ਲੋਹੜੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦਿਆਂ ਫਾਜ਼ਿਲਕਾ ਦੇ ਵਿਧਾਇਕ ਨੇ 200 ਨਵਜੰਮੀਆਂ ਬੱਚੀਆਂ ਨੂੰ ਕੰਬਲ ‘ਤੇ ਬੇਬੀ ਕਿੱਟਸ ਵੰਡੀਆਂ
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸ਼ਾਹ ਪੈਲੇਸ ਫਾਜ਼ਿਲਕਾ ਵਿਖ਼ੇ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕੈਂਪ
ਫਾਜ਼ਿਲਕਾ 10 ਜਨਵਰੀ 2025..
ਲੋਹੜੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦਿਆਂ ਸ਼ਾਹ ਪੈਲੇਸ ਫਾਜ਼ਿਲਕਾ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ! ਜਿਸ ਵਿੱਚ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ! ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਖੁਸ਼ੀ ਸਾਵਣਸੁੱਖਾ ਸਵਨਾ ਵੀ ਮੌਜੂਦ ਸਨ! ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਭਾਸ਼ ਚੰਦਰ ਨੇ ਵੀ ਵਿਸ਼ੇਸ਼ ਤੌਰ ਤੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ!
ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ 200 ਨਵਜੰਮੀਆਂ ਬੱਚੀਆਂ ਨੂੰ ਕੰਬਲ ‘ਤੇ ਬੇਬੀ ਕਿੱਟਸ ਵੰਡੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਦਾ ਵੀ ਸਨਮਾਨ ਕੀਤਾ। ਉਨ੍ਹਾਂ ਸਮੂਹ ਹਾਜ਼ਰੀਨ ਅਤੇ ਜ਼ਿਲ੍ਹਾ ਵਾਸੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਤਿਓਹਾਰ ਲੋਕਾਂ ਦੇ ਦਿਲਾਂ ਤੇ ਜੀਵਨ ਨੂੰ ਖੁਸ਼ੀਆਂ,ਆਪਸੀ ਏਕਤਾ ਤੇ ਸਰਭ ਸਾਂਝੀਵਾਲਤਾ ਨਾਲ ਭਰਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਉਨਾਂ ਨੂੰ ਧੀਆਂ ਦੀ ਲੋਹੜੀ ਨੂੰ ਸਮਰਪਿਤ ਲਗਾਏ ਇਸ ਕੈਂਪ ਵਿੱਚ ਸ਼ਾਮਿਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਇਸ ਮੌਕੇ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਗਤੀਵਿਧੀਆਂ ਦੀ ਪੇਸ਼ਕਾਰੀ ਵੀ ਕੀਤੀ ਗਈ ਇਸ ਮੌਕੇ ਤਹਿਸੀਲ ਸਮਾਜਿਕ ਨਿਆ ਅਤੇ ਅਧਿਕਾਰਤਾ ਅਫਸਰ ਅਸ਼ੋਕ ਕੁਮਾਰ, ਜਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ, ਸਿੱਖਿਆ ਵਿਭਾਗ ਤੋਂ ਪ੍ਰਿੰਸੀਪਲ ਰਜਿੰਦਰ ਵਿਖੋਨਾ ਅਤੇ ਵਿਜੇਪਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।