ਮੋਹਾਲੀ: 16 ਦਸੰਬਰ, ਦੇਸ਼ ਕਲਿੱਕ ਬਿਓਰੋ
ਐਂਟੀ ਗੈਂਗਸਟਰ ਟਾਸਕ ਫੋਰਸ (AGTF)ਦੀ ਟੀਮ ਨੇ ਪੰਜਾਬ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ । ਮੋਹਾਲੀ ਪੁਲਿਸ ਨੇ ਕੈਨੇਡਾ-ਅਧਾਰਤ ਅਰਸ਼ ਡੱਲਾ ਅਤੇ ਇੱਕ ਹੋਰ ਵਿਦੇਸ਼ੀ ਹੈਂਡਲਰ ਦੇ ਚਾਰ ਆਪਰੇਟਿਵਾਂ ਨੂੰ ਗ੍ਰਿਫਤਾਰ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਵਿਅਕਤੀ USA-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਮੋਹਾਲੀ ਵਿੱਚ ਇੱਕ ਕਾਰ ਐਸੈਸਰੀਜ਼ ਸ਼ੋਅਰੂਮ ਵਿੱਚ ਹਾਲ ਹੀ ਵਿੱਚ ਹੋਈ ਗੋਲੀਬਾਰੀ ਵਿੱਚ ਸ਼ਾਮਲ ਸਨ। ਮਾਡਿਊਲ ਅਰਸ਼ ਡੱਲਾ ਨਾਲ ਜੁੜਿਆ ਹੋਇਆ ਸੀ ਅਤੇ ਪੰਜਾਬ ਵਿੱਚ ਹੋਰ ਅਪਰਾਧਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਫੜੇ ਗਏ ਮੁਲਜ਼ਮਾਂ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਖ਼ਿਲਾਫ਼ ਕਈ ਕੇਸ ਦਰਜ ਹਨ।
ਮੁਲਜ਼ਮਾਂ ਕੋਲੋਂ ਸੋਲਾਂ ਜਿੰਦਾ ਕਾਰਤੂਸਾਂ ਸਮੇਤ ਤਿੰਨ 32 ਕੈਲੀਬਰ ਪਿਸਤੌਲ ਬਰਾਮਦ ਕੀਤੇ ਗਏ ਹਨ। ਥਾਣਾ ਸਿਟੀ ਕ੍ਰਾਈਮ ਮੁਹਾਲੀ ਵਿਖੇ ਐਫ ਆਈ ਆਰ ਦਰਜ ਕੀਤੀ ਗਈ ਹੈ। ਨੈਟਵਰਕ ਨੂੰ ਖਤਮ ਕਰਨ ਲਈ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
Published on: ਦਸੰਬਰ 16, 2024 12:25 ਬਾਃ ਦੁਃ