ਚੰਡੀਗੜ੍ਹ, 31 ਦਸੰਬਰ: ਦੇਸ਼ ਕਲਿੱਕ ਬਿਓਰੋ
ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਸਾਲ 2024 ਭਗਵੰਤ ਮਾਨ ਸਰਕਾਰ ਦੀ ਨਖਿੱਧ ਕਾਰਗੁਜ਼ਾਰੀ ਦੇ ਨਾਮ ਰਿਹਾ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੀ ਖੰਨਾ ਨੇ ਕਿਹਾ ਕਿ ਸਾਲ ਭਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਵੀ ਮਸਲੇ ਦਾ ਹੱਲ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਬੇਰੋਜ਼ਗਾਰ ਅੱਜ ਵੀ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਧਰਨੇ-ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ। ਕੱਚੇ ਕਾਮੇ ਸਥਾਈ ਨੌਕਰੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।
ਸ਼੍ਰੀ ਖੰਨਾ ਨੇ ਕਿਹਾ ਕਿ ਇਹ ਵੀ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੋਵੇਗਾ ਕਿ ਸੂਬਾ ਸਰਕਾਰ ਦੀ ਨਲਾਇਕੀ ਕਾਰਨ ਕੇਂਦਰੀ ਪ੍ਰੋਜੈਕਟ ਪੰਜਾਬ ਵਿੱਚੋਂ ਵਾਪਸ ਗਏ ਹੋਣ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਵਿਆਪਕ ਯੋਜਨਾ ਤਹਿਤ ਸੂਬੇ ਵਿੱਚ ਭਾਰਤ ਮਾਲਾ ਤਹਿਤ ਸੜਕਾਂ ਬਣਨੀਆਂ ਸਨ, ਪਰ ਸੂਬਾ ਸਰਕਾਰ ਇਸ ਲਈ ਜਮੀਨ ਦੇਣ ਤੋਂ ਹੀ ਇਨਕਾਰੀ ਹੋ ਗਈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਦੇ ਚੱਲਦਿਆਂ ਪੰਜਾਬ ਵਿੱਚੋਂ ਉਦਯੋਗ ਬਾਹਰ ਚਲੇ ਗਏ ਪਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਕਦਮ ਨਹੀਂ ਚੁੱਕਿਆ ਗਿਆ।
ਸ਼੍ਰੀ ਖੰਨਾ ਨੇ ਕਿਹਾ ਕਿ ਬਦਲਾਅ ਦਾ ਨਾਹਰਾ ਲੈ ਕੇ ਚੱਲੀ ਸਰਕਾਰ ਨੂੰ ਸਾਲ 2024 ਨੇ ਵੱਡਾ ਝਟਕਾ ਦਿੱਤਾ ਹੈ ਅਤੇ ਇਸ ਨੂੰ ਆਪਣੇ ਕਾਰਜਕਾਲ ਦੌਰਾਨ ਹੀ ਸਥਾਨਕ ਸਰਕਾਰਾਂ ਚੋਣਾਂ ਵਿੱਚ ਕਰਾਰੀ ਹਾਰ ਦਾ ਸਵਾਦ ਚੱਖਣਾ ਪਿਆ ਹੈ।ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਦੇ ਗਠਨ ਤੋਂ ਥੋੜਾ ਸਮਾਂ ਬਾਅਦ ਹੀ ਲੋਕਾਂ ਦਾ ਭਰੋਸਾ ਖ਼ਤਮ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਕੰਧ *ਤੇ ਲਿਿਖਆ ਪੜ੍ਹ ਲੈਣਾ ਚਾਹੀਦਾ ਹੈ ਕਿ ਉਸ ਤੋਂ ਪੰਜਾਬ ਦੇ ਲੋਕ ਤੰਗ ਆ ਚੁੱਕੇ ਹਨ। ਉਨ੍ਹਾਂ ਕਾਮਨਾ ਕੀਤੀ ਕਿ ਆਉਣ ਵਾਲਾ ਨਵਾਂ ਸਾਲ ਪੰਜਾਬ ਦੀ ਭਲਾਈ ਵਾਲਾ ਸਾਬਿਤ ਹੋਵੇ।