ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੇ ਰਿਲੀਜ਼ ਨੂੰ ਰੋਕਣ ਦੀ ਮੰਗ, ਪ੍ਰਸ਼ਾਸਨ ਨੂੰ ਚੇਤਾਵਨੀ
ਮੋਹਾਲੀ: 16 ਜਨਵਰੀ, ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਡਿਪਟੀ ਕਮਿਸ਼ਨਰ ਮੋਹਾਲੀ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’, ਜੋ 17 ਜਨਵਰੀ ਨੂੰ ਰਿਲੀਜ਼ ਹੋਣ ਵਾਲੀ ਹੈ, ਨੂੰ ਪੰਜਾਬ ਵਿੱਚ ਪ੍ਰਦਰਸ਼ਿਤ ਕਰਨ ਤੋਂ ਰੋਕਿਆ ਜਾਵੇ।
ਇਸ ਮੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਡਿਪਟੀ ਕਮਿਸ਼ਨਰ ਮੋਹਾਲੀ ਰਾਹੀਂ ਮੰਗ ਪੱਤਰ ਭੇਜਿਆ ਗਿਆ ਹੈ। ਮੰਗ ਪੱਤਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਫ਼ਿਲਮ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾ ਸਕਦੀ ਹੈ ਅਤੇ ਇਸ ਨਾਲ ਪੰਜਾਬ ਵਿੱਚ ਹਿੰਸਾ ਦਾ ਦੌਰ ਸ਼ੁਰੂ ਹੋਣ ਦਾ ਖਤਰਾ ਹੈ।
ਪਰਵਿੰਦਰ ਸਿੰਘ ਸੋਹਾਣਾ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਹ ਫ਼ਿਲਮ ਮੋਹਾਲੀ ਵਿੱਚ ਰਿਲੀਜ਼ ਹੋਈ ਤਾਂ ਅਕਾਲੀ ਦਲ ਵੱਲੋਂ ਤਿੱਖਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਜੇਕਰ ਇਸ ਫ਼ਿਲਮ ਦੇ ਕਾਰਨ ਹਿੰਸਾ ਜਾਂ ਕਿਸੇ ਵੀ ਪ੍ਰਕਾਰ ਦੀ ਅਨਿਸ਼ਚਿਤਾ ਹੁੰਦੀ ਹੈ, ਤਾਂ ਉਸ ਦੇ ਸਿੱਟਿਆਂ ਲਈ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।”
ਇਸ ਮੌਕੇ ‘ਤੇ ਹਰਵਿੰਦਰ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਲਖਨੋਰ, ਨਿਰਮਲ ਸਿੰਘ ਮਾਣਕ ਮਾਜਰਾ ਅਤੇ ਮਲਕੀਤ ਸਿੰਘ ਮਟੌਰ ਵੀ ਹਾਜ਼ਰ ਰਹੇ।