ਮਾਨਸਾ, 14 ਦਸੰਬਰ : ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਐੱਚ. ਐਸ. ਗਰੇਵਾਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ ਸਰਦੂਲਗੜ ਅਤੇ ਬੁਢਲ਼ਾਡਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲਈ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ, ਬੁਢਲਾਡਾ ਅਤੇ ਸਰਦੂਲਗੜ ਵਿਖੇ ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਮੌਕੇ ਕੁੱਲ ਗਏ ਕੁੱਲ 4603 ਕੇਸਾਂ ਦਾ ਨਿਪਟਾਰਾ ਕਰਕੇ 10,31,58,795/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਮੈਡਮ ਰਾਜਵਿੰਦਰ ਕੌਰ ਨੇ ਦੱਸਿਆ ਕਿ ਮਾਨਸਾ ਵਿਖੇ ਐਡੀਸ਼ਨਲ ਸੈਸ਼ਨਜ਼ ਜੱਜ ਸ਼੍ਰੀ ਗੁਰਮੋਹਨ ਸਿੰਘ, ਐਡੀਸ਼ਨਲ ਸੈਸ਼ਨਜ਼ ਜੱਜ ਸ਼੍ਰੀ ਰਵੀ ਇੰਦਰ ਸਿੰਘ, ਅਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀ ਪੁਸ਼ਪਿੰਦਰ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀਮਤੀ ਗੁਰਜੀਤ ਕੌਰ ਢਿੱਲੋਂ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਸ਼੍ਰੀ ਰਵਨੀਤ ਸਿੰਘ, ਬੁਢਲਾਡਾ ਵਿਖੇ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ਼੍ਰੀ ਮਨੂੰ ਮਿੱਤੂ ਅਤੇ ਸਰਦੂਲਗੜ੍ਹ ਵਿਖੇ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਮਿਸ. ਹਰਪ੍ਰੀਤ ਕੌਰ ਨਾਫਰਾ ਦੇ ਬੈਂਚਾਂ ਵੱਲੋਂ 4603 ਕੇਸਾਂ ਦਾ ਨਿਪਟਾਰਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਬੈਂਚਾਂ ਵਿੱਚ ਐਡਵੋਕੇਟ ਹਰਪ੍ਰੀਤ ਸਿੰਘ, ਬੀਰਦਵਿੰਦਰ ਸਿੰਘ, ਕੁਲਜੀਤ ਕੌਰ, ਮਨਿੰਦਰ ਸਿੰਘ, ਬਲਵੰਤ ਭਾਟੀਆ, ਬਲਵੀਰ ਕੌਰ, ਰੋਹਿਤ ਸਿੰਗਲਾ, ਹੈਰੀ ਜਿੰਦਲ, ਅਮਨਦੀਪ ਸਿੰਘ ਮਾਨਸ਼ਾਹੀਆ, ਪੌਲ ਸਿੰਘ ਮਾਨ, ਸੁੱਚਾ ਸਿੰਘ ਵਿਰਕ, ਦਿਨੇਸ਼ ਕੁਮਾਰ, ਬੇਅੰਤ ਸਿੰਘ ਗਰੇਵਾਲ, ਸੁੰਦਰ ਸਿੰਘ ਅਤੇ ਮੈਂਬਰ ਸੁਰਿੰਦਰਪਾਲ ਸਿੰਘ ਚਹਿਲ, ਤਰਸੇਮ ਸੇਮੀ ਸ਼ਾਮਿਲ ਸਨ। ਇਸ ਲੋਕ ਅਦਾਲਤ ਵਿੱਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈਕਾਂ ਦੇ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਉਜਰਤ ਸਬੰਧੀ ਝਗੜੇ, ਬਿਜਲੀ, ਪਾਣੀ, ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੇ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਚੰਗੀ ਦਿਲਚਸਪੀ ਦਿਖਾਈ ਹੈ। ਅੱਜ ਦੀ ਰਾਸ਼ਟਰੀ ਲੋਕ ਅਦਾਲਤ ਤੋਂ ਪਹਿਲਾਂ ਇਸ ਦੀ ਸਫਲਤਾ ਲਈ ਅਨੇਕਾਂ ਸੈਮੀਨਾਰਾਂ ਅਤੇ ਮੀਟਿੰਗਾਂ ਰਾਹੀਂ ਜਾਗਰੂਕਤਾ ਫੈਲਾਈ ਗਈ ਸੀ ਜਿਸ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ।