ਅੰਮ੍ਰਿਤਸਰ, 19 ਦਸੰਬਰ, ਦੇਸ਼ ਕਲਿੱਕ ਬਿਓਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜਾਂਚ ਪੂਰੀ ਹੋਣ ਤੱਕ ਗਿਆਨੀ ਹਰਪ੍ਰੀਤ ਸਿੰਘ ਕਿਸੇ ਵੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਉਨ੍ਹਾਂ ਦੀ ਥਾਂ ਹੁਣ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਸੇਵਾ ਨਿਭਾਉਣਗੇ। ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਉਨ੍ਹਾਂ ਦੇ ਇਕ ਰਿਸ਼ਤੇਦਾਰ ਵੱਲੋਂ ਸ਼ਿਕਾਇਤ ਕੀਤੀ ਗਈ ਸੀ। ਇਸ ਸ਼ਿਕਾਇਤ ਉਤੇ ਕਾਰਵਾਈ ਕਰਦੇ ਹੋਏ ਐਸਜੀਪੀਸੀ ਨੇ ਇਹ ਫੈਸਲਾ ਲਿਆ ਹੈ। ਗਿਆਨੀ ਹਰਪ੍ਰੀਤ ਸਿੰਘ ਹੁਣ ਉਦੋਂ ਤੱਕ ਮੀਟਿੰਗ ਵਿੱਚ ਹਿੱਸਾ ਨਹੀਂ ਲੈਣਗੇ, ਜਦੋਂ ਤੱਕ ਜਾਂਚ ਪੂਰੀ ਨਹੀਂ ਹੁੰਦੀ।ਇੱਕਤਰਤਾ ਵਿੱਚ ਹਾਜ਼ਰ ਮੈਂਬਰ ਸਾਹਿਬਾਨ ਦੀ ਰਾਏ ਤੋਂ ਬਾਅਦ ਪ੍ਰਵਾਨ ਹੋਇਆ ਕਿ ਸਿੰਘ ਸਾਹਿਬ ਦੇ ਅਹੁਦੇ ਦੇ ਮਾਣ-ਸਨਮਾਨ ਨੂੰ ਮੁੱਖ ਰੱਖਦਿਆਂ ਲੱਗੇ ਇਲਜ਼ਾਮਾਂ ਦੀ ਪੜਤਾਲ ਬਹੁਤ ਜਰੂਰੀ ਹੈ।
ਇਕੱਤਰਤਾ ਦੌਰਾਨ ਪਾਸ ਕੀਤੇ ਮਤੇ ਰਾਹੀਂ ਪੜਤਾਲ ਵਾਸਤੇ ਇੱਕ ਸਬ ਕਮੇਟੀ ਦਾ ਗਠਿਨ ਕੀਤਾ ਗਿਆ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਅਤੇ ਅੰਤ੍ਰਿਗ ਮੈਂਬਰ ਸ. ਦਲਜੀਤ ਸਿੰਘ ਭਿੰਡਰ ਨੂੰ ਸ਼ਾਮਲ ਕੀਤਾ ਗਿਆ। ਇਹ ਸਬ ਕਮੇਟੀ ਮੁਕੰਮਲ ਪੜਤਾਲ ਕਰਕੇ 15 ਦਿਨਾਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ।
ਅੰਤ੍ਰਿੰਗ ਕਮੇਟੀ ਵਿੱਚ ਇਹ ਵੀ ਫੈਸਲਾ ਹੋਇਆ ਕਿ ਪੜਤਾਲ ਦੀ ਰਿਪੋਰਟ ’ਤੇ ਫੈਸਲੇ ਤੀਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਤਖ਼ਤ ਸਾਹਿਬ ਦੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਨਿਭਾਉਣਗੇ।
ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਦਲਜੀਤ ਸਿੰਘ ਭਿੰਡਰ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਣ, ਸ. ਪਰਮਜੀਤ ਸਿੰਘ ਰਾਏਪੁਰ, ਸਕੱਤਰ ਸ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ ਸਿੰਘ, ਇੰਚਾਰਜ ਸ. ਆਜ਼ਾਦਦੀਪ ਸਿੰਘ ਆਦਿ ਹਾਜ਼ਰ ਸਨ।