ਚੰਡੀਗੜ੍ਹ, 20 ਦਸੰਬਰ, 2024, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੱਕ ਵਫ਼ਦ ਨੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੰਤਰੀ ਮੰਡਲ ਤੋਂ ਤੁਰੰਤ ਹਟਾਉਣ ਦੀ ਮੰਗ ਕਰਦਿਆਂ ਮੰਗ ਪੱਤਰ ਸੌਂਪਿਆ। ਇਹ ਮੰਗ ਪੱਤਰ ਸ਼ਾਹ ਵੱਲੋਂ ਡਾ. ਬੀ.ਆਰ. ਅੰਬੇਡਕਰ ਵਿਰੁੱਧ ਅਪਮਾਨਜਨਕ ਟਿੱਪਣੀਆਂ ਦੇ ਜਵਾਬ ਵਿੱਚ ਸੌਂਪਿਆ। ‘ਆਪ’ ਨੇ ਸੰਵਿਧਾਨ ਦੇ ਨਿਰਮਾਤਾ ‘ਤੇ ਹਮਲਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨਾਲ ਵਿਸ਼ਵਾਸਘਾਤ ਵਜੋਂ ਅਮਿਤ ਸ਼ਾਹ ਦੀ ਸਖ਼ਤ ਨਿੰਦਾ ਕੀਤੀ ਹੈ।
ਅਮਨ ਅਰੋੜਾ ਦੇ ਨਾਲ ਵਫ਼ਦ ਵਿੱਚ ਮੰਤਰੀ ਹਰਜੋਤ ਸਿੰਘ ਬੈਂਸ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਕੁਲਵੰਤ ਸਿੰਘ, ‘ਆਪ’ ਆਗੂ ਡਾਕਟਰ ਸੰਨੀ ਆਹਲੂਵਾਲੀਆ, ਗੁਰਪ੍ਰੀਤ ਸਿੰਘ ਜੀਪੀ ਅਤੇ ਪਰਮਿੰਦਰ ਗੋਲਡੀ ਸ਼ਾਮਲ ਸਨ।
ਰਾਜਪਾਲ ਨੂੰ ਮੰਗ ਪੱਤਰ ਸੋਪਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਡੂੰਘੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਅਸਵੀਕਾਰਨਯੋਗ ਹੈ ਕਿ ਗ੍ਰਹਿ ਮੰਤਰੀ ਵਰਗੇ ਉੱਚ ਸੰਵਿਧਾਨਕ ਅਹੁਦੇ ‘ਤੇ ਕਾਬਜ਼ ਕੋਈ ਵਿਅਕਤੀ ਭਾਰਤੀ ਇਤਿਹਾਸ ਦੀ ਇੱਕ ਮਹਾਨ ਹਸਤੀ ਅਤੇ ਸਾਡੇ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਬਾਰੇ ਇਸ ਤਰ੍ਹਾਂ ਦੀਆਂ ਅਪਮਾਨਜਨਕ ਟਿੱਪਣੀਆਂ ਕਰੇ। ਉਨ੍ਹਾਂ ਕਿਹਾ ਕਿ ਅੰਬੇਡਕਰ ਭਾਰਤੀ ਇਤਿਹਾਸ ਦੀ ਮਹਾਨ ਸ਼ਖ਼ਸੀਅਤ ਅਤੇ ਸਾਡੇ ਸੰਵਿਧਾਨ ਦੇ ਮੁੱਖ ਨਿਰਮਾਤਾ ਹਨ। ਇਸ ਨਾਲ ਪੰਜਾਬ ਦੇ ਲੋਕਾਂ ਸਮੇਤ ਸਾਰੇ ਭਾਰਤੀਆਂ ਵਿੱਚ ਭਾਰੀ ਰੋਸ ਹੈ। ਇਹ ਭਾਜਪਾ ਸਰਕਾਰ ਦੀ ਸੰਵਿਧਾਨਕ ਕਦਰਾਂ-ਕੀਮਤਾਂ ਪ੍ਰਤੀ ਸੋਚ ਨੂੰ ਦਰਸਾਉਂਦਾ ਹੈ।
ਅਰੋੜਾ ਨੇ ਕਿਹਾ ਕਿ ਸੰਵਿਧਾਨ ਦਾ ਮਸੌਦਾ ਭਾਰਤੀ ਲੋਕਤੰਤਰ ਦੀ ਨੀਂਹ ਹੈ, ਜੋ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਮੁੱਖ ਮੰਤਰੀਆਂ ਅਤੇ ਰਾਜਪਾਲਾਂ ਸਮੇਤ ਸਾਰੇ ਨੇਤਾਵਾਂ ਨੂੰ ਸੰਵਿਧਾਨਕ ਅਹੁਦਿਆਂ ‘ਤੇ ਰਹਿਣ ਦੇ ਯੋਗ ਬਣਾਉਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਅਮਿਤ ਸ਼ਾਹ ਨੂੰ ਉਨ੍ਹਾਂ ਦੀ ‘ ਘਟੀਆ ਸ਼ਬਦਾਵਲੀ ਅਤੇ ਅਪਮਾਨਜਨਕ ਟਿੱਪਣੀ ਲਈ ਕੇਂਦਰੀ ਮੰਤਰੀ ਮੰਡਲ ਤੋਂ ਤੁਰੰਤ ਹਟਾਇਆ ਜਾਵੇ। ਰਾਜਪਾਲ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਮੰਗ ਪੱਤਰ ਭਾਰਤ ਦੇ ਰਾਸ਼ਟਰਪਤੀ ਨੂੰ ਭੇਜ ਦਿੱਤਾ ਜਾਵੇਗਾ।
ਅਰੋੜਾ ਨੇ ਕਿਹਾ ਕਿ ਅਮਿਤ ਸ਼ਾਹ ਦੀਆਂ ਟਿੱਪਣੀਆਂ ਵਿਰੁੱਧ ‘ਆਪ’ ਵਰਕਰਾਂ ਅਤੇ ਨੇਤਾਵਾਂ ਵੱਲੋਂ ਪੰਜਾਬ ਭਰ ਦੇ ਜ਼ਿਲ੍ਹਾ ਹੈਡਕੁਆਰਟਰਾਂ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜੋ ਕਿ ਲੋਕਾਂ ਵਿੱਚ ਵਿਆਪਕ ਗ਼ੁੱਸੇ ਅਤੇ ਰੋਸ ਨੂੰ ਦਰਸਾਉਂਦਾ ਹੈ।
‘ਆਪ’ ਵਫ਼ਦ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ ਮੁੱਦਾ ਵੀ ਉਠਾਇਆ, ਜੋ ਪਿਛਲੇ 24 ਦਿਨਾਂ ਤੋਂ ਅਣਮਿਥੇ ਸਮੇਂ ਲਈ ਮਰਨ ਵਰਤ ‘ਤੇ ਹਨ। ਅਰੋੜਾ ਨੇ ਰਾਜਪਾਲ ਨੂੰ ਦਖ਼ਲ ਦੇਣ ਅਤੇ ਕੇਂਦਰ ਸਰਕਾਰ ‘ਤੇ ਪੰਜਾਬ ਦੇ ਕਿਸਾਨਾਂ ਅਤੇ ਉਨ੍ਹਾਂ ਦੀਆਂ ਜਥੇਬੰਦੀਆਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਲਈ ਦਬਾਅ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ, ਜਿਨ੍ਹਾਂ ਦਾ ਕੇਂਦਰ ਨੇ ਪਹਿਲਾਂ ਵਾਅਦਾ ਕੀਤਾ ਸੀ, ਨੂੰ ਬਿਨਾਂ ਕਿਸੇ ਦੇਰੀ ਤੋਂ ਪੂਰਾ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ। ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨਾ ਅਤੇ ਪਿਛਲੇ ਵਾਅਦਿਆਂ ਨੂੰ ਤੋੜਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੇ ਮਸਲੇ ਹੱਲ ਕਰਨ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਰਾਖੀ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
‘ਆਪ’ ਸੰਸਦ ਮੈਂਬਰਾਂ ਨੇ ਕਿਸਾਨਾਂ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ ‘ਚ ਸੰਸਦ ਦੇ ਬਾਹਰ ਕੀਤਾ ਪ੍ਰਦਰਸ਼ਨ
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਮੁੱਦਿਆਂ ‘ਤੇ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕਰਦੇ ਹੋਏ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ‘ਆਪ’ ਆਗੂਆਂ ਨੇ 24 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦੀ ਨਾਕਾਮੀ ਦੀ ਆਲੋਚਨਾ ਕੀਤੀ।
ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣ ਦੀ ਅਪੀਲ ਕੀਤੀ। ਚੱਢਾ ਨੇ ਕਿਹਾ ਕਿ ਦੇਸ਼ ਦੇ ਕਿਸਾਨ ਆਪਣੇ ਬੁਨਿਆਦੀ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਜਦਕਿ ਸਰਕਾਰ ਅੜੀ ਹੋਈ ਹੈ। ਡੱਲੇਵਾਲ ਦੀ ਵਿਗੜਦੀ ਹਾਲਤ ਕੇਂਦਰ ਸਰਕਾਰ ਦੀ ਕਿਸਾਨੀ ਪ੍ਰਤੀ ਉਦਾਸੀਨਤਾ ਨੂੰ ਉਜਾਗਰ ਕਰਦੀ ਹੈ।
‘ਆਪ’ ਸੰਸਦ ਮੈਂਬਰ ਸੰਦੀਪ ਪਾਠਕ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਜਾਣਬੁੱਝ ਕੇ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਪੰਜਾਬ ਦੇ ਕਿਸਾਨਾਂ ਪ੍ਰਤੀ ਦੁਸ਼ਮਣੀ ਨੂੰ ਦਰਸਾਉਂਦੀਆਂ ਹਨ। ਸੂਬੇ ਦੇ ਕਿਸਾਨ ਆਪਣੇ ਹੱਕਾਂ ਲਈ ਲੜ ਰਹੇ ਹਨ। ਕੇਂਦਰ ਆਪਣੀ ਦੁਸ਼ਮਣੀ ਬੰਦ ਕਰੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰੇ। ‘ਆਪ’ ਦੇ ਸਮੂਹ ਆਗੂਆਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਪ੍ਰਤੀ ਆਪਣਾ ਦੁਸ਼ਮਣੀ ਭਰਿਆ ਵਤੀਰਾ ਬੰਦ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਅਪੀਲ ਕੀਤੀ।