ਗੁਰਦੁਆਰਾ ਸ੍ਰੀ ਅਟਕਸਰ ਸਾਹਿਬ ਸਹੇੜੀ ਤੋਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਤੱਕ ਸਜਾਇਆ ਨਗਰ ਕੀਰਤਨ
ਮੋਰਿੰਡਾ 16 ਦਸੰਬਰ ( ਭਟੋਆ )
ਮੋਰਿੰਡਾ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜਮੇਲ ਦੇ ਅੱਜ ਦੂਜੇ ਦਿਨ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕਰਕੇ ਇਹਨਾਂ ਮਹਾਨ ਸ਼ਹੀਦਾਂ ਨੂੰ ਨਤਮਸਤਕ ਕੀਤਾ ਅਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ
। ਇਸ ਮੌਕੇ ਤੇ ਪੰਥ ਦੇ ਮਹਾਨ ਰਾਗੀ ਢਾਡੀ, ਕਥਾਵਾਚਕ ਤੇ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲਿਆਂ ਅਤੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਦੇ ਕਾਰਜਕਾਰੀ ਪ੍ਰਧਾਨ ਭਾਈ ਸਵਰਨ ਸਿੰਘ ਬਿੱਟੂ ਅਤੇ ਹੈਡ ਗ੍ਰੰਥੀ ਗਿਆਨੀ ਬਲਵੀਰ ਸਿੰਘ ਚਲਾਕੀ ਨੇ ਦੱਸਿਆ ਕਿ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਦੇ ਖੁੱਲੇ ਪੰਡਾਲ ਵਿੱਚ ਆਯੋਜਿਤ ਧਾਰਮਿਕ ਸਮਾਗਮ ਦੌਰਾਨ
ਭਾਈ ਜਸਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਅੰਬ ਸਾਹਿਬ ਮੋਹਾਲੀ ,ਬੀਬੀ ਅਮਨਦੀਪ ਕੌਰ ਪਟਨਾ ਸਾਹਿਬ ਵਾਲੇ, ਭਾਈ ਨਰਿੰਦਰ ਸਿੰਘ ਅਤੇ ਕਥਾਵਾਚਕ ਭਾਈ ਗੁਰਬਾਜ ਸਿੰਘ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ , ਢਾਡੀ ਜਸਪਾਲ ਸਿੰਘ ਤਾਨ, ਢਾਡੀ ਅਵਤਾਰ ਸਿੰਘ ਆਲਮ,ਢਾਡੀ ਗੁਰਦੇਵ ਸਿੰਘ ਕੋਮਲ, ਢਾਡੀ ਜਸਵੰਤ ਸਿੰਘ ਬੈਂਸ ਅਤੇ ਢਾਡੀ ਸੁਖਵਿੰਦਰ ਸਿੰਘ ਕੁੱਬਾਹੇੜੀ ਵਾਲਿਆਂ ਦੇ ਜਥਿਆਂ ਵੱਲੋਂ ਸੰਗਤਾਂ ਨੂੰ ਕਥਾ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਇਹਨਾਂ ਮਹਾਨ ਸ਼ਹੀਦਾਂ ਵੱਲੋਂ ਛੋਟੀ ਉਮਰ ਵਿੱਚ ਕੀਤੀਆਂ ਵੱਡੀਆਂ ਕੁਰਬਾਨੀਆਂ ਦੇ ਇਤਿਹਾਸਿਕ ਪ੍ਰਸੰਗ ਨੂੰ ਸਰਵਣ ਕਰਵਾਇਆ ਗਿਆ ਤੇ ਨੌਜਵਾਨ ਪੀੜੀ ਨੂੰ ਅੰਮ੍ਰਿਤ ਪਾਨ ਕਰਕੇ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਤ ਕੀਤਾ ਗਿਆ। ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵੀ ਭਾਈ ਸੁਰਿੰਦਰ ਸਿੰਘ ਸੋਢੀ ਅਤੇ ਭਾਈ ਵਰਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਹੈਡ ਗ੍ਰੰਥੀ ਗਿਆਨੀ ਹਰਵਿੰਦਰ ਸਿੰਘ ਮਨੈਲੀ ਭਾਈ ਹਰਵਿੰਦਰ ਸਿੰਘ ਜਵੱਦੀ ਟਕਸਾਲ ਹਜੂਰੀ ਰਾਗੀ ਅਤੇ ਭਾਈ ਹਰਦੀਪ ਸਿੰਘ ਲੁਧਿਆਣਾ ਵਾਲਿਆਂ ਦੇ ਕੀਰਤਨੀ ਜਥੇ ਵੱਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਪੰਥ ਦੇ ਇਹਨਾਂ ਮਹਾਨ ਸ਼ਹੀਦਾਂ ਦੀ ਸ਼ਹਾਦਤ ਤੋਂ ਜਾਣੂ ਕਰਵਾਇਆ ਗਿਆ। ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਦੇ ਮੈਨੇਜਰ ਭਾਈ ਦਵਿੰਦਰ ਸਿੰਘ ਨੇ ਦੱਸਿਆ ਕਿ ਸ਼ਹੀਦੀ ਜੋੜ ਮੇਲੇ ਦੇ ਅੰਤਿਮ ਦਿਨ 16 ਦਸੰਬਰ ਨੂੰ ਭਾਈ ਸਤਨਾਮ ਸਿੰਘ ਟਾਂਡਾ ਅਤੇ ਢਾਡੀ ਜਸਮੇਰ ਸਿੰਘ ਬਾਠ ਦੇ ਢਾਡੀ ਜਥੇ ਵੱਲੋਂ ਇਹਨਾਂ ਮਹਾਨ ਸ਼ਹੀਦਾਂ ਨੂੰ ਸਮਰਪਿਤ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਜਦਕਿ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਕਥਾਵਾਚਕ ਭਾਈ ਗੁਰਬਾਜ ਸਿੰਘ , ਢਾਡੀ ਬਲਵੀਰ ਸਿੰਘ ਰਸੀਲਾ, ਢਾਡੀ ਗੁਰਦੇਵ ਸਿੰਘ ਕੋਮਲ, ਢਾਡੀ ਸੁਮਨਦੀਪ ਕੌਰ ਕੁੱਪਰਹੀੜਾਂ ਵਾਲੇ, ਢਾਡੀ ਗੁਰਨਾਮ ਸਿੰਘ ਮੋਹੀ, ਢਾਡੀ ਬਲਵੀਰ ਸਿੰਘ ਵੀਰ , ਢਾਡੀ ਮਨਜੀਤ ਸਿੰਘ ਬਾਠ ਅਤੇ ਢਾਡੀ ਜਸਵੀਰ ਸਿੰਘ ਖਾਲਸਾ ਪਪਰਲੀ ਵਾਲਿਆਂ ਦੇ ਢਾਡੀ ਜਥਿਆਂ ਵੱਲੋਂ ਕਥਾ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸੇ ਦੌਰਾਨ ਗੁਰਦੁਆਰਾ ਸ੍ਰੀ ਅਟਕਸਰ ਸਾਹਿਬ ਸਹੇੜੀ ਤੋਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ।