ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ, ਪੰਜਾਬ ਪੁਲਿਸ ਜਾਂਚ ‘ਚ ਜੁਟੀ
ਬਠਿੰਡਾ, 7 ਜਨਵਰੀ, ਦੇਸ਼ ਕਲਿਕ ਬਿਊਰੋ :
ਬਠਿੰਡਾ ਦੇ ਰਾਮਪੁਰ ਫੂਲ ਨੇੜਲੇ ਪਿੰਡ ਬਡਿਆਲਾ ਦੇ ਖੇਤਾਂ ਵਿੱਚ ਰਹਿੰਦੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਤੀ-ਪਤਨੀ ਦੇ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ ਹੈ। ਕਤਲ ਦੀ ਸੂਚਨਾ ਮਿਲਦਿਆਂ ਹੀ ਡੀਆਈਜੀ ਹਰਜੀਤ ਸਿੰਘ ਮੌਕੇ ’ਤੇ ਪੁੱਜੇ।
ਉਨ੍ਹਾਂ ਸਥਾਨਕ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਹਨ।ਮ੍ਰਿਤਕਾਂ ਦੀ ਪਛਾਣ 66 ਸਾਲਾ ਗਿਆਸ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਉਸ ਦੀ ਪਤਨੀ ਅਮਰਜੀਤ ਕੌਰ (62) ਵਜੋਂ ਹੋਈ ਹੈ। ਦੋਵਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਸੀ। ਦੋਵਾਂ ਦੇ ਸਿਰਾਂ ‘ਤੇ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ।
ਘਟਨਾ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ‘ਚ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲੀਸ ਅਤੇ ਸੀਆਈਏ ਸਟਾਫ਼ ਦੀਆਂ ਟੀਮਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।