ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿੱਕ ਬਿਓਰੋ :
ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਉਤੇ ਗੋਲੀਆਂ ਚਲਾਉਣ ਵਾਲੇ ਨੂੰ ਫੜ੍ਹਨ ਵਾਲੇ ਪੁਲਿਸ ਦੇ ਏਐਸਆਈ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਤ ਕਰਨ ਦੀ ਮੰਗ ਉਠਣ ਲੱਗੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਏਐਸਆਈ ਜਸਬੀਰ ਸਿੰਘ ਅਤੇ ਏਐਸਆਈ ਹੀਰਾ ਸਿੰਘ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਦੇਣ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਹਾ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ ASI ਜਸਬੀਰ ਸਿੰਘ ਅਤੇ ASI ਹੀਰਾ ਸਿੰਘ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ ਦੀ ਮੰਗ ਦੀ ਹਮਾਇਤ ਕਰਦਾ ਹੈ ਕਿਉਂਕਿ 4 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਦੋਨਾਂ ਬਹਾਦਰ ਪੁਲਿਸ ਜਵਾਨਾਂ ਨੇ ਆਪਣੀ ਜਾਨ ਦੀ ਬਾਜ਼ੀ ਲਗਾ ਸੁਖਬੀਰ ਸਿਘ ਬਾਦਲ ਦੀ ਜਾਨ ਬਚਾਈ।
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਇਸ ਘਟਨਾ ਦੀ ਉੱਚ ਪੱਧਰੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਕੇਂਦਰੀ ਗ੍ਰਹਿ ਮੰਤਰੀ ਨੂੰ ਦੋਵੇਂ ਬੇਨਤੀਆਂ ਪ੍ਰਵਾਨ ਕਰਨ ਦੀ ਅਪੀਲ ਕਰਦਾ ਹੈ।
ਜ਼ਿਕਰਯੋਗ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਗਈ ਤਨਖਾਹ ਦੇ ਵਜੋਂ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸਨ ਤਾਂ ਉਸ ਸਮੇਂ ਉਨ੍ਹਾਂ ਉਤੇ ਗੋਲੀ ਚਲਾਈ ਗਈ ਸੀ। ਗੋਲੀ ਚਲਾਉਣ ਵਾਲੇ ਨੂੰ ਸੁਰੱਖਿਆ ਵਿੱਚ ਤੈਨਾਤ ਏਐਸਆਈ ਜਸਬੀਰ ਸਿੰਘ ਅਤੇ ਏਐਸਆਈ ਹੀਰਾ ਸਿੰਘ ਨੇ ਕਾਬੂ ਕਰ ਲਿਆ ਸੀ।