ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਉਠਾਇਆ, ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ

ਪੰਜਾਬ

21 ਦਿਨ ਤੋਂ ਭੁੱਖ ਹੜਤਾਲ ਉੱਤੇ ਬੈਠੇ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਸਰਕਾਰ ਨੂੰ ਕੋਈ ਖ਼ਬਰ ਨਹੀਂ

ਚੰਡੀਗੜ੍ਹ/ਨਵੀਂ ਦਿੱਲੀ, 16 ਦਸੰਬਰ, ਦੇਸ਼ ਕਲਿੱਕ ਬਿਓਰੋ :
ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਜ਼ੋਰ ਸ਼ੋਰ ਨਾਲ ਉਠਾਉਂਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਕੌਮੀ ਰਾਜਧਾਨੀ ਵਿੱਚ ਆਉਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ 21 ਦਿਨ ਤੋਂ ਭੁੱਖ ਹੜਤਾਲ ਉੱਤੇ ਬੈਠ ਹਨ ਪਰ ਸਰਕਾਰ ਨੂੰ ਕੋਈ ਫ਼ਿਕਰ ਨਹੀਂ।

ਮੀਤ ਹੇਅਰ ਨੇ ਕਿਹਾ ਕਿ ਕਿਸਾਨਾਂ ਨੂੰ ਜਦੋਂ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਧਰਨੇ ਲਗਾਉਣ ਪਏ ਤਾਂ ਉਸ ਦੌਰਾਨ 700 ਕਿਸਾਨ ਸ਼ਹੀਦ ਹੋ ਗਏ ਅਤੇ ਉਨ੍ਹਾਂ ਨਾਲ ਲਿਖਤ ਵਿੱਚ ਵਾਅਦਾ ਕੀਤਾ ਗਿਆ ਕਿ ਐਮ.ਐਸ.ਪੀ. ਦੀ ਗਰੰਟੀ ਦੇਵਾਂਗੇ ਪਰ ਹਾਲੇ ਤੱਕ ਵਾਅਦਾ ਪੂਰਾ ਨਹੀਂ ਹੋਇਆ। ਸਾਡੇ ਬਜ਼ੁਰਗ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ਉੱਪਰ ਕੋਈ ਆਪਣੇ ਨਿੱਜੀ ਹਿੱਤਾਂ ਲਈ ਨਹੀਂ, ਦੇਸ਼ ਦੇ ਕਿਸਾਨਾਂ ਲਈ ਬੈਠੇ ਹਨ। ਸਰਕਾਰ ਨੇ ਜਿੱਥੇ ਕੁਝ ਕੁ ਸੈਂਕੜੇ ਉਦਯੋਗਪਤੀਆਂ ਦੇ ਤਾਂ 10 ਲੱਖ ਕਰੋੜ ਰੁਪਏ ਮਾਫ ਕਰ ਦਿੱਤੇ ਪਰ ਅੱਧੀ ਆਬਾਦੀ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਨਹੀਂ ਕੀਤਾ ਜਾ ਰਿਹਾ।

ਸੰਸਦ ਮੈਂਬਰ ਨੇ ਕਿਹਾ ਕਿ ਭਾਰਤ ਦੁਨੀਆਂ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਚੁੱਕਿਆ ਹੈ ਪਰ ਜਿਹੜੇ ਅਸਲ ਹਾਲਾਤ ਇਹ ਹਨ ਕਿ ਪ੍ਰਤੀ ਵਿਅਕਤੀ ਆਮਦਨ ਵਿੱਚ ਅਸੀਂ 141ਵੇਂ ਨੰਬਰ ਤੇ ਹਾਂ ਅਤੇ 140 ਕਰੋੜ ਦੀ ਆਬਾਦੀ ਵਿੱਚੋਂ ਮਹਿਜ਼ 10 ਫੀਸਦ ਲੋਕਾਂ ਦੀ ਕਮਾਈ 25000 ਰੁਪਏ ਮਹੀਨੇ ਤੋਂ ਜ਼ਿਆਦਾ ਹੈ। 90 ਫੀਸਦ ਲੋਕ 25000 ਰੁਪਏ ਤੋਂ ਵੀ ਘੱਟ ਕਮਾ ਰਹੇ ਹਨ ਇਹਨਾਂ ਵਿੱਚੋਂ ਵੱਡੀ ਗਿਣਤੀ ਉਹ ਕਿਸਾਨ ਹਨ ਜਿਹਨਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਸੀ ਕਿ 2014 ਵਿੱਚ ਸਰਕਾਰ ਬਣਨ ਉਪਰੰਤ ਆਮਦਨ ਦੁੱਗਣੀ ਕੀਤੀ ਜਾਵੇਗੀ। ਪਰ ਸਰਕਾਰ ਬਣਨ ਤੋਂ ਬਾਅਦ 11 ਬਜਟ ਪੇਸ਼ ਹੋ ਗਏ ਪਰ ਕਦੇ ਕਿਸਾਨਾਂ ਦੀ ਆਮਦਨ ਵਧਾਉਣ ਬਾਰੇ ਜ਼ਿਕਰ ਤੱਕ ਨਹੀਂ ਕੀਤਾ।

ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਦਾ ਕੋਈ ਅਜਿਹਾ ਪਿੰਡ ਨਹੀਂ ਜਿੱਥੇ ਦੇਸ਼ ਦੀ ਰੱਖਿਆ ਕਰਨ ਵਾਲੇ ਨੌਜਵਾਨਾਂ ਦੀ ਤਿਰੰਗੇ ਵਿੱਚ ਲਿਪਟੀ ਲਾਸ਼ ਨਹੀਂ ਆਉਂਦੀ। ਦੇਸ਼ ਨੂੰ ਆਜਾਦ ਕਰਵਾਉਣ ਵਿੱਚ 80 ਫੀਸਦੀ ਕੁਰਬਾਨੀਆਂ ਦਿੱਤੀਆਂ ਅਤੇ ਸਾਡੇ ਕਿਸਾਨਾਂ ਨੇ ਦੇਸ਼ ਨੂੰ ਆਤਮ ਨਿਰਭਰ ਬਣਾਉਣ ਲਈ ਵੀ ਯੋਗਦਾਨ ਪਾਇਆ। ਅੱਜ ਪੰਜਾਬ ਦੇ ਕਿਸਾਨਾਂ ਨੂੰ ਆਵਦੀ ਰਾਜਧਾਨੀ ਆਉਣ ਨਹੀਂ ਦਿੱਤਾ ਜਾ ਰਿਹਾ। ਕਿਸਾਨ ਵੀ ਸਿਰਫ ਥੋੜ੍ਹੀ ਗਿਣਤੀ ਵਿੱਚ ਪੈਦਲ ਆਉਣਾ ਚਾਹੁੰਦੇ ਹਨ ਪਰ ਸਰਕਾਰ ਨੂੰ ਉਨ੍ਹਾਂ ਦੀ ਕੋਈ ਫ਼ਿਕਰ ਨਹੀਂ। ਅੱਜ ਦੋ ਸੂਬਿਆਂ ਦੇ ਬਾਰਡਰ ਨੂੰ ਕੌਮਾਂਤਰੀ ਬਾਰਡਰ ਬਣਾ ਦਿੱਤਾ।ਕੀ ਹੁਣ ਸਰਕਾਰ ਚਾਹੁੰਦੀ ਹੈ ਕਿ ਸਟੇਟ ਦੇ ਬਾਰਡਰ ਤੋਂ ਕਿਸਾਨਾਂ ਦੀ ਲਾਸ਼ ਵਾਪਸ ਆਵੇ।

ਲੋਕ ਸਭਾ ਮੈਂਬਰ ਨੇ ਸਰਕਾਰ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਲਿਖਤੀ ਕੀਤਾ ਵਾਅਦਾ ਪੂਰਾ ਕਰੇ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੀ ਗਰੰਟੀ ਦੇਵੇ। ਪਹਿਲਾਂ 700 ਕਿਸਾਨ ਜਾਨਾਂ ਦੇ ਚੁੱਕੇ ਹਨ ਅਤੇ ਹੁਣ ਹੋਰ ਕਿਸੇ ਕਿਸਾਨ ਦੀ ਜਾਨ ਨਾ ਜਾਵੇ ਅਤੇ ਉਨਾਂ ਦੇ ਹੱਕ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।