ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਉਲੰਘਣਾ ਕਰਨ ਵਾਲੇ ਨੂੰ ਘੱਟੋ ਘੱਟ 10 ਹਜ਼ਾਰ ਤੋਂ 15 ਲੱਖ ਰੁਪਏ ਤੱਕ ਹੋ ਸਕਦੈ ਜੁਰਮਾਨਾ
ਸੂਚਨਾ ਦੇਣ ਵਾਲੇ ਦਾ ਨਾਮ ਗੁਪਤ,25,000/- ਰੁਪਏ ਤੱਕ ਦਾ ਦਿੱਤਾ ਜਾਵੇਗਾ ਇਨਾਮ
ਮੋਹਾਲੀ, 14 ਜਨਵਰੀ 2025: ਦੇਸ਼ ਕਲਿੱਕ ਬਿਓਰੋ
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪਾਸ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ, ਪੰਜਾਬ ਸਰਕਾਰ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੇ ਆਪਣੇ ਨੋਟੀਫਿਕੇਸ਼ਨ ਨੰਬਰ 3/25/23-STE4/293 ਮਿਤੀ 05.07.2023 ਰਾਹੀਂ ਵਾਤਾਵਰਣ (ਸੁਰੱਖਿਆ) ਐਕਟ, 1986 ਦੇ ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਿਰਦੇਸ਼ ਜਾਰੀ ਕੀਤੇ ਹਨ ਕਿ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਚਾਈਨਾ/ਮਾਂਝਾ ਡੋਰ (ਨਾਈਲੋਨ, ਪਲਾਸਟਿਕ ਜਾਂ ਸਿੰਥੈਟਿਕ ਮਟੀਰੀਅਲ ਨਾਲ ਬਣੀ ਡੋਰ/ਧਾਗਾ ਜਾਂ ਕੋਈ ਅਜਿਹੀ ਡੋਰ/ਧਾਗਾ ਜਿਸ ਉਪਰ ਸਿੰਥੈਟਿਕ/ਕੱਚ/ਤਿੱਖੀ ਧਾਤੂ ਦੀ ਪਰਤ ਚੜ੍ਹੀ ਹੋਵੇ) ਪੰਜਾਬ ਸਰਕਾਰ ਦੇ ਮਾਪਦੰਡਾਂ ਦੇ ਅਨੁਕੂਲ ਨਾ ਹੋਵੇ, ਦਾ ਨਿਰਮਾਣ ਕਰਨ, ਵੇਚਣ, ਸਟੋਰ ਕਰਨ, ਖ਼ਰੀਦ ਕਰਨ, ਸਪਲਾਈ ਕਰਨ, ਆਯਾਤ ਕਰਨ ਅਤੇ ਪਤੰਗ ਉਡਾਉਣ ਲਈ ਵਰਤਣ ’ਤੇ ਪੂਰਨ ਪਾਬੰਦੀ ਲਾਈ ਜਾਂਦੀ ਹੈ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਵਾਤਾਵਰਨ (ਸੁਰੱਖਿਆ) ਐਕਟ, 1986 ਜਾਂ ਇਸ ਤਹਿਤ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਘੱਟੋ-ਘੱਟ 10,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ ਜੋ ਕਿ 15 ਲੱਖ ਰੁਪਏ ਤੱਕ ਵਧ ਸਕਦਾ ਹੈ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਰਾਜ ਦੇ ਵਸਨੀਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਤੰਗ ਉਡਾਉਣ ਲਈ ਪਾਬੰਦੀਸ਼ੁਦਾ ਚੀਨੀ ਡੋਰ/ਨਾਈਲੋਨ/ਸਿੰਥੈਟਿਕ ਧਾਗੇ ਦੀ ਵਰਤੋਂ ਨਾ ਕਰਨ ਅਤੇ ਇਸ ਨੇਕ ਕੰਮ ਵਿੱਚ ਸਰਕਾਰ ਦੀ ਮਦਦ ਕਰਨ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਚਾਈਨਾ ਡੋਰ ਵੇਚਦਾ/ਸਟੋਰ/ਸਪਲਾਈ ਕਰਦਾ/ਆਯਾਤ ਕਰਦਾ/ਵਰਤਦਾ ਪਾਇਆ ਜਾਂਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਟੋਲ ਫਰੀ ਨੰਬਰ 1800-180-2810 ‘ਤੇ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਨੂੰ 25,000/- ਰੁਪਏ ਤੱਕ ਦਾ (ਨਿਯਮ ਅਤੇ ਸ਼ਰਤਾਂ ਲਾਗੂ) ਇਨਾਮ ਦਿੱਤਾ ਜਾਵੇਗਾ ਅਤੇ ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ।