ਲੁਧਿਆਣਾ ‘ਚ ਸੰਯੁਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ, ਕਈ ਸੀਨੀਅਰ ਆਗੂ ਹੋਏ ਸ਼ਾਮਲ
ਲੁਧਿਆਣਾ: 15 ਜਨਵਰੀ, ਦੇਸ਼ ਕਲਿੱਕ ਬਿਓਰੋ
ਸੰਯੁਕਤ ਕਿਸਾਨ ਮੋਰਚੇ ਵੱਲੋਂ ਲੁਧਿਆਣੇ ਦੇ ਈਸੜੂ ਭਵਨ ‘ਚ ਅਹਿਮ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਕਿਸਾਨ ਮੋਰਚੇ ਦੇ ਕਈ ਸੀਨੀਅਰ ਆਗੂ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਿਤ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 26 ਜਨਵਰੀ ਨੂੰ ਉਹ ਦੇਸ਼ ਭਰ ਵਿਖੇ ਟਰੈਕਟਰ ਮਾਰਚ ਕਰਨਗੇ ।
ਸੂਬਾ ਅਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਮਗਰ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਨੂੰ ਬਿਲਕੁਲ ਹੀ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਮਿਲ ਕੇ ਕਿਸਾਨਾਂ ਦੀ ਲੁੱਟ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੀਟਿੰਗ ’ਚ ਕਈ ਅਹਿਮ ਫੈਸਲੇ ਲਏ ਗਏ ਹਨ ਜੋ ਅਗਲੀ ਮੀਟਿੰਗ ’ਚ ਫਿਰ ਤੋਂ ਵਿਚਾਰੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ 26 ਜਨਵਰੀ ਨੂੰ ਪੂਰੇ ਦੇਸ਼ ਭਰ ’ਚ ਟਰੈਕਟਰ ਮਾਰਚ ਕਰ ਕੇ ਕਿਸਾਨ ਆਪਣਾ ਰੋਸ ਜਾਹਿਰ ਕਰਨਗੇ।