ਚੰਡੀਗੜ੍ਹ, 3 ਜਨਵਰੀ: ਦੇਸ਼ ਕਲਿੱਕ ਬਿਓਰੋ
ਸੂਬੇ ਵਿੱਚ ਪਸ਼ੂਆਂ ਦੀ ਉਤਪਾਦਕਤਾ ਵਿੱਚ ਵਾਧਾ ਕਰਨ ਅਤੇ ਖੇਤੀਬਾੜੀ ਖੇਤਰ ਵਿੱਚ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਚਾਰੇ ਦੀ ਪੈਦਾਵਾਰ ਨਾਲ ਸਬੰਧਤ ਚੁਣੌਤੀਆਂ ਦੇ ਹੱਲ ਲਈ ਐਲਫਾਲਫਾ ਨੂੰ ਸੂਬੇ ਦੀ ਚਾਰਾ ਪ੍ਰਣਾਲੀ ਵਿੱਚ ਸ਼ਾਮਲ ਕਰਨ ਲਈ ਸਹਿਯੋਗੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ।
ਉਹ ਅੱਜ ਇੱਥੇ ਸੀ.ਆਈ.ਆਈ. ਦੇ ਉੱਤਰੀ ਖੇਤਰ ਦੇ ਹੈੱਡਕੁਆਰਟਰ ਵਿਖੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਟਿਡ (ਪੀ.ਏ.ਆਈ.ਸੀ.) ਵੱਲੋਂ ਨਮੋਸਟੂਟ ਇਨੋਵੇਟਰਜ਼ ਐਲ.ਐਲ.ਪੀ. (ਐਨ.ਐਸ.ਆਈ.) ਅਤੇ ਟੀਮ ਐਥੀਨਾ ਦੇ ਸਹਿਯੋਗ ਨਾਲ ਸਸਟੇਨੇਬਲ ਫੌਰੇਜ ਸਲਿਊਸ਼ਨ: ਐਲਫਾਲਫਾ-ਮੈਕਨਾਈਜ਼ੇਸ਼ਨ, ਪ੍ਰੋਡੱਕਸ਼ਨ ਅਤੇ ਮਾਰਕੀਟਿੰਗ ਬਾਰੇ ਕਰਵਾਈ ਸਟੇਕਹੋਲਡਰਜ਼ ਦੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਚਾਰੇ ਦੀ ਘਾਟ ਨਾਲ ਨਜਿੱਠਣ ਅਤੇ ਪਸ਼ੂਆਂ ਦੀ ਉਤਪਾਦਕਤਾ ਵਿੱਚ ਵਾਧਾ ਕਰਨ ਲਈ ਨਵੀਨਤਮ ਉਪਾਵਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਐਗਰੋ ਵੱਲੋਂ ਲਾਡੋਵਾਲ (ਲੁਧਿਆਣਾ) ਵਿਖੇ 60 ਏਕੜ ਵਿੱਚ ਐਲਫਾਲਫਾ ਦੀ ਖੇਤੀ ਕੀਤੀ ਗਈ ਹੈ। ਇਸਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਪਿੱਛੇ ਸੂਬਾ ਸਰਕਾਰ ਦਾ ਮੰਤਵ ਕਿਸਾਨਾਂ ਨੂੰ ਟਿਕਾਊ ਅਤੇ ਕਿਫ਼ਾਇਤੀ ਚਾਰੇ ਦੀ ਪੇਸ਼ਕਸ਼ ਕਰਨਾ ਹੈ, ਜਿਸ ਦੇ ਨਤੀਜੇ ਵਜੋਂ ਪਸ਼ੂ ਸਿਹਤਮੰਦ ਹੋਣਗੇ ਅਤੇ ਦੁੱਧ ਦੇ ਉਤਪਾਦਨ ਵਿੱਚ ਵਾਧਾ ਹੋਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਐਗਰੋ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਨਾਲ ਭਾਈਵਾਲੀ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਪਸ਼ੂਆਂ ਦੇ ਸਹੀ ਪੋਸ਼ਣ ਬਾਰੇ ਜਾਣਕਾਰੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਐਲਫਾਲਫਾ ਚਾਰੇ ਦੀ ਕਾਸ਼ਤ ਦੇ ਬਹੁਤ ਸਾਰੇ ਲਾਭ ਹਨ, ਜਿਹਨਾਂ ਵਿੱਚ ਉੱਚ ਪੋਸ਼ਣ ਵਾਲੇ ਤੱਤ ਅਤੇ ਪਸ਼ੂਆਂ ਦੀ ਸਿਹਤ ਵਿੱਚ ਸੁਧਾਰ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ, ਇਹ ਨਾਈਟ੍ਰੋਜਨ ਨੂੰ ਜ਼ਜਬ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਂਦੀ ਹੈ ਅਤੇ ਆਪਣੀਆਂ ਡੂੰਘੀਆਂ ਜੜ੍ਹਾਂ ਨਾਲ ਮਿੱਟੀ ਦੀਆਂ ਡੂੰਘੀਆਂ ਪਰਤਾਂ ਤੋਂ ਨਮੀ ਹਾਸਲ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ਤਾ ਐਲਫਾਲਫਾ ਨੂੰ ਸੋਕੇ ਦੀ ਸਥਿਤੀ ਲਈ ਵਧੇਰੇ ਅਨੁਕੂਲ ਬਣਾਉਂਦੀ ਹੈ, ਜਿਸ ਨਾਲ ਖੁਸ਼ਕ ਮੌਸਮ ਦੌਰਾਨ ਵੀ ਭਰੋਸੇਮੰਦ ਚਾਰੇ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।