ਪੰਜਾਬ ਸਰਕਾਰ ਨੂੰ ਨੋਟਿਸ ਜਾਰੀ, ਭਲਕੇ ਰਿਪੋਰਟ ਦਾਖ਼ਲ ਕਰਨ ਲਈ ਕਿਹਾ
ਚੰਡੀਗੜ੍ਹ, 27 ਦਸੰਬਰ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ਨੇ 32 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅੱਜ ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਡੱਲੇਵਾਲ ਦੀ ਸਿਹਤ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ।
ਅਦਾਲਤ ਨੇ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਡੱਲੇਵਾਲ ਨੂੰ ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਦਿੱਤੇ।
ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਵੈਕੇਸ਼ਨ ਬੈਂਚ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਜੇਕਰ ਉੱਥੇ ਅਮਨ-ਕਾਨੂੰਨ ਦੀ ਕੋਈ ਸਥਿਤੀ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ। ਕਿਸੇ ਦੀ ਜਾਨ ਦਾਅ ‘ਤੇ ਹੈ, ਤੁਹਾਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਪਵੇਗਾ।
ਸਰਬ-ਉੱਚ ਅਦਾਲਤ ਨੇ ਕਿਹਾ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦਿੱਤੀ ਜਾਵੇ ਪਰ ਲੱਗਦਾ ਹੈ ਕਿ ਪੰਜਾਬ ਸਰਕਾਰ ਅਜਿਹਾ ਨਹੀਂ ਕਰ ਰਹੀ। ਅਦਾਲਤ ਨੇ ਪੰਜਾਬ ਸਰਕਾਰ ਨੂੰ ਭਲਕੇ ਸ਼ਨੀਵਾਰ ਨੂੰ ਪਾਲਣਾ ਰਿਪੋਰਟ ਦਾਖਲ ਕਰਨ ਲਈ ਕਿਹਾ ਹੈ। ਇਸ ‘ਤੇ ਭਲਕੇ ਮੁੜ ਸੁਣਵਾਈ ਹੋਵੇਗੀ।
ਸਿਖਰਲੀ ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਸ਼ਨੀਵਾਰ ਨੂੰ ਸੁਣਵਾਈ ਦੌਰਾਨ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਹਨ।