ਪੰਜਾਬ ‘ਚ ਅਜੇ ਨਹੀਂ ਮਿਲੇਗੀ ਕੜਾਕੇ ਦੀ ਠੰਢ ਤੋਂ ਰਾਹਤ, ਭਲਕੇ ਤੋਂ ਮੀਂਹ ਪੈਣ ਦੇ ਆਸਾਰ
ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਹਾਲੇ ਠੰਢ ਤੋਂ ਰਾਹਤ ਮਿਲਣ ਵਾਲੀ ਨਹੀਂ ਹੈ। ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਤੇ ਠੰਢੇ ਦਿਨ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਔਸਤ ਅਧਿਕਤਮ ਤਾਪਮਾਨ ਵਿੱਚ 2.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਤੋਂ 3.1 ਡਿਗਰੀ ਘਟ ਗਿਆ ਹੈ। ਸਾਰੇ ਜ਼ਿਲ੍ਹਿਆਂ ਦਾ ਅਧਿਕਤਮ ਤਾਪਮਾਨ 13.5 ਡਿਗਰੀ ਤੋਂ 20 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ।
ਚੰਡੀਗੜ੍ਹ ਵਿੱਚ ਤਾਪਮਾਨ 15.1 ਡਿਗਰੀ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ ਇੱਕ ਡਿਗਰੀ ਘਟ ਹੈ। ਦੂਜੇ ਪਾਸੇ ਪੰਜਾਬ ਵਿੱਚ ਸਭ ਤੋਂ ਘੱਟ ਤਾਪਮਾਨ ਸੰਗਰੂਰ ਦਾ ਤਿੰਨ ਡਿਗਰੀ ਦਰਜ ਕੀਤਾ ਗਿਆ ਹੈ। ਅਜੇ ਮੀਂਹ ਦੀ ਚੇਤਾਵਨੀ ਨਹੀਂ ਹੈ।
9 ਜਨਵਰੀ ਦੀ ਰਾਤ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਵਿੱਚ ਸੰਘਣੀ ਧੁੰਦ ਅਤੇ ਠੰਢ ਲਈ ਪੀਲੀ ਚੇਤਾਵਨੀ ਹੈ। ਇਸੇ ਤਰ੍ਹਾਂ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਠੰਢੇ ਦਿਨ ਅਤੇ ਸੰਘਣੀ ਧੁੰਦ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਗਈ ਹੈ।