ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ
ਬਠਿੰਡਾ, 26 ਦਸੰਬਰ : ਦੇਸ਼ ਕਲਿੱਕ ਬਿਓਰੋ
ਵਿੱਦਿਆ ਮਨੁੱਖ ਦਾ ਤੀਜਾ ਨੇਤਰ ਹੈ। ਚੰਗੀ ਪੜ੍ਹਾਈ ਕਰਨ ਦੇ ਨਾਲ ਹੀ ਵਿਦਿਆਰਥੀ ਸਮਾਜ ਵਿੱਚ ਇੱਕ ਚੰਗਾ ਰੁਤਬਾ ਹਾਸਲ ਕਰ ਸਕਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ 31 ਦਸੰਬਰ 2024 ਤੱਕ ਚੱਲਣ ਵਾਲੇ ਪ੍ਰੋਜੈਕਟ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਸ ਵਿੰਟਰ ਕੈਂਪ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ ਤੇ ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਾਪੇ ਅਧਿਆਪਕ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਹੀ ਇੱਕ ਅਜਿਹਾ ਮਾਧਿਅਮ ਹੈ ਜਿਸ ਰਾਹੀਂ ਵਿਦਿਆਰਥੀ ਪੜ੍ਹ-ਲਿਖ ਕੇ ਹੀ ਅਮੀਰੀ-ਗਰੀਬੀ ਅਤੇ ਊਚ-ਨੀਚ ਦੇ ਮਤਭੇਦ ਨੂੰ ਦੂਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਪੜ੍ਹਾਈ ਦੀ ਸਹੀ ਦਿਸ਼ਾ ਮਿਲ ਜਾਵੇ ਤਾਂ ਉਹ ਕਿਸੇ ਵੀ ਔਖੀ ਤੋਂ ਔਖੀ ਮੰਜ਼ਿਲ ਨੂੰ ਹਾਸਲ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਪੜ੍ਹਾਈ ਜ਼ਰੂਰ ਕਰਵਾਉਣ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਕੂਲਾਂ ਵਿੱਚ ਜਾ ਕੇ ਅਧਿਆਪਕਾਂ ਕੋਲੋ ਆਪਣੇ ਬੱਚਿਆਂ ਵਲੋਂ ਕੀਤੀ ਜਾ ਰਹੀ ਪੜ੍ਹਾਈ ਦੀ ਸਮੀਖਿਆ ਜ਼ਰੂਰ ਕਰਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਵਿਦਿਆਰਥੀਆਂ ਦੀ ਬੌਧਿਕ ਗਿਆਨ ਦੇ ਨਾਲ-ਨਾਲ ਉਨ੍ਹਾਂ ਦੇ ਭਵਿੱਖ ਨੂੰ ਰੁਸ਼ਨਾਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਵਿੰਟਰ ਕੈਂਪ ਵਿੱਚ ਜੇ.ਈ.ਈ ਅਤੇ ਨੀਟ ਦੇ ਕੈਂਪ ਵਿੱਚ ਸੂਬੇ ਭਰ ਦੇ 118 ਸਕੂਲ ਆਫ ਐਮੀਨੈਂਸ ਅਤੇ 10 ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਕੂਲਾਂ ਦੇ ਕੁੱਲ 602 ਵਿਦਿਆਰਥੀ ਇਸ ਕੈਂਪ ਵਿੱਚ ਜੇ.ਈ.ਈ ਅਤੇ ਨੀਟ ਦੀ ਪ੍ਰੀਖਿਆ ਲਈ ਵਿਸ਼ੇਸ਼ ਕੋਚਿੰਗ ਵਿੱਚ ਭਾਗ ਲੈ ਰਹੇ ਹਨ। ਇਸ ਮੌਕੇ ਉਨ੍ਹਾਂ ਜੇ.ਈ.ਈ ਅਤੇ ਨੀਟ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਸਮੱਸਿਆਵਾਂ ਦਰਪੇਸ਼ ਆਉਂਦੀ ਹੈ ਤਾਂ ਉਹ ਕਿਸੇ ਵੀ ਸਮੇਂ ਉਨ੍ਹਾਂ ਦੇ ਦਫਤਰ ਵਿਖੇ ਆ ਕੇ ਮਿਲ ਸਕਦੇ ਹਨ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੇ ਕਲਾਸ ਰੂਮਾਂ ਵਿੱਚ ਜਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਕਾਮਯਾਬ ਹੋਣ ਲਈ ਸਖਤ ਮਿਹਨਤ ਕਰਨੀ ਅਤਿ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਅਸਲ ਕੁੰਜੀ ਹੈ।
ਇਸ ਦੌਰਾਨ ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਵਿੱਚ ਵਿਦਿਆਰਥੀਆਂ ਦੇ ਲਈ ਜੇ.ਈ.ਈ ਤੇ ਨੀਟ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਪਿੱਛੇ ਨਾ ਰਹਿਣ ਵਾਲੇ ਵਿਦਿਆਰਥੀਆਂ ਨੂੰ ਅੱਗੇ ਲਿਆਉਣ ਲਈ ਸਿੱਖਿਆ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪ੍ਰੋਜੈਕਟ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਸ ਕੈਂਪ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਵਿਦਿਆਰਥੀਆਂ ਨੂੰ ਵਿਦਿਆ ਮੰਦਰ ਕਲਾਸਜ ਨਵੀਂ ਦਿੱਲੀ ਤੇ ਅਵੰਤੀ ਫੈਲੋਜ ਨਵੀਂ ਦਿੱਲੀ ਦੇ ਮਿਹਨਤੀ ਸਟਾਫ ਵਲੋਂ ਵਿਦਿਆਰਥੀਆਂ ਨੂੰ ਜੇ.ਈ.ਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਨੂੰ ਪਾਸ ਕਰਨ ਲਈ ਤਿਆਰੀ ਕਰਵਾਈ ਜਾ ਰਹੀ ਹੈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕਡਰੀ) ਸ੍ਰੀ ਸ਼ਿਵਪਾਲ ਗੋਇਲ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕਡਰੀ) ਸ .ਸਿਕੰਦਰ ਸਿੰਘ ਬਰਾੜ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ਼੍ਰੀਮਤੀ ਮਨਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ੍ਰੀ ਮਹਿੰਦਰ ਪਾਲ, ਮੀਡੀਆ ਟੀਮ ਲੈਕਚਰਾਰ ਹਰਮੰਦਰ ਸਿੰਘ, ਬਲਵੀਰ ਸਿੰਘ ਕਮਾਂਡੋ, ਪ੍ਰਿੰਸੀਪਲ ਕਰਮਜੀਤ ਸਿੰਘ, ਦਵਿੰਦਰ ਕੁਮਾਰ, ਨਿਸ਼ਾ ਬਾਂਸਲ, ਦਵਿੰਦਰ ਕੁਮਾਰ, ਮੁੱਖ ਅਧਿਆਪਕ ਗੁਰਪ੍ਰੀਤ ਕੌਰ, ਗੁਰਸੇਵਕ ਸਿੰਘ ਐਸਓ, ਰਿਟਾਇਰਡ ਜ਼ਿਲ੍ਹਾ ਸਾਇੰਸ ਸੁਪਰਵਾਈਜਰ ਸ਼੍ਰੀ ਹਰਚਰਨ ਸਿੰਘ, ਮੋਹਾਲੀ ਮੁੱਖ ਦਫਤਰ ਤੋਂ ਭੋਮੀ, ਨੀਤਿਕਾ ਤੋਂ ਇਲਾਵਾ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਅਤੇ ਮੈਰੀਟੋਰੀਅਸ ਸਕੂਲ ਦਾ ਸਮੂਹ ਸਟਾਫ ਆਦਿ ਹਾਜ਼ਰ ਸੀ।