ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਮੁੱਖ ਤਰਜੀਹ : ਸਿਵਲ ਸਰਜਨ
|ਮੋਹਾਲੀ, 3 ਜਨਵਰੀ : ਦੇਸ਼ ਕਲਿੱਕ ਬਿਓਰੋ
ਡਾ. ਸੰਗੀਤਾ ਜੈਨ ਨੇ ਅੱਜ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਨਵੇਂ ਸਿਵਲ ਸਰਜਨ ਵਜੋਂ ਕਾਰਜਭਾਰ ਸੰਭਾਲ ਲਿਆ। ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ਼ ਨੇ ਨਵੇਂ ਸਿਵਲ ਸਰਜਨ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਸੰਗੀਤਾ ਜੈਨ ਨੇ ਆਖਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਉਹ ਪੁਰਜ਼ੋਰ ਕੋਸ਼ਿਸ਼ ਕਰਨਗੇ ਕਿ ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ਨੂੰ ਹੋਰ ਅਸਰਦਾਰ ਤੇ ਬਿਹਤਰ ਬਣਾਇਆ ਜਾਵੇ। ਉਨ੍ਹਾਂ ਸਮੁੱਚੇ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਆਪੋ-ਅਪਣਾ ਕੰਮ ਹੋਰ ਮਿਹਨਤ ਤੇ ਲਗਨ ਨਾਲ ਕਰਨ ਅਤੇ ਯਕੀਨੀ ਬਣਾਉਣ ਕਿ ਸਿਹਤ ਸੰਸਥਾਵਾਂ ਵਿਚ ਇਲਾਜ ਕਰਾਉਣ ਅਤੇ ਦਫ਼ਤਰਾਂ ਵਿਚ ਕੰਮ ਕਰਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਾ. ਜੈਨ ਸਿਹਤ ਵਿਭਾਗ ਵਿਚ ਸਾਲ 1993 ਵਿਚ ਬਤੌਰ ਮੈਡੀਕਲ ਅਫ਼ਸਰ ਭਰਤੀ ਹੋਏ ਸਨ। ਉਨ੍ਹਾਂ ਦੀ ਪਹਿਲੀ ਨਿਯੁਕਤੀ ਜ਼ਿਲ੍ਹਾ ਮੋਹਾਲੀ ’ਚ ਢਕੋਲੀ ਦੇ ਸਰਕਾਰੀ ਹਸਪਤਾਲ ਵਿਖੇ ਹੋਈ ਸੀ। ਸਾਲ 2016 ਵਿਚ ਉਨ੍ਹਾਂ ਦੀ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਤਰੱਕੀ ਹੋਈ ਸੀ। ਉਨ੍ਹਾਂ ਨੇ ਕਾਫ਼ੀ ਸਮਾਂ ਡੇਰਾਬੱਸੀ ਦੇ ਸਰਕਾਰੀ ਹਸਤਾਲ ਵਿਚ ਐਸ.ਐਮ.ਓ. ਵਜੋਂ ਸੇਵਾਵਾਂ ਦਿਤੀਆਂ। ਹਾਲ ਹੀ ਵਿਚ ਉਨ੍ਹਾਂ ਨੂੰ ਡਿਪਟੀ ਡਾਇਰੈਕਟਰ ਵਜੋਂ ਤਰੱਕੀ ਮਿਲੀ ਹੈ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਤਮੰਨਾ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਰਨੀਤ ਗਰੇਵਾਲ, ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਚ.ਚੀਮਾ, ਡਾ. ਵਿਜੇ ਭਗਤ, ਸਿਵਲ ਸਰਜਨ ਦੇ ਨਿੱਜੀ ਸਹਾਇਕ ਦਵਿੰਦਰ ਸਿੰਘ ਤੇ ਹੋਰ ਅਧਿਕਾਰੀ ਤੇ ਸਟਾਫ਼ ਹਾਜ਼ਰ ਸੀ।