ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਸੰਘਰਸ਼: ਜੌਨੀ ਸਿੰਗਲਾ
ਦਲਜੀਤ ਕੌਰ
ਸੰਗਰੂਰ, 23 ਦਸੰਬਰ, 2024: ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਫੈਸਲਾਕੁੰਨ ਮੋੜ ‘ਤੇ ਪਹੁੰਚ ਗਿਆ ਹੈ। 114 ਦਿਨਾਂ ਦੀ ਭੁੱਖ ਹੜਤਾਲ ਤੋਂ ਬਾਅਦ ਕੱਲ ਕੰਪਿਊਟਰ ਟੀਚਰਜ਼ ਭੁੱਖ ਹੜਤਾਲ ਸੰਘਰਸ਼ ਕਮੇਟੀ ਪੰਜਾਬ ਦੇ ਮੈਂਬਰ ਜੌਨੀ ਸਿੰਗਲਾ ਨੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਦੀ ਹਾਜ਼ਰੀ ਵਿੱਚ ਸੰਗਰੂਰ ਵਿੱਚ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ।
ਇਸ ਮੌਕੇ ਕਮੇਟੀ ਆਗੂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਕੁਮਾਰ ਮਲੂਕਾ, ਰਜਵੰਤ ਕੌਰ, ਰਣਜੀਤ ਸਿੰਘ, ਲਖਵਿੰਦਰ ਸਿੰਘ, ਗੁਰਬਖਸ਼ ਲਾਲ, ਜਸਪਾਲ, ਊਧਮ ਸਿੰਘ ਡੋਗਰਾ, ਬਵਲੀਨ ਬੇਦੀ, ਸੁਮੀਤ ਗੋਇਲ, ਡਾ: ਰਜਨੀ, ਧਰਮਿੰਦਰ ਸਿੰਘ, ਨਰਿੰਦਰ ਕੁਮਾਰ, ਰਾਕੇਸ਼ ਸੈਣੀ, ਸੁਸ਼ੀਲ ਅੰਗੁਰਾਲ, ਪ੍ਰਿਅੰਕਾ ਬਿਸ਼ਟ, ਮਨਜੀਤ ਕੌਰ, ਕਰਮਜੀਤ ਪੁਰੀ, ਗਗਨਦੀਪ ਸਿੰਘ, ਜਸਵਿੰਦਰ ਸਿੰਘ (ਲੁਧਿਆਣਾ), ਨਰਦੀਪ ਸ਼ਰਮਾ (ਸੰਗਰੂਰ), ਨਾਇਬ ਸਿੰਘ ਬੁੱਕਣਵਾਲ, ਨਵਜੋਤ ਸਿੰਘ ਅਤੇ ਹਰਪ੍ਰੀਤ ਸਾਹਨੇਵਾਲ ਨੇ ਦੁਹਰਾਇਆ ਕਿ ਕੰਪਿਊਟਰ ਅਧਿਆਪਕਾਂ ਦੇ ਸਾਰੇ ਹੱਕ ਬਹਾਲ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੀ ਸਮੁੱਚੀ ਟੀਮ 24 ਘੰਟੇ ਮਰਨ ਵਰਤ ਵਾਲੀ ਥਾਂ ‘ਤੇ ਮੌਜੂਦ ਰਹੇਗੀ। ਇਸ ਅੰਦੋਲਨ ਨੂੰ ਹੋਰ ਅਧਿਆਪਕ, ਮੁਲਾਜ਼ਮ ਅਤੇ ਕਿਸਾਨ ਜਥੇਬੰਦੀਆਂ ਦਾ ਵੀ ਸਮਰਥਨ ਮਿਲ ਰਿਹਾ ਹੈ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਮੌਕੇ ’ਤੇ ਪਹੁੰਚ ਕੇ ਇਕਜੁਟਤਾ ਦਾ ਪ੍ਰਗਟਾਵਾ ਕੀਤਾ।
ਸਰਕਾਰ ਦੀ ਉਦਾਸੀਨਤਾ ‘ਤੇ ਸਵਾਲ
ਕੰਪਿਊਟਰ ਅਧਿਆਪਕਾਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਚਾਰ ਦਰਜਨ ਮੀਟਿੰਗਾਂ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ’ਤੇ ਕੋਈ ਠੋਸ ਕਾਰਵਾਈ ਨਹੀਂ ਹੋਈ। ਤਿੰਨ ਸਾਲ ਪਹਿਲਾਂ ਸਿੱਖਿਆ ਮੰਤਰੀ ਨੇ ਦੀਵਾਲੀ ਮੌਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਵਾਅਦਾ ਕੀਤਾ ਸੀ, ਜੋ ਅੱਜ ਤੱਕ ਪੂਰਾ ਨਹੀਂ ਹੋਇਆ। ਅੰਦੋਲਨਕਾਰੀ ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕਈ ਰਾਤਾਂ ਕੱਟੀਆਂ, ਪਰ ਸਰਕਾਰ ਦੀ ਬੇਰੁਖ਼ੀ ਨੇ ਉਨ੍ਹਾਂ ਨੂੰ ਇਹ ਸਖ਼ਤ ਕਦਮ ਚੁੱਕਣ ਲਈ ਮਜਬੂਰ ਕੀਤਾ।
ਇਨ੍ਹਾਂ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ ਸੰਘਰਸ਼
ਕੰਪਿਊਟਰ ਅਧਿਆਪਕਾਂ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ। ਉਹ ਚਾਹੁੰਦੇ ਹਨ ਕਿ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਹਾਲ ਕੀਤੇ ਜਾਣ, ਉਨ੍ਹਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਲਾਭ ਦਿੱਤੇ ਜਾਣ ਅਤੇ ਉਨ੍ਹਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ। ਅਧਿਆਪਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਵਿਰੁੱਧ ਅਗਲੇ ਕਿਸੇ ਵੀ ਸੰਘਰਸ਼ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਸੰਘਰਸ਼ ਨੂੰ ਮਿਲ ਰਿਹਾ ਭਰਵਾਂ ਸਮਰਥਨ
ਮਰਨ ਵਰਤ ਦੇ ਪਹਿਲੇ ਦਿਨ ਹੀ ਵੱਡੀ ਗਿਣਤੀ ਵਿੱਚ ਅਧਿਆਪਕ, ਕਿਸਾਨ ਅਤੇ ਹੋਰ ਜਥੇਬੰਦੀਆਂ ਦੇ ਮੈਂਬਰ ਇੱਕਜੁੱਟ ਹੋ ਗਏ। ਕਮੇਟੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਵਿੱਚੋਂ ਅਧਿਆਪਕਾਂ ਅਤੇ ਹੋਰ ਜਥੇਬੰਦੀਆਂ ਦਾ ਸਮਰਥਨ ਵਧੇਗਾ। ਅੱਜ ਮਰਨ ਵਰਤ ਸ਼ੁਰੂ ਕਰਨ ਮੌਕੇ ਭਰਾਤਰੀ ਜਥੇਬੰਦੀਆਂ ‘ਚ ਡੀਟੀਐੱਫ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਅਮਨ ਵਿਸ਼ਿਸ਼ਟ ਜ਼ਿਲ੍ਹਾ ਆਗੂ ਕਮਲਜੀਤ ਸਿੰਘ ਬਨਭੌਰਾ, ਸੁਖਬੀਰ ਖਨੌਰੀ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ, ਬੱਗਾ ਸਿੰਘ, ਐੱਸ ਸੀ ਬੀਸੀ ਅਧਿਆਪਕ ਯੂਨੀਅਨ ਦੇ ਕ੍ਰਿਸ਼ਨ ਸਿੰਘ ਦੁੱਗਾਂ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਬਿੱਕਰ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਹਾਜ਼ਰ ਸਨ
Published on: ਦਸੰਬਰ 23, 2024 1:25 ਬਾਃ ਦੁਃ