ਬਰਿੰਦਰ ਕੁਮਾਰ ਗੋਇਲ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 21 ਨਵ ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਕਿਹਾ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਦੇ 50 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕਰਵਾਈਆਂ
ਨਵ-ਨਿਯੁਕਤ ਉਮੀਦਵਾਰਾਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਕੀਤਾ ਪ੍ਰੇਰਿਤ
ਚੰਡੀਗੜ੍ਹ, 25 ਜਨਵਰੀ: ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦੇ ਹੋਏ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 21 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਹਨਾਂ ਉਮੀਦਵਾਰਾਂ ਵਿੱਚ 19 ਉਮੀਦਵਾਰ ਖੇਤੀਬਾੜੀ ਸਬ -ਇੰਸਪੈਕਟਰ, 01 ਜੂਨੀਅਰ ਡਰਾਫਟਸਮੈਨ ਅਤੇ 01 ਸੇਵਾਦਾਰ ਹਨ।
ਅੱਜ ਇਥੇ ਪੰਜਾਬ ਭਵਨ ਵਿਖੇ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਬਰਿੰਦਰ ਕੁਮਾਰ ਗੋਇਲ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੀਆਂ ਜਾਣ ਵਾਲੀਆਂ ਭਰਤੀਆਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਸਾਰੀਆਂ ਨੋਕਰੀਆ ਮੈਰਿਟ ਦੇ ਅਧਾਰ ਤੇ ਯੋਗ ਉਮੀਦਵਾਰਾਂ ਨੂੰ ਦਿੱਤੀਆਂ ਗਈਆਂ ਹਨ। ਕੈਬਨਿਟ ਮੰਤਰੀ ਵੱਲੋਂ ਕਿਹਾ ਗਿਆ ਕਿ ਸਾਡੀ ਸਰਕਾਰ ਦਾ ਸੁਪਨਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਇੱਥੇ ਹੀ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਕੇ ਨੋਜਵਾਨ ਦੀ ਸਕਿਲ ਨੂੰ ਪੰਜਾਬ ਦੇ ਵਿਕਾਸ ਲਈ ਵਰਤਿਆ ਜਾਵੇ।
ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੀ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਸੋਚ ਨੂੰ ਬਦਲ ਦਿੱਤਾ ਕਿਉਂਕਿ ਪਿੱਛਲੀਆਂ ਸਰਕਾਰਾਂ ਤੋਂ ਲੋਕਾਂ ਦਾ ਵਿਸ਼ਵਾਸ ਖ਼ਤਮ ਹੋ ਗਿਆ ਸੀ ਕਿ ਸਰਕਾਰੀ ਨੌਕਰੀਆਂ ਕੇਵਲ ਸਿਫਾਰਸ਼ ਦੇ ਅਧਾਰ ਤੇ ਹੀ ਮਿਲਦੀਆਂ ਸਨ ਪ੍ਰੰਤੂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਦੀ ਸੋਚ ਬਦਲ ਦਿੱਤੀ। ਲੋਕਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਸੂਬੇ ਦੀ ਮੌਜੂਦਾ ਸਰਕਾਰ ਵੱਲੋਂ ਸਿਰਫ ਯੋਗ ਉਮੀਦਵਾਰਾਂ ਨੂੰ ਮੈਰਿਟ ਦੇ ਅਧਾਰ ਤੇ ਹੀ ਨੋਕਰੀਆਂ ਦਿੱਤੀਆਂ ਜਾਂਦੀਆਂ ਹਨ। ਜਿਸ ਸਦਕਾ ਹੁਣ ਸੂਬੇ ਵਿੱਚ ਆਮ ਪਰਿਵਾਰਾਂ ਦੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਇਸ ਤੋ ਇਲਾਵਾ ਉਨ੍ਹਾਂ ਨੇ ਕਿਹਾ ਕਿ ਇੱਥੇ ਨੌਜਵਾਨਾਂ ਨੂੰ ਨੌਕਰੀਆਂ ਨਾ ਮਿਲਣ ਕਰਕੇ ਉਹ ਮਜਬੂਰੀ ਵਿੱਚ ਵਿਦੇਸ਼ਾਂ ਵਿੱਚ ਜਾਂਦੇ ਸਨ, ਪਰੰਤੂ ਹੁਣ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਨੌਕਰੀਆਂ ਕਾਰਨ ਨੌਜਵਾਨ ਪੰਜਾਬ ਵਾਪਸ ਪਰਤ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਇਹਨਾਂ ਨਵ-ਨਿਯੁਕਤ ਉਮੀਦਵਾਰਾਂ ਵਿੱਚੋਂ ਵੀ ਦੋ ਉਮੀਦਵਾਰ ਅਜਿਹੇ ਹਨ ਜੋ ਕੈਨੇਡਾ ਵਿੱਚ ਕੰਮ ਕਰਦੇ ਸਨ ਅਤੇ ਉਨ੍ਹਾਂ ਨੇ ਕੈਨੇਡਾ ਤੋਂ ਵਾਪਿਸ ਆ ਕੇ ਅੱਜ ਖੇਤੀਬਾੜੀ ਸਬ- ਇੰਸਪੈਕਟਰ ਦੀ ਅਸਾਮੀ ਲਈ ਨਿਯੁਕਤੀ ਪੱਤਰ ਪ੍ਰਾਪਤ ਕੀਤੇ ਹਨ।
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਗੇ ਕਿਹਾ ਕਿ ਸਾਡੀ ਸਰਕਾਰ ਦੇਸ਼ ਦੀ ਅਜਿਹੀ ਪਹਿਲੀ ਸਰਕਾਰ ਹੈ, ਜਿਸ ਵੱਲੋਂ ਆਪਣੇ ਕਾਰਜ਼ਕਾਲ ਦੌਰਾਨ ਸੂਬੇ ਦੇ ਆਮ ਪਰਿਵਾਰਾਂ ਦੇ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਏ ਹਨ।
ਉਨ੍ਹਾਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਕਿਹਾ ਕਿ ਖੇਤੀਬਾੜੀ ਸਬ- ਇੰਸਪੈਕਟਰ ਅਤੇ ਡਰਾਫਸਮੈਨ ਦੀ ਅਸਾਮੀ ਇਸ ਵਿਭਾਗ ਦੀ ਰੀੜ੍ਹ ਦੀ ਹੱਡੀ ਹੈ। ਇਸ ਲਈ ਉਹ ਭੂਮੀ ਅਤੇ ਜਲ ਸੰਭਾਲ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨ ਅਤੇ ਕਿਸਾਨਾਂ ਨੂੰ ਇਹਨਾਂ ਸਕੀਮਾਂ ਬਾਰੇ ਜਾਗਰੂਕ ਕਰਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਭੂਮੀ ਤੇ ਜਲ ਸੰਭਾਲ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਉਣ ਲਈ ਸੂਬੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾਣ।
ਵਧੀਕ ਮੁੱਖ ਸਕੱਤਰ (ਖੇਤੀਬਾੜੀ) ਸ੍ਰੀ ਅਨੁਰਾਗ ਵਰਮਾ ਨੇ ਵੀ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਜਲ ਸਰੋਤਾਂ ਦੀ ਸੰਭਾਲ ਦੀ ਮਹੱਤਤਾ ਬਾਰੇ ਦੱਸਦਿਆਂ ਭਰਤੀ ਕੀਤੇ ਜਾ ਰਹੇ ਕਰਮਚਾਰੀਆਂ ਨੂੰ ਆਪਣੀ ਪੂਰੀ ਸਮੱਰਥਾ ਨਾਲ ਕੰਮ ਕਰਨ ਲਈ ਕਿਹਾ। ਉਨਾਂ ਨੇ ਇਹ ਵੀ ਕਿਹਾ ਕਿ ਨਵ-ਨਿਯੁਕਤ ਮੁਲਾਜ਼ਮ ਉਸ ਸੰਸਥਾਂ ਵਿੱਚ ਸ਼ਾਮਲ ਹੋ ਰਹੇ ਹਨ ਜਿਸਦਾ ਕੰਮ ਰਾਜ ਦੇ ਹਰ ਖੇਤਰ ਵਿੱਚ ਪਾਣੀ ਦੀ ਬੱਚਤ ਕਰਨਾ ਹੈ।
ਮੁੱਖ ਭੂਮੀ ਪਾਲ, ਮਹਿੰਦਰ ਪਾਲ ਸੈਣੀ ਨੇ ਵਿਭਾਗੀ ਪਰਿਵਾਰ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪੂਰੀ ਜਿੰਮੇਵਾਰੀ ਅਤੇ ਮਿਹਨਤ ਨਾਲ ਡਿਊਟੀ ਨਿਭਾਉਣ ਦਾ ਸੱਦਾ ਦਿੱਤਾ।
Published on: ਜਨਵਰੀ 25, 2025 6:55 ਬਾਃ ਦੁਃ