 137 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਵਾਈਆਂ ਗਈਆਂ ਸਨ, ਜਿਨ੍ਹਾਂ ਵਿੱਚੋਂ 11 ਨਾਮਜ਼ਦਗੀਆਂ 13 ਦਸੰਬਰ ਨੂੰ ਹੋਈ ਪੜਤਾਲ ਦੌਰਾਨ ਰੱਦ ਕਰ ਦਿੱਤੀਆਂ ਗਈਆਂ ਸਨ। ਅੱਜ ਨਾਮਜ਼ਦਗੀਆਂ ਵਾਪਸ ਲੈਣ ਦੇ ਦਿਨ ਦੋਵਾਂ ਨਗਰ ਪੰਚਾਇਤਾਂ ਦੇ ਕੁੱਲ 33 ਉਮੀਦਵਾਰਾਂ ਵੱਲੋਂ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਲਈਆਂ ਗਈਆਂ ਹਨ।
ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਸਰਦੂਲਗੜ੍ਹ ਨਗਰ ਪੰਚਾਇਤ ਦੇ 27 ਉਮੀਦਵਾਰਾਂ ਅਤੇ ਭੀਖੀ ਨਗਰ ਪੰਚਾਇਤ ਦੇ 06 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਣ ਸਰਦੂਲਗੜ੍ਹ ਵਿਖੇ 55 ਅਤੇ ਭੀਖੀ ਵਿਖੇ 38 ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਉਨ੍ਹਾਂ ਦੱਸਿਆ ਕਿ 21 ਦਸਬੰਰ ਨੂੰ ਹੋਣ ਵਾਲੀਆਂ ਚੋਣਾਂ ਲਈ ਹੁਣ ਦੋਵਾਂ ਨਗਰ ਪੰਚਾਇਤਾਂ ਦੇ 93 ਉਮੀਦਵਾਰ ਚੋਣਾਂ ਲੜਨਗੇ। ਉਨ੍ਹਾਂ ਦੱਸਿਆ ਕਿ ਚੋਣਾਂ ਵਾਲੇ ਦਿਨ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ।
Published on: ਦਸੰਬਰ 14, 2024 6:23 ਬਾਃ ਦੁਃ