21 ਦਸੰਬਰ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਆਪਣੇ ਬੱਚਿਆਂ ਦੇ ਭਵਿੱਖ ਅਤੇ ਸ਼ਹਿਰ ਦੇ ਵਿਕਾਸ ਲਈ ਪਾਓ ਵੋਟ: ਭਗਵੰਤ ਮਾਨ

ਚੋਣਾਂ

21 ਦਸੰਬਰ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਆਪਣੇ ਬੱਚਿਆਂ ਦੇ ਭਵਿੱਖ ਅਤੇ ਸ਼ਹਿਰ ਦੇ ਵਿਕਾਸ ਲਈ ਪਾਓ ਵੋਟ: ਭਗਵੰਤ ਮਾਨ

ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਇਸ ਲਈ ਸਾਡਾ ਇੱਥੇ ਵੀ ਮੇਅਰ ਬਣਾਓ ਤਾਂ ਜੋ ਸ਼ਹਿਰ ਦਾ ਦੁੱਗਣਾ ਵਿਕਾਸ ਹੋ ਸਕੇ-ਮਾਨ

ਜਲੰਧਰ, 18 ਦਸੰਬਰ 2024, ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਜਲੰਧਰ ‘ਚ ਨਗਰ ਨਿਗਮ ਚੋਣਾਂ ਲਈ ‘ਆਪ’ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਇੱਥੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਇੱਕ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸਮਰਥਨ ਦੇਣ ਦੀ ਅਪੀਲ ਕੀਤੀ।

ਰੋਡ ਸ਼ੋਅ ਵਿੱਚ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਕੈਬਨਿਟ ਮੰਤਰੀ ਮੋਹਿੰਦਰ ਭਗਤ, ਹਰਭਜਨ ਸਿੰਘ ਈਟੀਓ, ਡਾ. ਰਵਜੋਤ ਅਤੇ ਜਲੰਧਰ ਤੋਂ ਪਾਰਟੀ ਦੇ ਵਿਧਾਇਕ ਤੇ ਕੌਂਸਲਰ ਉਮੀਦਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਤੇ ਆਮ ਲੋਕ ਹਾਜ਼ਰ ਸਨ।  ਮਾਨ ਨੇ ਸਮੂਹ ਲੋਕਾਂ ਅਤੇ ਵਰਕਰਾਂ ਦਾ ਉਨ੍ਹਾਂ ਦੇ ਪਿਆਰ ਅਤੇ ਸਮਰਥਨ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।

ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਜਲੰਧਰ ਦੇ ਵਿਕਾਸ ਲਈ ਵਿਆਪਕ ਯੋਜਨਾ ਦੱਸਿਆਂ।  ਉਨ੍ਹਾਂ ਨੇ ਜਲੰਧਰ ਸ਼ਹਿਰ ਵਿੱਚ ਆਧੁਨਿਕ ਚਾਰਜਿੰਗ ਸਟੇਸ਼ਨਾਂ ਵਾਲੀਆਂ ਇਲੈਕਟ੍ਰਿਕ ਬੱਸਾਂ ਦੀ ਸ਼ੁਰੂਆਤ ਕਰਨ, ਕੂੜੇ ਦੇ ਪਹਾੜਾਂ ਨੂੰ ਖ਼ਤਮ ਕਰਨ ਅਤੇ ਬਿਹਤਰ ਸੀਵਰੇਜ ਸਿਸਟਮ ਬਣਾਉਣ ਦੇ ਨਾਲ ਪ੍ਰਦੂਸ਼ਣ ਨੂੰ ਰੋਕਣ ਅਤੇ ਜਨਤਕ ਆਵਾਜਾਈ ਨੂੰ ਵਧਾਉਣ ਲਈ ਪਾਰਟੀ ਦੇ ਵਾਅਦਿਆਂ ਨੂੰ ਦੁਹਰਾਇਆ।

ਮਾਨ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਸ਼ਹਿਰਾਂ ਵਿੱਚ ਜੀਵਨ ਪੱਧਰ ਨੂੰ ਪ੍ਰਭਾਵਿਤ ਕਰਦਾ ਹੈ।  ਇਸ ਲਈ, ਬਿਹਤਰ ਉਮੀਦਵਾਰਾਂ ਦੀ ਚੋਣ ਕਰੋ ਜੋ ਤੁਹਾਡਾ ਕੰਮ ਕਰ ਸਕਣ ਅਤੇ ਸਥਾਨਕ ਮੁੱਦਿਆਂ ਨੂੰ ਹੱਲ ਕਰ ਸਕਣ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਿੱਚ ਨਗਰ ਨਿਗਮ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਯਕੀਨੀ ਬਣਾਇਆ ਜਾਵੇਗਾ ਕਿਉਂਕਿ ਸੂਬੇ ਵਿੱਚ ਵੀ ਸਾਡੀ ਸਰਕਾਰ ਹੈ।  ਇਸ ਲਈ ਆਮ ਆਦਮੀ ਪਾਰਟੀ ਦਾ ਮੇਅਰ ਬਣਾਓ ਤਾਂ ਜੋ ਸ਼ਹਿਰ ਦਾ ਤੇਜ਼ੀ ਨਾਲ ਵਿਕਾਸ ਹੋ ਸਕੇ।

ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਸੀਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਯੋਗਤਾ ਦੇ ਆਧਾਰ ‘ਤੇ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਅਸੀਂ ਭ੍ਰਿਸ਼ਟਾਚਾਰ ਨੂੰ ਘਟਾਇਆ ਅਤੇ ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ। 

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰ ਰਹੀ ਹੈ। ਪਿਛਲੇ ਢਾਈ ਸਾਲਾਂ ਦੌਰਾਨ ਅਸੀਂ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਮੁਹੱਲਾ ਕਲੀਨਿਕ ਖੋਲ੍ਹੇ ਅਤੇ ਸਰਕਾਰੀ ਹਸਪਤਾਲਾਂ ਦੀ ਕਾਇਆ ਕਲਪ ਕੀਤੀ ਹੈ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਇਆ ਜਾ ਰਿਹਾ ਹੈ।  ਸਕੂਲਾਂ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਬੁਨਿਆਦੀ ਢਾਂਚੇ ਵਿੱਚ ਵੀ ਸੁਧਾਰ ਕੀਤਾ ਜਾ ਰਿਹਾ ਹੈ।

ਅੱਜ ਪੰਜਾਬ ਦੇ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ ਦਿਨ ਵੇਲੇ ਖੇਤੀ ਲਈ ਲੋੜੀਂਦੀ ਬਿਜਲੀ ਵੀ ਮਿਲ ਰਹੀ ਹੈ। ਅਸੀਂ ਗੋਇੰਦਵਾਲ ਸਾਹਿਬ ਥਰਮਲ ਪਾਵਰ ਪਲਾਂਟ ਖ਼ਰੀਦਿਆ ਅਤੇ ਖੇਤਾਂ ਨੂੰ ਨਹਿਰੀ ਪਾਣੀ ਸਪਲਾਈ ਕੀਤਾ। ਉਨ੍ਹਾਂ ਕਿਹਾ ਕਿ ਇਹ ਕੰਮ ਇਸ ਲਈ ਸੰਭਵ ਹੋਇਆ ਕਿਉਂਕਿ ਸਾਡੀ ਨੀਅਤ ਸਾਫ਼ ਸੀ। ਪਿਛਲੀਆਂ ਸਰਕਾਰਾਂ ਵਿੱਚ ਬੈਠੇ ਲੋਕ ਭ੍ਰਿਸ਼ਟ ਸਨ ਜਿਸ ਕਰਕੇ ਕੰਮ ਸਫਲ ਨਹੀਂ ਹੋ ਸਕੇ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਵਿੱਚ ਸਾਲਾਂ ਤੋਂ ਚੱਲੀ ਆ ਰਹੀ ਮਾਫ਼ੀਆ ਪ੍ਰਣਾਲੀ ਨੂੰ ਖ਼ਤਮ ਕਰ ਦਿੱਤਾ ਹੈ।  ਉਨ੍ਹਾਂ ਅਕਾਲੀ ਭਾਜਪਾ ਅਤੇ ਕਾਂਗਰਸੀ ਆਗੂਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਸੀਂ ਰੇਤ ਦੀਆਂ ਖੱਡਾਂ, ਬੱਸਾਂ ਅਤੇ ਢਾਬਿਆਂ ‘ਚ ਹਿੱਸਾ ਨਹੀਂ ਲੈਂਦੇ, ਅਸੀਂ ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਦੇ ਸੁੱਖ-ਦੁੱਖ ‘ਚ ਹਿੱਸਾ ਲੈਂਦੇ ਹਾਂ।

ਸੀਐਮ ਮਾਨ ਨੇ ਜਲੰਧਰ ਦੇ ਲੋਕਾਂ ਨੂੰ 21 ਦਸੰਬਰ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਅਤੇ ਆਪਣੇ ਸ਼ਹਿਰ ਦੇ ਵਿਕਾਸ ਲਈ ਵੋਟ ਪਾਓ। ਉਨ੍ਹਾਂ ਕਿਹਾ ਕਿ ਵੋਟਿੰਗ ਮਸ਼ੀਨ ਵਿੱਚ ਝਾੜੂ ਸਿਰਫ਼ ਇੱਕ ਬਟਨ ਨਹੀਂ ਹੈ, ਸਗੋਂ ਇਹ ਆਮ ਲੋਕਾਂ ਦੀ ਆਸ ਅਤੇ ਉਨ੍ਹਾਂ ਦੇ ਬੱਚਿਆਂ ਦੇ ਚੰਗੇਰੇ ਭਵਿੱਖ ਦਾ ਪ੍ਰਤੀਕ ਹੈ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ।  ਅਸੀਂ ਆਮ ਘਰਾਂ ਦੇ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਆਉਣ ਦਾ ਮੌਕਾ ਦਿੰਦੇ ਹਾਂ।  ਮਾਨ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਪਰਿਵਾਰ ਦੀ ਮਾੜੀ ਹਾਲਤ ਬਾਰੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਬੈਂਡ ਮਾਸਟਰ ਸਨ। ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਮੰਤਰੀ ਬਣਾਇਆ। ਇਨ੍ਹਾਂ ਤੋਂ ਇਲਾਵਾ ਪਾਰਟੀ ਦੇ ਕਈ ਵਿਧਾਇਕ ਤੇ ਮੰਤਰੀ ਹਨ ਜਿਨ੍ਹਾਂ ਦੀ ਮਾਲੀ ਹਾਲਤ ਚੰਗੀ ਨਹੀਂ ਸੀ ਪਰ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਮੌਕਾ ਦਿੱਤਾ। ਇਸ ਚੋਣ ਵਿੱਚ ਵੀ ਅਸੀਂ ਆਮ ਲੋਕਾਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ, ਉਨ੍ਹਾਂ ਦਾ ਸਮਰਥਨ ਕਰੋ।

ਮੁੱਖ ਮੰਤਰੀ ਮਾਨ ਨੇ ਭਾਸ਼ਣ ਦੌਰਾਨ ਨਫ਼ਰਤ ਭਰੇ ਅਤੇ ਸ਼ਰਾਰਤੀ ਅਨਸਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ, ਪਰ ਇੱਥੇ ਨਫ਼ਰਤ ਦਾ ਬੀਜ ਨਹੀਂ ਉਗ ਸਕਦਾ। ਇਸ ਲਈ ਇਸ ਤਰ੍ਹਾਂ ਦੀ ਕੋਸ਼ਿਸ਼ ਨਾ ਕਰੋ। ਉਨ੍ਹਾਂ ਕਿਹਾ ਕਿ ਪੰਜਾਬ ਆਪਸੀ ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਲਈ ਜਾਣਿਆ ਜਾਂਦਾ ਹੈ। ਅਸੀਂ ਗੁਰਪੁਰਬ, ਈਦ, ਦੀਵਾਲੀ ਅਤੇ ਹੋਲੀ ਇਕੱਠੇ ਮਨਾਉਂਦੇ ਹਾਂ। ਇੱਥੇ ਨਫ਼ਰਤ ਦੀ ਰਾਜਨੀਤੀ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।