ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ
ਸ਼ਨਿਚਰਵਾਰ, ੨੮ ਪੋਹ (ਸੰਮਤ ੫੫੬ ਨਾਨਕਸ਼ਾਹੀ)
11-01-2025
ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
ਸ਼ਨਿਚਰਵਾਰ, ੨੮ ਪੋਹ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੬੩੪)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੯ ॥
ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ । ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ । (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ ।੨। ਹੇ ਨਾਨਕ! (ਆਖ—ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ । (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ ।੩।੧੨।੧੩੯।
English Translation:
SORAT’H, NINTH MEHL:
O dear friend, know this in your mind. The world is entangled in its own pleasures; no one is for anyone else. 1 Pause