ਅੰਮ੍ਰਿਤਸਰ, 18 ਦਸੰਬਰ, ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਮਾਨਦਾਰ, ਸਮਰਪਿਤ, ਸਾਦਗੀ ਭਰੀ ਤਿਆਗੀ ਸ਼ਖ਼ਸੀਅਤ ਹਨ, ਜਿਨ੍ਹਾਂ ਦੇ ਖ਼ਿਲਾਫ਼ ਕਥਿਤ ਆਡੀਓ ਕਲਿਪ ਨੂੰ ਲੈ ਕੇ ਕੀਤੀ ਜਾ ਰਹੀ ਬੇਬੁਨਿਆਦ ਦੂਸ਼ਣਬਾਜੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਇਕ ਸਾਂਝੇ ਬਿਆਨ ਵਿਚ ਕੀਤਾ ਹੈ।
ਭਾਈ ਮਹਿਤਾ ਅਤੇ ਭਾਈ ਚਾਵਲਾ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਰੁੱਧ ਸਿਆਸੀ ਦੂਸ਼ਣਬਾਜੀ ਉਹ ਲੋਕ ਕਰ ਰਹੇ ਹਨ, ਜਿਨ੍ਹਾਂ ਦਾ ਪੰਥ ਵਿਚ ਕੋਈ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹਰ ਸੱਚਾ ਸਿਪਾਹੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਹਮੇਸ਼ਾ ਐਡਵੋਕੇਟ ਧਾਮੀ ਦੇ ਹੱਕ ਵਿਚ ਖੜ੍ਹੇ ਹਨ ਅਤੇ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਲਗਾਤਾਰ ਚੌਥੀ ਵਾਰ ਵੱਡੇ ਬਹੁਮਤ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਬਣੇ ਹਨ, ਜਿਸ ਕਰਕੇ ਵਿਰੋਧੀਆਂ ਵਲੋਂ ਇਕ ਗਿਣੀ ਮਿਥੀ ਸਾਜਿਸ਼ ਤਹਿਤ ਕਿਸੇ ਵਿਅਕਤੀ ਕੋਲੋਂ ਪਿਛਲੇ ਦਿਨੀਂ ਉਨ੍ਹਾਂ ਨੂੰ ਫੋਨ ਕਰਵਾ ਕੇ ਗੱਲਬਾਤ ਦੌਰਾਨ ਉਕਸਾਇਆ ਗਿਆ ਅਤੇ ਬਾਅਦ ਵਿਚ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਕੇ ਘਟੀਆ ਕਿਸਮ ਦਾ ਰਾਜਨੀਤਕ ਮਾਹੌਲ ਸਿਰਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।
ਭਾਈ ਮਹਿਤਾ ਅਤੇ ਭਾਈ ਚਾਵਲਾ ਨੇ ਆਖਿਆ ਕਿ ਇਕ ਕਥਿਤ ਆਡੀਓ ਕਲਿਪ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਰੁੱਧ ਘਟੀਆ ਕਿਸਮ ਦੀ ਰਾਜਨੀਤੀ ਕਰਨ ਵਾਲੇ ਲੋਕ ਕਿਸੇ ਸਾਜਿਸ਼ ਤਹਿਤ ਇਹ ਸਭ ਕੁਝ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਫੋਨ `ਤੇ ਕਿਸੇ ਸ਼ਖ਼ਸ ਨਾਲ ਹੋਈ ਗੱਲਬਾਤ ਦੌਰਾਨ ਅਚੇਤ ਰੂਪ ਵਿਚ ਅਪਸ਼ਬਦਾਂ ਲਈ ਖਿਮਾ-ਜਾਚਨਾ ਕਰ ਚੁੱਕੇ ਹਨ। ਉਨਾ ਦੋਸ਼ ਲਾਇਆ ਕਿ ਤਕਨੀਕੀ ਯੁੱਗ ਦਾ ਫਾਇਦਾ ਕਿਸੇ ਨਾਲ ਫੋਨ ’ਤੇ ਗੱਲਬਾਤ ਨੂੰ ਰਿਕਾਰਡ ਕਰਨਾ ਇਕ ਗੰਭੀਰ ਅਪਰਾਧ ਹੈ। ਇਸ ਬਾਰੇ ਵੀ ਸੰਵਿਧਾਨਿਕ ਸੰਸਥਾਵਾਂ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਤਾਂ ਜੋ ਹਰੇਕ ਦੇ ਨਿੱਜਤਾ ਦੇ ਅਧਿਕਾਰ ਨੂੰ ਬਹਾਲ ਰੱਖਿਆ ਜਾ ਸਕੇ।