ਦਸੰਬਰ ਮਹੀਨੇ ਦੇ ਆਖਰੀ 15 ਦਿਨ ਪੰਜਾਬ ਦੇ ਇਤਿਹਾਸ ਵਿੱਚ ਵੱਡਾ ਥਾਂ ਰੱਖਦੇ ਹਨ। ਇਨ੍ਹੀ ਦਿਨੀ ਸ੍ਰੀ ਗੁਰੂ ਗੋਬਿੰਦ ਜੀ ਦੇ ਚਾਰ ਸਾਹਿਬਜਾਦੇ ਤੇ ਮਾਤਾ ਗੁਜਰੀ ਆਨੰਦਪੁਰ ਛੱਡਣ ਤੋਂ ਬਾਅਦ ਸ਼ਹੀਦ ਹੋ ਗਏ ਸਨ। ਇਨ੍ਹਾਂ ਦਿਨਾਂ ਨੂੰ ਯਾਦ ਕਰਦਿਆਂ ਜਿੱਥੇ ਦੁੱਖ ਹੁੰਦਾ ਹੈ, ਉੱਥੇ ਦੂਜੇ ਪਾਸੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਹੱਕ ਸੱਚ ਲਈ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
8 ਪੋਹ (21 ਦਸੰਬਰ) ਅਤੇ 13 ਪੋਹ (26 ਦਸੰਬਰ) ਸੰਮਤ 1762 ਸੰਨ 1705 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਸਾਕਾ ਚਮਕੌਰ ਸਾਹਿਬ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (9ਸਾਲ) ਅਤੇ ਬਾਬਾ ਫ਼ਤਹਿ ਸਿੰਘ (7ਸਾਲ) ਸੂਬਾ ਸਰਹਿੰਦ ਵੱਲੋਂ ਕੰਧਾਂ ਵਿੱਚ ਚਿਣ ਕੇ ਸ਼ਹੀਦ ਕਰ ਦਿੱਤੇ ਗਏ।
ਜਦੋਂ ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡ ਕੇ ਗੁਰੂ ਜੀ ਪਰਿਵਾਰ ਨਾਲ ਚੱਲੇ ਤਾਂ ਸਿਰਸਾ ਨਦੀ ‘ਚ ਆਏ ਹੜ ਕਾਰਨ ਵਿਛੋੜਾ ਪੈ ਗਿਆ। ਇਸ ਤੋਂ ਬਾਅਦ ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦੇ ਗੁਰੂ ਜੀ ਤੋਂ ਵੱਖ ਹੋ ਗਏ। ਮਾਤਾ ਗੁਜਰੀ ਜੀ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਨਾਲ ਲੈ ਕੇ ਚਲ ਰਹੇ ਸਨ ਤਾਂ ਰਸਤੇ ਵਿੱਚ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਵਿਖੇ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਕੋਤਵਾਲ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਕੋਤਵਾਲ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1705 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ ‘ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾਵਾਂ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰੇ ਭਰਾ ਜੰਗ ਵਿੱਚ ਮਾਰੇ ਗਿਏ ਸੀ,ਮੈਂ ਇਹਨਾਂ ਸ਼ੀਰ-ਖੋਰਾਂ (ਦੁੱਧ ਪੀਂਦੇ ਬੱਚਿਆਂ) ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ।
ਸਰਦੀਆਂ ਦੀ ਰੁੱਤ ਵਿੱਚ ਠੰਡੇ ਬੁਰਜ ਦੀ ਕੈਦ ਦੌਰਾਨ ,ਵਜ਼ੀਰ ਖਾਨ ਦੇ ਹੁਕਮ ਦੀ ਪ੍ਰਵਾਹ ਨਾ ਕਰਦੇ ਹੋਏ ਇੱਕ ਸ਼ਰਧਾਵਾਨ ਸਰਹੰਦ ਨਿਵਾਸੀ ਮੋਤੀਰਾਮ ਮਹਿਰਾ ਮਾਤਾ ਜੀ ਤੇ ਸਾਹਿਬਜ਼ਾਦਿਆਂ ਨੂੰ ਗਰਮ ਦੁੱਧ ਪੁਹੰਚਾ ਕੇ ਸਹਾਇਤਾ ਕਰਦਾ ਰਿਹਾ। ਇਸ ਦੇ ਬਦਲੇ ਉਸ ਦੇ ਸਾਰੇ ਪਰਿਵਾਰ ਨੂੰ ਵਜ਼ੀਰ ਖਾਨ ਨੇ ਕੋਹਲੂ ਵਿੱਚ ਪੀੜ ਕੇ ਮੌਤ ਦੀ ਸਜ਼ਾ ਦਿੱਤੀ।
ਕਾਜ਼ੀ ਅਤੇ ਸ਼ੇਰ ਖਾਨ ਦੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਹਨਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ ਜਾ ਸਕੇ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ।ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ।
ਸਾਹਿਬਜ਼ਾਦਿਆਂ ਦੀ ਸ਼ਹੀਦੀ ਮਹਿਜ਼ ਸ਼ਹੀਦੀ ਨਹੀਂ ਸਗੋਂ ਇਸ ਤੋਂ ਵੀ ਬਹੁਤ ਵੱਧ ਸੀ। ਉਹਨਾਂ ਨੂੰ ਮਾਨਸਿਕ ਤੌਰ ‘ਤੇ ਭਰਮਾਉਣ ਦਾ ਯਤਨ ਕੀਤਾ ਗਿਆ ਸੀ। ਕਈ ਵਾਰ ਮੌਤ ਦੇ ਭੈ ਵਿੱਚੋਂ ਲੰਘਾਇਆ ਗਿਆ ਸੀ ਪਰ ਉਹ ਅਡੋਲ ਰਹੇ ਤੇ ਦਾਦਾ ਦੇ ਦੱਸੇ ਰਾਹ ‘ਤੇ ਸ਼ਹੀਦੀ ਪਾ ਗਏ।