ਬਠਿੰਡਾ: 18 ਦਸੰਬਰ, ਦੇਸ਼ ਕਲਿੱਕ ਬਿਓਰੋ
ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ 15 ਅਕਤੂਬਰ 2024 ਨੂੰ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿੱਚ ਵਿਰਸਾ ਸਿੰਘ ਵਲਟੋਹਾ ਤੇ ਗਿਆਨੀ ਹਰਪ੍ਰੀਤ ਸਿੰਘ ਦਰਮਿਆਨ ਹੋਈ ਤਲਖੀ ਦੀ ਵੀਡੀਓ ਵਾਇਰਲ ਹੋਈ ਹੈ। ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬਾਨ ਵਲੋਂ ਸੁਣਾਏ ਗਏ ਫੈਸਲੇ ’ਚ ਸ਼ਾਮਿਲ ਹੋਣਾ ਮੇਰਾ ਗੁਨਾਹ ਹੋ ਨਿੱਬੜਿਆ ਅਤੇ ਉਸ ਦੇ ਬਾਅਦ ਤੋਂ ਲਗਾਤਾਰ ਮੈਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਹੈ, ਮੇਰਾ ਪਰਿਵਾਰ ਪਿਛਲੇ 15 ਦਿਨਾਂ ਤੋਂ ਸੌਂ ਨਹੀਂ ਸਕਿਆ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਣਾਏ ਫੈਸਲੇ ਨੂੰ ਬਦਲਣ ਲਈ ਜੇਕਰ ਪੰਜ ਸਿੰਘ ਸਾਹਿਬਾਨ ਕੋਈ ਮੀਟਿੰਗ ਬੁਲਾਉਂਦੇ ਹਨ ਤਾਂ ਉਹ ਉਸ ਵਿਚ ਸ਼ਾਮਿਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਬਤੌਰ ਜਥੇਦਾਰ ਕਿਸੇ ਵੀ ਆਗੂ ਜਾਂ ਸ਼ਖਸ਼ੀਅਤ ਨੂੰ ਮਿਲ ਸਕਦੇ ਹਨ, ਗੱਲਬਾਤ ਕਰ ਸਕਦੇ ਹਨ ਇਸ ਤੇ ਕਿਸੇ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ |
Published on: ਦਸੰਬਰ 18, 2024 12:55 ਬਾਃ ਦੁਃ