ਅੰਮ੍ਰਿਤਸਰ, 4 ਜਨਵਰੀ- ਦੇਸ਼ ਕਲਿੱਕ ਬਿਓਰੋ
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਗੱਤਕਾ ਅਤੇ ਬੈਂਡ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ। ਇਸ ਮੌਕੇ ਮੌਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੀਵਨ ਲਾਸਾਨੀ ਅਤੇ ਪ੍ਰੇਰਣਾਦਾਇਕ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਕੇ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਨਗਰ ਕੀਰਤਨ ਦਾ ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਬਜ਼ਾਰ ਲੁਹਾਰਾ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਆਦਿ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਜਸਪਾਲ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।