ਸੰਯੁਕਤ ਕਿਸਾਨ ਮੋਰਚਾ ਵਲੋਂ ਸ਼ੰਭੂ-ਖਨੌਰੀ ਬਾਰਡਰ ‘ਤੇ ਚੱਲ ਰਹੇ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ
ਮੋਗਾ, 9 ਜਨਵਰੀ, ਦੇਸ਼ ਕਲਿਕ ਬਿਊਰੋ :
ਸੰਯੁਕਤ ਕਿਸਾਨ ਮੋਰਚਾ (SKM) ਦੀ ਅੱਜ ਮੋਗਾ ਵਿੱਚ ਮਹਾਂਪੰਚਾਇਤ ਹੋਈ। ਇਹ ਫੈਸਲਾ ਕੀਤਾ ਗਿਆ ਹੈ ਕਿ ਸਮੂਹ ਕਿਸਾਨ ਜਥੇਬੰਦੀਆਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਇਕਜੁੱਟਤਾ ਨਾਲ ਸਮਰਥਨ ਦੇਣਗੀਆਂ। ਇਸ ਦੇ ਲਈ ਮਹਾਪੰਚਾਇਤ ‘ਚ ਮਤਾ ਪੇਸ਼ ਕੀਤਾ ਗਿਆ, ਜਿਸ ‘ਤੇ ਸਾਰੀਆਂ ਯੂਨੀਅਨਾਂ ਦੇ ਆਗੂਆਂ ਨੇ ਸਹਿਮਤੀ ਪ੍ਰਗਟਾਈ।ਇਹ ਪਹਿਲੀ ਵਾਰ ਹੋਵੇਗਾ ਜਦੋਂ ਇਸ ਕਿਸਾਨ ਅੰਦੋਲਨ ਵਿੱਚ ਸੰਯੁਕਤ ਕਿਸਾਨ ਮੋਰਚਾ ਇਸ ਵਿੱਚ ਸ਼ਾਮਲ ਕਿਸਾਨ ਯੂਨੀਅਨਾਂ ਸ਼ਾਮਲ ਹੋਣਗੀਆਂ। ਇਸ ਤੋਂ ਪਹਿਲਾਂ ਕੇਵਲ ਜਗਜੀਤ ਸਿੰਘ ਡੱਲੇਵਾਲ ਦਾ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਸਰਵਣ ਸਿੰਘ ਪੰਧੇਰ ਦਾ ਕਿਸਾਨ ਮਜ਼ਦੂਰ ਮੋਰਚਾ ਪਿਛਲੇ ਕਰੀਬ 11 ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਵਿੱਚ ਮੋਰਚਾ ਸੰਭਾਲ ਰਹੇ ਹਨ।
ਇਸ ਦੇ ਨਾਲ ਹੀ ਭਲਕੇ (ਸ਼ੁੱਕਰਵਾਰ) ਨੂੰ 101 ਕਿਸਾਨਾਂ ਦਾ ਜਥਾ 6 ਮੈਂਬਰੀ ਕਮੇਟੀ ਸਮੇਤ ਖਨੌਰੀ ਮੋਰਚੇ ਵਿੱਚ ਜਾਵੇਗਾ। ਉੱਥੇ ਮਹਾਪੰਚਾਇਤ ‘ਚ ਪਾਸ ਮਤੇ ਨੂੰ ਫਰੰਟ ਦੇ ਨੇਤਾਵਾਂ ਦੇ ਸਾਹਮਣੇ ਰੱਖਿਆ ਜਾਵੇਗਾ। ਮਤੇ ‘ਤੇ ਸਹਿਮਤੀ ਲਈ ਜਾਵੇਗੀ। ਇਸ ਤੋਂ ਬਾਅਦ ਏਕਤਾ ਲਈ 15 ਜਨਵਰੀ ਨੂੰ ਪਟਿਆਲਾ ਵਿਖੇ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਸੰਘਰਸ਼ ਨੂੰ ਲੈ ਕੇ ਅਗਲੀ ਰਣਨੀਤੀ ਬਣਾਈ ਜਾਵੇਗੀ।