ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ ਸਰਕਾਰ ਨੂੰ ਘੇਰਨ ਦਾ ਫੈਸਲਾ

ਪੰਜਾਬ

ਪੰਜਾਬ ਦੇ ਸਮੁੱਚੇ ਵਿਧਾਇਕਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ

ਲੁਧਿਆਣਾ , 19 ਜਨਵਰੀ 2025, ਦੇਸ਼ ਕਲਿੱਕ ਬਿਓਰੋ :

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਸਾਂਝਾ ਫਰੰਟ ਦੇ ਕਨਵੀਨਰ ਰਣਜੀਤ ਸਿੰਘ ਰਾਣਵਾ ਦੀ ਪ੍ਰਧਾਨਗੀ ਹੇਠ ਈਸੜੂ ਭਵਨ ਵਿਖੇ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਆਗੂਆਂ ਸਤੀਸ਼ ਰਾਣਾ , ਜਰਮਨਜੀਤ ਸਿੰਘ, ਕਰਮ ਸਿੰਘ ਧਨੋਆ , ਸਵਿੰਦਰਪਾਲ ਸਿੰਘ ਮੋਲੋਵਾਲੀ , ਭਜਨ ਸਿੰਘ ਗਿੱਲ , ਗਗਨਦੀਪ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਗੰਡੀਵਿੰਡ ,  ਬਾਜ ਸਿੰਘ ਖਹਿਰਾ, ਜਗਦੀਸ਼ ਸਿੰਘ ਚਾਹਲ, ਸੁਸ਼ੀਲ ਕੁਮਾਰ , ਚਮਕੌਰ ਸਿੰਘ ਅਤੇ ਪਵਨ ਕੁਮਾਰ  ਨੇ ਆਖਿਆ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਾਂਝਾ ਫਰੰਟ ਵੱਲੋਂ ਲਗਾਤਰ ਵਿਧਾਨ ਸਭਾ ਵੱਲ ਮਾਰਚ ਕੀਤੇ ਜਾਣਗੇ ਅਤੇ ਇਸ ਤੋਂ ਪਹਿਲਾਂ 8 ਫਰਵਰੀ ਤੋਂ 20 ਫਰਵਰੀ ਤੱਕ ਪੰਜਾਬ ਦੇ ਸਮੁੱਚੇ ਵਿਧਾਇਕਾਂ ਨੂੰ ਮਾਸ ਡੈਪੂਟੇਸ਼ਨਾ ਰਾਹੀਂ ਮੰਗ ਪੱਤਰ ਦੇ ਕੇ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਮੁਲਾਜ਼ਮਾ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਰੱਖਿਆ ਜਾਵੇ। ਇਹਨਾਂ ਐਕਸ਼ਨਾਂ ਦੀ ਤਿਆਰੀ ਲਈ ਸਮੁੱਚੇ ਪੰਜਾਬ ਅੰਦਰ 30 ਜਨਵਰੀ ਨੂੰ ਜ਼ਿਲਾ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ। ਸਾਂਝਾ ਫਰੰਟ ਦੇ ਉਕਤ ਆਗੂਆਂ ਆਖਿਆ ਕਿ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਅਤੇ ਜਨਰਲ ਸਕੱਤਰ ਪਿੱਪਲ ਸਿੰਘ ਵੱਲੋਂ ਵੀ ਇਹਨਾਂ ਐਕਸ਼ਨਾ ਵਿੱਚ ਸ਼ਾਮਿਲ ਹੋਣ ਲਈ ਸਹਿਮਤੀ ਦਿੱਤੀ ਗਈ ਹੈ ਜਿਸ ਦਾ ਸਾਂਝਾ ਫਰੰਟ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ ਹੈ। ਸਾਂਝਾ ਫਰੰਟ ਦੇ ਆਗੂਆਂ ਵੱਲੋਂ ਇਸ ਮੌਕੇ ਸਾਂਝਾ ਫਰੰਟ ਤੋਂ ਬਾਹਰ ਰਹਿੰਦੀਆਂ ਹੋਰ ਧਿਰਾਂ ਨੂੰ ਵੀ ਸ਼ਾਮਿਲ ਕਰਾਉਣ ਲਈ ਮਿਲਣ ਦਾ ਫੈਸਲਾ ਕੀਤਾ ਹੈ।

ਆਗੂਆਂ ਆਖਿਆ ਕਿ ਪੰਜਾਬ ਸਰਕਾਰ ਦੀ ਮੁਲਾਜ਼ਮਾ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਬੇਰੁਖੀ ਦੇ ਖਿਲਾਫ ਭਾਰੀ ਗੁੱਸਾ ਹੈ , ਜਿਸ ਦਾ ਪ੍ਰਗਟਾਵਾ ਇਹਨਾਂ ਐਕਸ਼ਨਾ ਦੌਰਾਨ ਕੀਤਾ ਜਾਵੇਗਾ। ਆਗੂਆਂ ਆਖਿਆ  ਕਿ ਪੰਜਾਬ ਸਰਕਾਰ ਵੱਲੋਂ ਅਜੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ , ਤਨਖਾਹ ਕਮਿਸ਼ਨ ਦਾ ਰਹਿੰਦਾ ਦੂਜਾ ਭਾਗ ਠੰਡੇ ਵਸਤੇ ਵਿੱਚ ਪਾਇਆ ਹੋਇਆ ਹੈ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਕੋਈ ਇਨਾਮਲੀ ਵੀ ਦੂਰ ਨਹੀਂ ਕੀਤੀ ਗਈ ਜਦੋਂ ਕਿ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਅੱਠਵੇਂ ਤਨਖਾਹ ਕਮਿਸ਼ਨ ਦੀ ਵੀ ਸਥਾਪਨਾ ਕਰ ਦਿੱਤੀ ਗਈ ਹੈ। ਆਗੂਆਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਦੀ ਸਿਫਾਰਸ਼ ਦੇ ਬਾਵਜੂਦ ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਗਣਾਕ ਨਾਲ ਨਹੀਂ ਕੀਤੀ ਜਾ ਰਹੀ,ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਅਪਣਾਈ ਜਾ ਰਹੀ ਨੀਤੀ ਅੱਜ ਤੱਕ ਬਣੀਆਂ ਨੀਤੀਆਂ ਨਾਲੋਂ ਬਹੁਤ ਘਟੀਆ ਨੀਤੀ ਹੈ , ਇਹ ਨੀਤੀ ਸਿਰਫ ਤੇ ਸਿਰਫ 58 ਸਾਲ ਤੱਕ ਸੇਵਾ ਕਰਨ ਦੀ ਹੀ ਗਰੰਟੀ ਦਿੰਦੀ ਹੈ ਅਤੇ ਹੋਰ ਕੋਈ ਵੀ ਪੱਕੇ ਮੁਲਾਜ਼ਮਾਂ ਵਾਲਾ ਲਾਭ ਨਹੀਂ , ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਆਪਣੇ ਵਾਅਦੇ ਤੋਂ ਹੁਣ ਭੱਜ ਕੇ ਹੁਣ ਇਸਨੂੰ ਕੇਂਦਰ ਸਰਕਾਰ ਨਾਲ ਨੂੜਿਆ ਜਾ ਰਿਹਾ ਹੈ, ਤਨਖਾਹ ਕਮਿਸ਼ਨ ਦੇ 05 ਸਾਲ 06 ਮਹੀਨੇ ਦੇ ਬਕਾਏ ਦੇਣ ਤੋਂ ਸਰਕਾਰ ਮਾਨਯੋਗ ਉੱਚ ਅਦਾਲਤ ਵਿੱਚੋ ਵੀ ਭੱਜ ਰਹੀ ਹੈ, ਅੱਜ 08 ਸਾਲ ਬੀਤਣ ਤੋਂ ਬਾਅਦ ਵੀ ਤਨਖਾਹ ਕਮਿਸ਼ਨ ਦਾ ਦੂਜਾ ਹਿੱਸਾ ਜਿਸ ਦੇ ਤਹਿਤ ਪ੍ਰਵੀਨਤਾ ਤਰੱਕੀ ਅਤੇ ਹੋਰ ਲਾਭ ਮਿਲਣੇ ਹਨ ਜਾਰੀ ਕਰਨ ਵਾਸਤੇ ਤਿਆਰ ਨਹੀਂ, ਕੇਂਦਰ ਨਾਲੋਂ 11 ਪ੍ਰਤੀਸ਼ਤ ਮਹਿਗਾਈ ਭੱਤਾ ਘੱਟ ਦੇ ਕੇ ਇਸ ਨੂੰ ਡੀ-ਲਿੰਕ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਆਪਣੇ ਚਹੇਤੇ ਆਈ.ਏ.ਐਸ. ਅਫਸਰਾਂ ਨੂੰ ਸਭ ਕੁਝ ਦਿੱਤਾ ਜਾ ਰਿਹਾ ਹੈ ਅਤੇ ਆਮ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਵੀ ਦੱਬੀ ਬੈਠੀ ਹੈ, 01.01.2016 ਨੂੰ ਤਨਖਾਹ ਤੇ ਪੈਨਸ਼ਨ ਫ਼ਿਕਸ ਕਰਨ ਸਮੇਂ ਬਣਦੇ 125% ਮਹਿੰਗਾਈ ਭੱਤੇ ਨੂੰ ਆਧਾਰ ਨਹੀਂ ਮੰਨਿਆ ਜਾ ਰਿਹਾ, ਮੁਲਾਜ਼ਮਾਂ ਨੂੰ ਮਿਲ ਰਹੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਸੋਧਣ ਦੇ ਨਾਂ ਤੇ ਬੰਦ ਕਰਕੇ ਰੱਖ ਦਿੱਤੇ ਹਨ , ਮਿਡ-ਡੇ-ਮੀਲ ਕੁਕ ਵਰਕਰ, ਆਸ਼ਾ ਵਰਕਰ ਤੇ ਫੈਸਿਲੀਟੇਟਰ ਅਤੇ ਆਂਗਣਵਾੜੀ ਵਰਕਰ ਤੇ ਹੈਲਪਰਾਂ ਦੇ ਮਾਣ ਭੱਤੇ ਦੁਗਣੇ ਕਰਨ ਦੇ ਆਪਣੇ ਵਾਅਦੇ ਤੋਂ ਭੱਜ ਚੁੱਕੀ ਹੈ ਅਤੇ ਨਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਆਊਟਸੋਰਸ, ਇਨਲਿਸਟਮੈਟ ਅਤੇ ਕੇਂਦਰੀ ਸਕੀਮਾਂ ਤਹਿਤ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ, ਪ੍ਰੋਵੇਸ਼ਨਲ ਪੀਰੀਅਡ ਦੇ ਨਾਂ ਤੇ ਮੁਢਲੀ ਤਨਖਾਹ ਦੇ ਕੇ ਤਿੰਨ ਸਾਲ ਮੁਲਾਜ਼ਮਾ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ , 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਜਬਰਦਸਤੀ ਕੇਂਦਰੀ ਤਨਖਾਹ ਸਕੇਲ ਤਾਂ ਥੋਪ ਦਿੱਤੇ ਗਏ ਹਨ ਪਰੰਤੂ ਕੇਂਦਰੀ ਮੁਲਾਜ਼ਮਾਂ ਨੂੰ ਮਿਲ ਰਹੇ ਭੱਤੇ ਨਹੀਂ ਦਿੱਤੇ ਜਾ ਰਹੇ ਅਤੇ ਇਸ ਸਰਕਾਰ ਵਲੋਂ ਕੁਝ ਦੇਣ ਦੀ ਥਾਂ ਤੇ ਉਲਟਾ ਵਿਕਾਸ ਦੇ ਨਾਂ ਤੇ 200 ਰੁਪਏ ਜਜੀਆ ਪਹਿਲਾਂ ਮੁਲਾਜ਼ਮਾਂ ਅਤੇ ਹੁਣ ਪੈਨਸ਼ਨਰਾ ਤੋਂ ਵੀ ਵਸੂਲਿਆ ਜਾ ਰਿਹਾ ਹੈ।

ਆਗੂਆਂ ਪੰਜਾਬ ਸਰਕਾਰ ਤੇ ਇਹ ਵੀ ਦੋਸ਼ ਲਾਇਆ ਕਿ ਸਰਕਾਰ ਸ਼ਾਂਤਮਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ  ਨਜਾਇਜ਼ ਪਰਚੇ ਦਰਜ ਕਰ ਰਹੀ ਹੈ। ਸਾਂਝਾ ਫਰੰਟ ਵੱਲੋਂ ਮੀਟਿੰਗ ਦੌਰਾਨ ਇੱਕ ਵਿਸ਼ੇਸ਼ ਮਤੇ ਰਾਹੀਂ ਕੰਪਿਊਟਰ ਅਧਿਆਪਕਾਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕੀਤੀ ਅਤੇ 27 ਜਨਵਰੀ ਨੂੰ ਸਾਂਝਾ ਫਰੰਟ ਦੇ ਬੈਨਰ ਹੇਠ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ । ਮੀਟਿੰਗ ਵਿੱਚ ਉਕਤ ਆਗੂਆਂ ਤੋਂ ਇਲਾਵਾ ਕੁਲਵਰਨ ਸਿੰਘ, ਸੁਰਿੰਦਰ ਰਾਮ ਕੁੱਸਾ, ਹਰਦੀਪ ਸਿੰਘ ਟੋਡਰਪੁਰ ,ਤੀਰਥ ਸਿੰਘ ਬਾਸੀ, ਮਨਜੀਤ ਸਿੰਘ ਗਿੱਲ, ਨਰਿੰਦਰ ਸੈਣੀ, ਕੇਵਲ ਸਿੰਘ ਬਨਵੈਤ, ਸੁਖਮੰਦਰ ਸਿੰਘ , ਸਰਬਜੀਤ ਸਿੰਘ, ਗੁਲਜਾਰ ਖਾਂ, ਦਲਵਾਰਾ ਸਿੰਘ ,ਰਮਨਜੀਤ ਸਿੰਘ ਸੰਧੂ , ਜੋਗਿੰਦਰ ਲਾਲ, ਰਸ਼ਪਾਲ ਸਿੰਘ , ਸ਼ਿੰਗਾਰਾ ਸਿੰਘ ਆਦਿ ਹਾਜ਼ਰ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।