ਚੰਡੀਗੜ੍ਹ, 27 ਦਸੰਬਰ , ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜਾਣਾ ਦੇਸ਼ ਲਈ ਵੱਡਾ ਘਾਟਾ ਹੈ। ਦੇਸ਼ ਵਾਸੀ ਉਨ੍ਹਾਂ ਨੂੰ ਹਮੇਸ਼ਾ ਯਾਦ ਰਖਣਗੇ।
ਮੁੱਖ ਮੰਤਰੀ ਨੇ ਕਿਹਾ ਕਿ 90 ਦੇ ਦਹਾਕੇ ਵਿੱਚ ਮਨਮੋਹਨ ਸਿੰਘ ਨੇ ਭਾਰਤ ਦੀ ਵਿਗੜ ਰਹੀ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਂਦਾ ਅਤੇ ਆਰਥਿਕ ਤੌਰ ‘ਤੇ ਭਾਰਤ ਦੀ ਵਿਸ਼ਵ ਵਿੱਚ ਪਹਿਚਾਣ ਬਣਾਈ। ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ੇ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਇੱਕ ਮਹਾਨ ਅਰਥ ਸ਼ਾਸਤਰੀ ਅਤੇ ਪੰਜਾਬ ਦੇ ਪੁੱਤ ਸਨ। ਉਹ ਬਹੁਤ ਚੰਗੇ ਇਨਸਾਨ ਸਨ। ਅੱਜ ਦੇਸ਼ ਨੇ ਇੱਕ ਮਹਾਨ ਅਰਥ ਸ਼ਾਸਤਰੀ ਅਤੇ ਮਨੁੱਖ ਨੂੰ ਗੁਆ ਦਿੱਤਾ ਹੈ। ਉਨ੍ਹਾਂ ਨੇ ਵੱਖ-ਵੱਖ ਅਹਿਮ ਅਹੁਦਿਆਂ ‘ਤੇ ਦੇਸ਼ ਦੀ ਸੇਵਾ ਕੀਤੀ। ਉਨ੍ਹਾਂ ਦਾ ਚਲਾਣਾ ਸਾਡੇ ਸਾਰਿਆਂ ਲਈ ਬਹੁਤ ਵੱਡਾ ਦੁੱਖ ਹੈ।
Published on: ਦਸੰਬਰ 27, 2024 8:14 ਬਾਃ ਦੁਃ