ਡੱਲੇਵਾਲ ਦਾ ਭਾਜਪਾ ਆਗੂਆਂ ਨੂੰ ਦੋ ਟੁੱਕ, ਅਕਾਲ ਤਖਤ ਤੇ ਜਾਣ ਦੀ ਬਜਾਏ ਮੋਦੀ ਨੂੰ ਮਿਲੋ
ਢਾਬੀ ਗੁੱਜਰਾਂ: 10 ਜਨਵਰੀ, ਦੇਸ਼ ਕਲਿੱਕ ਬਿਓਰੋ
ਪਿਛਲੇ 46 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੀ ਅਕਾਲ ਤਖਤ ਤੱਕ ਪਹੁੰਚ ਕਰਨ ਦੇ ਮਾਮਲੇ ‘ਤੇ ਆਪਣੇ ਵਿਚਾਰ ਦਿੰਦਿਆਂ ਇੱਕ ਵੀਡੀਓ ਸੰਦੇਸ਼ ਸਾਂਝਾ ਕੀਤਾ ਹੈ।
ਇਸ ਵੀਡੀਓ ਵਿੱਚ ਸ. ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਸ ਨੂੰ ਪਤਾ ਲੱਗਾ ਹੈ ਕਿ ਭਾਜਪਾ ਦੀ ਪੰਜਾਬ ਇਕਾਈ ਨੇ ਅਕਾਲ ਤਖ਼ਤ ਕੋਲ ਪਹੁੰਚ ਕਰਕੇ ਜਥੇਦਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਉਸ ਨੂੰ ਮਰਨ ਵਰਤ ਖ਼ਤਮ ਕਰਨ ਲਈ ਨਿਰਦੇਸ਼ ਦੇਣ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਭਾਜਪਾ ਨੇਤਾ ਗਲਤ ਦਿਸ਼ਾ ਵੱਲ ਜਾ ਰਹੇ ਹਨ। ਉਨ੍ਹਾਂ ਨੂੰ ਅਕਾਲ ਤਖ਼ਤ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਫ਼ਤਰ ਤੱਕ ਪਹੁੰਚ ਕਰਨੀ ਚਾਹੀਦੀ ਹੈ । ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਦਫ਼ਤਰ ਜਾਣਾ ਚਾਹੀਦਾ ਹੈ, ਜੋ ਪਹਿਲਾਂ ਹੀ ਸਾਡੇ ਮੁੱਦੇ ’ਤੇ ਅਪਣੀ ਚਿੰਤਾ ਪ੍ਰਗਟ ਕਰ ਚੁਕੇ ਹਨ। ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਫ਼ਤਰ ਵੀ ਜਾਣਾ ਚਾਹੀਦਾ ਹੈ ਅਤੇ ਮਾਮਲੇ ਨੂੰ ਹੱਲ ਕਰਨ ਲਈ ਉਨ੍ਹਾਂ ‘ਤੇ ਦਬਾਅ ਪਾਉਣਾ ਚਾਹੀਦਾ ਹੈ।