ਨਾਭਾ ‘ਚ 28 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਨਾਭਾ: 14 ਜਨਵਰੀ, ਦੇਸ਼ ਕਲਿੱਕ ਬਿਓਰੋ
ਨਾਭਾ ਦੇ ਬੌੜਾਂ ਗੇਟ ਵਿਖੇ 28 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦਾ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਹ ਘਟਨਾ 13 ਜਨਵਰੀ ਦੀ ਰਾਤ ਨੂੰ ਨਾਭਾ ਵਿੱਚ ਵਾਪਰੀ ਸੀ। ਅੱਜ ਰਾਜਿੰਦਰਾ ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਗੁਰਪ੍ਰੀਤ ਰਾਤ ਕਰੀਬ 8 ਵਜੇ ਘਰੋਂ ਨਿਕਲਿਆ ਸੀ। ਬੌੜ੍ਹਾਂ ਗੇਟ ਵਿਖੇ ਢਾਬੇ ਦੇ ਬਾਹਰ ਗੁਰਪ੍ਰੀਤ ਦੀ ਕੁਝ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਹੱਥੋਪਾਈ ਹੋ ਗਏ। ਇਸੇ ਦੌਰਾਨ ਗੁਰਪ੍ਰੀਤ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਜਦੋਂ ਕਿ ਆਸ ਪਾਸ ਦੇ ਲੋਕਾਂ ਨੇ ਗੁਰਪ੍ਰੀਤ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਉਸਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਭੇਜ ਦਿੱਤਾ ਜਿਥੇ ਜਖਮੀਂ ਦੀ ਮੌਤ ਹੋ ਗਈ।
ਪਰਿਵਾਰ ਵਾਲਿਆਂ ਨੂੰ ਇਹ ਕਹਿ ਕੇ ਉਹ ਘਰੋਂ ਬਾਹਰ ਗਿਆ ਸੀ ਕਿ ਉਹ ਜਲਦੀ ਹੀ ਵਾਪਸ ਆ ਜਾਵੇਗਾ। ਜਦੋਂ ਉਹ ਦੇਰ ਰਾਤ ਤੱਕ ਘਰ ਵਾਪਸ ਨਾ ਆਇਆ ਤਾਂ ਪਰਿਵਾਰ ਵਾਲਿਆਂ ਨੂੰ ਸੂਚਨਾ ਮਿਲੀ ਕਿ ਉਸ ਨੂੰ ਜ਼ਖਮੀ ਹਾਲਤ ਵਿੱਚ ਨਾਭਾ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਕੋਤਵਾਲੀ ਨਾਭਾ ਦੀ ਪੁਲੀਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।