ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਗਣਤੰਤਰ ਦਿਵਸ ਮੌਕੇ ਬਠਿੰਡਾ ’ਚ ਲਹਿਰਾਇਆ ਕੌਮੀ ਤਿੰਰਗਾ
• ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਕੀਤਾ ਸਿਜਦਾ
• ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਕੀਤਾ ਸਾਝਾਂ
• ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ
· ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਨੂੰ ਕੀਤਾ
ਸਨਮਾਨਿਤ
• ਲੋੜਵੰਦਾਂ ਨੂੰ ਵੰਡੇ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ
· ਸਕੂਲੀ ਬੱਚਿਆਂ ਨੇ ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਕੀਤੀਆਂ ਪੇਸ਼ਕਾਰੀਆਂ
ਬਠਿੰਡਾ, 26 ਜਨਵਰੀ : ਦੇਸ਼ ਕਲਿੱਕ ਬਿਓਰੋ
ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਕੈਬਨਿਟ ਮੰਤਰੀ, ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ, ਖੁਸ਼ਹਾਲ, ਹੱਸਦਾ ਤੇ ਖੇਡਦਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਜਾਰੀ ਰੱਖਣ ਦਾ ਅਹਿਦ ਲਿਆ ਅਤੇ ਸਰਕਾਰ ਵਲੋਂ ਸਿਹਤ, ਸਿੱਖਿਆ ਤੇ ਹੋਰ ਖੇਤਰਾਂ ਵਿੱਚ ਕੀਤੀਆਂ ਜਾ ਰਹੀਆਂ ਕ੍ਰਾਂਤੀਕਾਰੀ ਤਬਦੀਲੀਆਂ ਦੀ ਸ਼ਲਾਘਾ ਕੀਤੀ। ਸਮਾਗਮ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ ਕੋਟਫੱਤਾ ਅਤੇ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਮੌਜੂਦ ਰਹੇ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਸਐਸਪੀ ਬਠਿੰਡਾ ਮੈਡਮ ਅਮਨੀਤ ਕੌਂਡਲ ਅਤੇ ਪ੍ਰੇਡ ਕਮਾਂਡਰ ਅਨੁਭਵ ਜੈਨ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਮੌਕੇ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਜ਼ਿਲ੍ਹਾ ਵਾਸੀਆਂ ਤੋਂ ਇਲਾਵਾ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕੀਤਾ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ।
ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਗਣਤੰਤਰ ਦਿਵਸ ਦੀ ਮਹੱਹਤਾ ਨੂੰ ਯਾਦ ਕਰਦਿਆਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਮਿਲਿਆ। ਉਨ੍ਹਾਂ ਇਸ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਨੇ ਮੁੱਖ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਿਕਾਸ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਕ੍ਰਾਂਤੀਕਾਰੀ ਤਬਦੀਲੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਬਠਿੰਡਾ ’ਚ ਸ਼ਹੀਦ ਭਗਤ ਸਿੰਘ ਯਾਦਗਾਰੀ ਸੈਰਗਾਹ ਬਣਾਈ ਗਈ ਇਸ ਤੋਂ ਇਲਾਵਾ 94.11 ਕਰੋੜ ਦੀ ਲਾਗਤ ਨਾਲ ਰਿੰਗ ਰੋਡ ਵੀ ਬਣਾਈ ਜਾ ਰਹੀ ਹੈ, ਜੋ ਕਿ ਲਗਭਗ ਮੁਕੰਮਲ ਹੋਣ ਵਾਲਾ ਹੈ। ਇਸ ਤੋਂ ਇਲਾਵਾ ਸਿਵਲ ਹਸਪਤਾਲ ਦੇ ਜੱਚਾ-ਬੱਚਾ ਹਸਪਤਾਲ ਵਿਖੇ 8 ਕਰੋੜ ਦੀ ਲਾਗਤ ਨਾਲ ਬੈਡਾਂ ਦੀ ਕਪੈਸਟੀ 50 ਤੋਂ ਵਧਾ ਕੇ 80 ਕਰ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ 31 ਨਵੀਂਆਂ ਲਾਇਬ੍ਰੇਰੀਆਂ ਦੀ ਉਸਾਰੀ ਮੁਕੰਮਲ ਅਤੇ 8 ਕਰੋੜ 61 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਸਟੇਟ ਆਫ਼ ਆਰਟ ਲਾਇਬ੍ਰੇਰੀ ਦੀ ਉਸਾਰੀ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਕਰੀਬ 33 ਕਰੋੜ ਦੀ ਲਾਗਤ ਨਾਲ ਜ਼ਿਲ੍ਹੇ ਦੇ ਪਿੰਡਾਂ ਵਿੱਚ 110 ਛੱਪੜਾਂ ਨੂੰ ਥਾਪਰ ਮਾਡਲ ਤਕਨੀਕ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਥਾਨਕ ਰੋਜ਼ ਗਾਰਡਨ ਵਿਖੇ 30 ਕਰੋੜ ਦੀ ਲਾਗਤ ਨਾਲ ਬਲਵੰਤ ਗਾਰਗੀ ਆਡੀਟੋਰੀਅਮ ਵੀ ਸਥਾਪਤ ਕੀਤਾ ਜਾ ਚੁੱਕਾ ਹੈ।
ਆਪਣੇ ਵਿਭਾਗਾਂ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਬਾਲਿਆਂਵਾਲੀ ਵਿਖੇ ਨਵਾਂ ਸਬ-ਤਹਿਸੀਲ ਕੰਪਲੈਕਸ ਬਣ ਕੇ ਤਿਆਰ ਹੋ ਚੁੱਕਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ’ਚ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਪਟਵਾਰਖਾਨਾ ਅਤੇ ਵੱਖ-ਵੱਖ ਸਬ-ਤਹਿਸੀਲਾਂ ਵਿੱਚ ਲਗਭਗ 19.8 ਕਰੋੜ ਦੀ ਲਾਗਤ ਨਾਲ ਸਬ-ਤਹਿਸੀਲ ਕੰਪਲੈਕਸਾਂ ਦਾ ਕੰਮ ਵੀ ਪ੍ਰਗਤੀ ਅਧੀਨ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲਗਭਗ 38.08 ਕਰੋੜ ਦੀ ਲਾਗਤ ਨਾਲ ਮੁਲਤਾਨੀਆ ਓਵਰਬਰਿੱਜ ਦਾ ਕੰਮ ਚੱਲ ਰਿਹਾ ਹੈ, ਜੋ ਕਿ ਜਲਦ ਹੀ ਮੁਕੰਮਲ ਅਤੇ ਲਗਭਗ 50.86 ਕਰੋੜ ਦੀ ਲਾਗਤ ਨਾਲ ਜਨਤਾ ਨਗਰ ਬਰਿੱਜ ਦਾ ਕੰਮ ਜਲਦ ਹੀ ਸ਼ੁਰੂ ਹੋ ਜਾਵੇਗਾ।
ਸਿਹਤ ਸੇਵਾਵਾਂ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਥਾਨਕ ਸਿਵਲ ਹਸਪਤਾਲ ਵਿਖੇ ਲਗਭਗ 15 ਕਰੋੜ ਦੀ ਲਾਗਤ ਨਾਲ ਕ੍ਰਿਟੀਕਲ ਕੇਅਰ ਸੈਂਟਰ (ਸੀ.ਸੀ.ਯੂ) ਬਣਾਉਣ ਦਾ ਕੰਮ ਚੱਲ ਰਿਹਾ ਹੈ, ਜਿਸਦਾ ਕੰਮ ਲਗਭੱਗ ਮਈ 2025 ਵਿੱਚ ਮੁਕੰਮਲ ਹੋ ਜਾਵੇਗਾ। ਇਸ ਤੋਂ ਇਲਾਵਾ ਸਿਵਲ ਹਸਪਤਾਲ ਵਿਖੇ ਲਗਭਗ 4.54 ਕਰੋੜ ਦੀ ਲਾਗਤ ਨਾਲ ਆਈ.ਪੀ.ਐਚ. ਲੈੱਬ ਬਣਾਉਣ ਦਾ ਕੰਮ ਜਲਦ ਹੀ ਸ਼ੁਰੂ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਤਲਵੰਡੀ ਸਾਬੋ ਵਿਖੇ 7 ਕਰੋੜ ਦੀ ਲਾਗਤ ਨਾਲ ਨਵਾਂ 30 ਬੈੱਡਾ ਦਾ ਜੱਚਾ-ਬੱਚਾ ਹਸਤਪਾਲ ਬਣਾਉਣ ਦਾ ਕੰਮ ਪ੍ਰਗਤੀ ਅਧੀਨ ਹੈ ਜੋ ਕਿ ਫਰਵਰੀ ਦੇ ਅੰਤ ਤੱਕ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ 1.61 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ, ਸਬ-ਡਵੀਜਨ ਹਸਪਤਾਲਾਂ ਅਤੇ ਸਰਕਾਰੀ ਕੰਮਿਊਨਟੀ ਸੈਂਟਰਾਂ ਦੀਆਂ ਬਿਲਡਿੰਗਾਂ ਨੂੰ ਸੋਲਰ ਪਾਵਰ ਅਧੀਨ ਕਵਰ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਨੇ ਪਰੇਡ ਕਮਾਂਡਰ ਸ਼੍ਰੀ ਅਨੁਭਵ ਜੈਨ ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੰਜਾਬ ਪੁਲਿਸ, ਹੋਮ ਗਾਰਡਜ, ਐਨ.ਸੀ.ਸੀ. ਲੜਕੇ ਤੇ ਲੜਕੀਆਂ, ਨੇਵਲ, ਸਕਾਊਟਸ ਤੇ ਗਾਈਡਜ਼ ਅਤੇ ਨਰਸਿੰਗ ਦੀਆਂ ਟੁਕੜੀਆਂ ਤੋਂ ਇਲਾਵਾ ਹੋਰ ਪੁਲਿਸ ਤੇ ਆਰਮੀ ਦੇ ਬੈਂਡਾਂ ਦੀ ਟੁਕੜੀ ਵੱਲੋਂ ਕੀਤੇ ਗਏ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ, ਦੇਸ਼ ਭਗਤੀ ਤੇ ਪੰਜਾਬ ਸੱਭਿਆਚਾਰ ਨੂੰ ਦਰਸਾਉਂਦੀਆਂ ਹੋਈਆਂ ਕੋਰੀਓਗ੍ਰਾਫੀਆਂ ਤੋਂ ਇਲਾਵਾ ਪੰਜਾਬ ਦਾ ਪ੍ਰਸਿੱਧ ਲੋਕਨਾਚ ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ।
ਇਸ ਤੋਂ ਪਹਿਲਾਂ ਵੱਖ-ਵੱਖ ਵਿਭਾਗਾਂ ਵਲੋਂ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਵੀ ਕੱਢੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਤੇ ਵਿਦਿਆਰਥੀਆਂ ਵਲੋਂ ਅਮਨ ਤੇ ਸ਼ਾਂਤੀ ਦਾ ਪ੍ਰਤੀਕ ਰੰਗ-ਬਿਰੰਗੇ ਗੁਬਾਰੇ ਛੱਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
ਸਮਾਗਮ ਮੌਕੇ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਆਜ਼ਾਦੀ ਘੁਲਾਟੀਆਂ, ਪੁਲਿਸ ਤੇ ਫ਼ੌਜ ’ਚ ਸ਼ਹੀਦ ਹੋਏ ਸੂਰਬੀਰਾਂ ਦੇ ਪਰਿਵਾਰਾਂ, ਪ੍ਰੇਡ ਕਮਾਂਡਰ, ਪ੍ਰੇਡ ’ਚ ਸ਼ਾਮਲ ਵੱਖ-ਵੱਖ ਟੁਕੜੀਆਂ, ਪੀਟੀ ਸ਼ੋਅ, ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ, ਆਪਣੀ ਡਿਊਟੀ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਸਖਸ਼ੀਅਤਾਂ, ਸਮਾਜ ਸੇਵਾ ਖੇਤਰ ਵਿੱਚ ਆਪਣਾ ਯੋਗਦਾਨ ਪਾਉਣ ਵਾਲੀਆਂ ਐਨਜੀਓਜ਼ ਦੇ ਨੁਮਾਇੰਦਿਆਂ ਤੋਂ ਇਲਾਵਾ ਵਾਤਾਵਰਣ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਅਗਾਂਹ ਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ।
ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਸੁਮੀਤ ਮਲਹੋਤਰਾ ਅਤੇ ਹੋਰ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬਾਨ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰਰੀਜ਼ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਜ਼ਿਲ੍ਹਾ ਯੋਜ਼ਨਾ ਕਮੇਟੀ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਸ਼ੂਗਰਫੈਡ ਪੰਜਾਬ ਸ਼੍ਰੀ ਨਵਦੀਪ ਜੀਦਾ, ਚੇਅਰਮੈਨ, ਆਬਕਾਰੀ ਤੇ ਕਰ ਵਿਭਾਗ ਸ਼੍ਰੀ ਅਨਿਲ ਠਾਕੁਰ, ਪੰਜਾਬ ਕ੍ਰਿਕਟ ਐਸੋਸ਼ੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਸਿੰਘ ਮਹਿਤਾ, ਵਾਈਸ ਚੇਅਰਮੈਨ ਐਸ.ਸੀ. ਕਾਰਪੋਰੇਸ਼ਨ ਸ. ਗੁਰਜੰਟ ਸਿੰਘ ਸਿਵੀਆਂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਰੁਪਿੰਦਰ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਤਹਿਸੀਲਦਾਰ ਮੈਡਮ ਦਿਵਿਆ ਸਿੰਗਲਾ, ਕੌਸਲਰ ਸ਼੍ਰੀ ਸੁਖਦੀਪ ਸਿੰਘ ਢਿੱਲੋ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ, ਅਧਿਕਾਰੀ ਅਤੇ ਭਾਰੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਆਦਿ ਹਾਜ਼ਰ ਸਨ।
Published on: ਜਨਵਰੀ 26, 2025 3:41 ਬਾਃ ਦੁਃ