ਅਪਗ੍ਰੇਡ ਆਂਗਣਵਾੜੀ ਕੇਂਦਰਾਂ ਨੂੰ 31 ਜਨਵਰੀ 2025 ਤੱਕ ਪੂਰਾ ਕਰਨ ਦਾ ਟੀਚਾ
ਚੰਡੀਗੜ੍ਹ, 27 ਦਸੰਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਿਆ ਹੈ। ਮੰਤਰੀ ਨੇ ਦੱਸਿਆ ਕਿ ਨਵੇਂ ਕੇਂਦਰਾਂ ਦੀ ਉਸਾਰੀ ਕਰਨ ਤੋਂ ਇਲਾਵਾ ਪੰਜਾਬ ਸਰਕਾਰ ਸੂਬੇ ਭਰ ਵਿੱਚ ਮੌਜੂਦਾ 350 ਆਂਗਣਵਾੜੀ ਕੇਂਦਰਾਂ ਨੂੰ ਅਪਗ੍ਰੇਡ ਕਰ ਰਹੀ ਹੈ। ਅੱਪਗਰੇਡ ਕੀਤੇ ਗਏ ਕੇਂਦਰਾਂ ਵਿੱਚ ਲਾਭਪਾਤਰੀਆਂ ਲਈ ਬਿਹਤਰ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਬਿਹਤਰ ਸੁਵਿਧਾਵਾਂ ਸ਼ਾਮਲ ਕੀਤੀਆਂ ਜਾਣਗੀਆਂ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਤਹਿਤ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕੀਤਾ ਜਾਣਾ ਹੈ। ਉਹਨਾਂ ਦੱਸਿਆ ਕਿ ਹਰੇਕ ਆਂਗਣਵਾੜੀ ਕੇਂਦਰ ਨੂੰ 12 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਇਨ੍ਹਾਂ ਕੇਂਦਰਾਂ ਵਿੱਚ ਬੱਚਿਆਂ ਅਤੇ ਮਾਵਾਂ ਲਈ ਅਨੁਕੂਲ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਸਹੀ ਫਲੋਰਿੰਗ, ਪੇਂਟਿੰਗ, ਪਲੰਬਿੰਗ, ਬਿਜਲੀਕਰਨ ਅਤੇ ਲੱਕੜ ਦਾ ਕੰਮ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਦੇ ਅਪਗ੍ਰੇਡੇਸ਼ਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਸਰਕਾਰ ਦਾ ਟੀਚਾ 31 ਜਨਵਰੀ 2025 ਤੱਕ ਸਾਰੇ ਅਪਗ੍ਰੇਡ ਆਂਗਣਵਾੜੀ ਕੇਂਦਰਾਂ ਨੂੰ ਪੂਰਾ ਕਰਨ ਦਾ ਹੈ, ਜੋ ਕਿ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਆਪਣੀ ਵਚਨਬੱਧਤਾ ਦਰਸਾਉਂਦਾ ਹੈ।