ਟ੍ਰੈਫਿਕ ਚਲਾਨ ਨਾ ਭਰਨ ਵਾਲਿਆਂ ਦੇ ਡਰਾਈਵਿੰਗ ਲਾਇਸੈਂਸ ਤੇ ਆਰ ਸੀ ਹੋਣਗੇ ਰੱਦ
ਚੰਡੀਗੜ੍ਹ: 20 ਜਨਵਰੀ, ਦੇਸ਼ ਕਲਿੱਕ ਬਿਓਰੋ
ਟਰੈਫਿਕ ਚਲਾਨਾਂ ਦੀ ਬਕਾਇਆ ਰਾਸ਼ੀ ਵਿੱਚ ਲਗਾਤਾਰ ਵਾਧੇ ਨੂੰ ਲੈ ਕੇ ਪ੍ਰਸ਼ਾਸਨ ਨੇ ਸਖਤ ਰੁਖ ਅਪਣਾਇਆ ਹੈ। ਚੰਡੀਗੜ੍ਹ ਪ੍ਰਸ਼ਾਸ਼ਨ ਨੇ ਅਜਿਹੇ ਵਾਹਨ ਚਾਲਕਾਂ ਨੂੰ ਨੋਟਿਸ ਜਾਰੀ ਕਰਨ ਦਾ ਫੈਸਲਾ ਕੀਤਾ ਹੈ ਜਿਨ੍ਹਾਂ ਪੰਜ ਜਾਂ ਇਸ ਤੋਂ ਵੱਧ ਵਾਰ ਬਕਾਇਆ ਚਲਾਨਾਂ ਦਾ ਭੁਗਤਾਨ ਨਹੀਂ ਕੀਤਾ। ਨੋਟਿਸ ਵਿੱਚ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਬਕਾਇਆ ਚਲਾਨ ਭੁਗਤਣ ਲਈ ਕਿਹਾ ਗਿਆ ਹੈ। ਅਜਿਹਾ ਨਾ ਕਰਨ ’ਤੇ ਉਨ੍ਹਾਂ ਦੇ ਡਰਾਈਵਿੰਗ ਲਾਇਸੈਂਸ ਰੱਦ ਕਰਨ ਦੇ ਨਾਲ ਉਨ੍ਹਾਂ ਦੇ ਰਜਿਸਟਰੇਸ਼ਨ ਸਰਟੀਫਿਕੇਟ (ਆਰਸੀ) ਵੀ ਮੁਅੱਤਲ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ 7.5 ਲੱਖ ਤੋਂ ਵੱਧ ਚਲਾਨ ਬਕਾਇਆ ਪਏ ਹਨ ਜਿਨ੍ਹਾਂ ਦਾ ਭੁਗਤਾਨ ਨਹੀਂ ਹੋਇਆ। ਰਜਿਸਟਰੇਸ਼ਨ ਤੇ ਲਾਇਸੈਂਸਿੰਗ ਅਥਾਰਟੀ ਦੇ ਇੰਚਾਰਜ ਪ੍ਰਦੁਮਨ ਸਿੰਘ ਨੇ ਕਿਹਾ ਕਿ ਵਾਰ-ਵਾਰ ਰਿਮਾਂਈਂਡਰ ਭੇਜਣ ਅਤੇ ਨੋਟਿਸਾਂ ਦੇ ਬਾਵਜੂਦ ਬਹੁਤ ਸਾਰੇ ਡਰਾਈਵਰ ਤੇਜ਼ ਰਫ਼ਤਾਰ, ਲਾਲ ਬੱਤੀ ਦੀ ਉਲੰਘਣਾ ਅਤੇ ਹੋਰ ਡਰਾਈਵਿੰਗ ਦੇ ਅਪਰਾਧਾਂ ਲਈ ਜੁਰਮਾਨੇ ਨਹੀਂ ਭਰ ਰਹੇ। ਉਨ੍ਹਾਂ ਕਿਹਾ ਕਿ ਪੰਜ ਜਾਂ ਇਸ ਤੋਂ ਵੱਧ ਵਾਰ ਬਕਾਇਆ ਚਲਾਨਾਂ ਦਾ ਭੁਗਤਾਨ ਨਾ ਕਰਨ ਵਾਲੇ ਚਾਲਕਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ, ਜਿਸ ਵਿੱਚ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਜੁਰਮਾਨੇ ਦੀ ਅਦਾਇਗੀ ਕਰਨੀ ਹੋਵੇਗੀ।ਜੁਰਮਾਨੇ ਦੀ ਅਦਾਇਗੀ ਨਾ ਕਰਨ ’ਤੇ ਉਨ੍ਹਾਂ ਦੇ ਡਰਾਈਵਿੰਗ ਲਾਇਸੈਂਸ ਰੱਦ ਕੀਤੇ ਜਾਣਗੇ ਅਤੇ ਉਨ੍ਹਾਂ ਦੀ ਆਰ ਸੀ ਵੀ ਮੁਅੱਤਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਡਿਫਾਲਟਰਾਂ ਦੇ ਵਾਹਨਾਂ ਨੂੰ ਅੱਗੇ ਵੇਚਣ ਤੇ ਵੀ ਰੋਕ ਲਾਈ ਜਾਵੇਗੀ।