ਅੰਮ੍ਰਿਤਸਰ, 25 ਜਨਵਰੀ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਦੇ ਅਜਨਾਲਾ ‘ਚ ਕੱਪੜਾ ਵਪਾਰੀ ਦੀ ਦੁਕਾਨ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਮਾਮਲਾ ਵਪਾਰੀ ਦੀ ਪੁਰਾਣੀ ਰੰਜਿਸ਼ ਨਾਲ ਜੁੜਿਆ ਮੰਨਿਆ ਜਾ ਰਿਹਾ ਹੈ। ਹਮਲਾਵਰਾਂ ਨੇ ਵਪਾਰੀ ਦੀ ਦੁਕਾਨ ‘ਤੇ ਪਹੁੰਚ ਕੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਸ ਦੇ ਦੋ ਭਰਾ ਜ਼ਖਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਰਜਿੰਦਰ ਕੁਮਾਰ ਨੇ ਦੱਸਿਆ ਕਿ ਉਸ ਦਾ ਪਰਿਵਾਰ ਅਮਿਤ ਕਲੌਥ ਹਾਊਸ ਨਾਂ ਦੀ ਦੁਕਾਨ ਚਲਾਉਂਦਾ ਹੈ। ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪਹਿਲਾਂ ਹੀ ਝਗੜਾ ਚੱਲ ਰਿਹਾ ਸੀ, ਜਿਸ ਨੂੰ ਦੋ ਮਹੀਨੇ ਪਹਿਲਾਂ ਸੁਲਝਾ ਲਿਆ ਗਿਆ ਸੀ। ਪਰ ਅਚਾਨਕ ਕੁਝ ਹਮਲਾਵਰ ਦੁਕਾਨ ‘ਤੇ ਪਹੁੰਚ ਗਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ਵਿੱਚ ਉਸ ਦੇ ਭਰਾ ਵਿਜੇ ਕੁਮਾਰ ਅਤੇ ਸੁਨੀਲ ਕੁਮਾਰ ਨੂੰ ਗੋਲੀਆਂ ਲੱਗੀਆਂ।
ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਅਜਨਾਲਾ ਗੁਰਿੰਦਰ ਸਿੰਘ ਪੁਲੀਸ ਫੋਰਸ ਸਮੇਤ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਪੈਸਿਆਂ ਦੇ ਲੈਣ-ਦੇਣ ਅਤੇ ਪੁਰਾਣੀ ਰੰਜਿਸ਼ ਦਾ ਲੱਗ ਰਿਹਾ ਹੈ। ਪੁਲਸ ਨੇ ਜ਼ਖਮੀਆਂ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Published on: ਜਨਵਰੀ 25, 2025 12:13 ਬਾਃ ਦੁਃ