ਚੰਡੀਗੜ੍ਹ/ ਹੁਸ਼ਿਆਰਪੁਰ, 26 ਜਨਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ।
ਗਣਤੰਤਰ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਿਰੰਗਾ ਲਹਿਰਾਉਣ ਉਪਰੰਤ, ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਦੇ ਨਾਲ–ਨਾਲ ਲੋੜਵੰਦ ਵਿਅਕਤੀਆਂ ਨੂੰ ਮੋਟਰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ।
ਦੇਸ਼ ਵਾਸੀਆਂ ਨੂੰ ਵਧਾਈ ਸੰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਨਾਲ ਭਾਰਤ ਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਉਨ੍ਹਾਂ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ।
ਆਜ਼ਾਦੀ ਲਈ ਲੜੇ ਘੋਲ ਵਿਚ ਪੰਜਾਬੀਆਂ ਦੀ ਮੋਹਰੀ ਭੂਮਿਕਾ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡਾ ਇਤਿਹਾਸ ਜਲ੍ਹਿਆਂਵਾਲਾ ਬਾਗ਼ ਅਤੇ ਹੋਰ ਖੂਨੀ ਸਾਕਿਆਂ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਉਪਰੰਤ ਅਹਿਮ ਫ਼ੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਗਵਾਈਆਂ।ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਸਰਦਾਰ ਭਗਤ ਸਿੰਘ ਦੇ ਨਾਂ ਉਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਤ ਕੀਤਾ ਹੈ।
ਪੰਜਾਬ ਸਰਕਾਰ ਦੇ ਲੋਕਪੱਖੀ ਉਪਰਾਲਿਆਂ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲੀਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਪ੍ਰਬੰਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਧਰਮੀ ਫੌਜੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਦੇ ਨਾਲ-ਨਾਲ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ।
ਪੰਜਾਬ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਬਾਰੇ ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 34 ਮਹੀਨਿਆਂ ਦੌਰਾਨ ਤਕਰੀਬਨ 50 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸੂਬੇ ਭਰ ਵਿੱਚ 4862 ਪਲੇਸਮੈਂਟ ਲਗਾ ਕੇ 2 ਲੱਖ 72 ਹਜਾਰ 590 ਨੌਜਵਾਨਾਂ ਨੂੰ ਪ੍ਰਾਈਵੇਟ ਖੇਤਰ ਵਿੱਚ ਰੋਜ਼ਗਾਰ ਹਾਸਲ ਕਰਨ ਵਿੱਚ ਮਦਦ ਕੀਤੀ ਗਈ। ਪੰਜਾਬ ਪੁਲਿਸ ਵਿੱਚ ਅਪ੍ਰੈਲ 2022 ਤੋਂ ਹੁਣ ਤੱਕ 10,000 ਤੋਂ ਵੱਧ ਭਰਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 881 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਲੱਖਾਂ ਲੋਕਾਂ ਨੂੰ ਮੁਫ਼ਤ ਵਿਚ ਮਿਆਰੀ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਸਿੱਖਿਆ ਕ੍ਰਾਂਤੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ 118 ਸਕੂਲ ਆਫ਼ ਐਮੀਨੈਂਸ ਸ਼ੁਰੂ ਹੋਏ ਹਨ ਜਿਨ੍ਹਾਂ ਵਿਚੋਂ ਪੰਜ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਪ੍ਰੈਲ 2022 ਤੋਂ ਹੁਣ ਤੱਕ ਕੁੱਲ 10,376 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਹੁਣ ਤੱਕ 198 ਸਕੂਲ ਪ੍ਰਿੰਸੀਪਲਾਂ ਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਤੋਂ, 150 ਹੈੱਡ-ਮਾਸਟਰਾਂ ਨੂੰ ਆਈ.ਆਈ.ਐਮ., ਅਹਿਮਦਾਬਾਦ ਅਤੇ 72 ਪ੍ਰਾਇਮਰੀ ਸਕੂਲ ਅਧਿਆਪਕਾਂ ਨੂੰ ਯੂਨੀਵਰਸਿਟੀ ਆਫ ਤੁਰਕੂ, ਫਿਨਲੈਂਡ ਤੋਂ ਸਿਖਲਾਈ ਦੁਆਈ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਾਲ ਮਾਰਚ ਵਿੱਚ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਸਿਖਲਾਈ ਲਈ ਯੂਨੀਵਰਸਿਟੀ ਆਫ ਤੁਰਕੂ, ਫਿਨਲੈਂਡ ਭੇਜਿਆ ਜਾਵੇਗਾ।
ਸਕੂਲ ਆਫ਼ ਹੈਪੀਨੈਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰੋਜੈਕਟ ਤਹਿਤ ਹੁਸ਼ਿਆਰਪੁਰ ਜਿਲ੍ਹੇ ਵਿੱਚ 9 ਸਕੂਲ ਉਸਾਰੇ ਜਾ ਰਹੇ ਹਨ ਅਤੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 81,749 ਵਿਦਿਆਰਥੀਆਂ ਲਈ 600 ਰੁਪਏ ਦੇ ਹਿਸਾਬ ਨਾਲ ਵਰਦੀ ਵਾਸਤੇ 4.90 ਕਰੋੜ ਰੁਪਏ ਦਿੱਤੇ ਗਏ ਹਨ। ਸਾਲ 2023-24 ਤੇ 2024-25 ਦੌਰਾਨ ਜਿਲ੍ਹੇ ਦੇ ਪ੍ਰਾਇਮਰੀ ਤੇ ਅੱਪਰ ਪ੍ਰਾਇਮਰੀ ਸਕੂਲਾਂ ਨੂੰ ਨਵੀਂ ਚਾਰਦੀਵਾਰੀ ਵਾਸਤੇ 12 ਕਰੋੜ 52 ਲੱਖ ਤੇ 75 ਹਜਾਰ ਰੁਪਏ ਦੀ ਗਰਾਂਟ ਦਿੱਤੀ ਗਈ ਹੈ। ਹੁਸ਼ਿਆਰਪੁਰ ਵਿੱਚ 130 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਬਿਜਨੈਸ ਬਲਾਸਟਰ ਪ੍ਰੋਗਰਾਮ ਚੱਲ ਰਿਹਾ ਹੈ, ਜਿਸ ਤਹਿਤ 2024-25 ਵਿੱਚ 3834 ਵਿਦਿਆਰਥੀਆਂ ਨੂੰ 2000 ਰੁਪਏ ਦੇ ਹਿਸਾਬ ਨਾਲ 76.68 ਲੱਖ ਰੁਪਏ ਦੀ ਸੀਡ ਮਨੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਜਲਦ ਹੀ ਜ਼ਿਲ੍ਹਿਆਂ ਵਿਚ ਸਕੂਲਾਂ ਅੰਦਰ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨਤਾਰਨ ਦੇ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਬਹੁਤ ਜਲਦ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਆਂ ਭਰਤੀਆ 2364 ਅਤੇ 5994 ਤਹਿਤ ਸਟੇਸ਼ਨਾਂ ਦੀ ਚੋਣ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਹੀ ਹੈ ਜਿਸ ਨਾਲ 6 ਹਜ਼ਾਰ ਦੇ ਕਰੀਬ ਅਧਿਆਪਕਾਂ ਦੀ ਭਰਤੀ ਨਾਲ ਇਸ ਕਮੀ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਅਧਿਆਪਕ-ਵਿਦਿਆਰਥੀ ਦਰ ਦੇ ਖੇਤਰ ਵਿਚ ਪੰਜਾਬ ਸਭ ਤੋਂ ਮੋਹਰੀ ਸੂਬੇ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਕੂਲਾਂ ਲਈ ਐਲਾਨੀਆਂ ਗਰਾਂਟਾਂ ਜਾਰੀ ਹੋ ਚੁੱਕੀਆਂ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਆਉਣ ਵਾਲੇ ਸਮੇਂ ਵਿਚ ਕਈ ਨਵੇਂ ਬਣੇ ਸਕੂਲਾਂ ਦਾ ਉਦਘਾਟਨ ਹੋਵੇਗਾ।
ਕੇਂਦਰ ਸਰਕਾਰ ਦੇ ਗਰੀਨ ਸਕੂਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇਸ਼ ਭਰ ਵਿਚ ਬੈਸਟ ਗਰੀਨ ਡਿਸਟ੍ਰਿਕਟ ਐਵਾਰਡ ਲਈ ਚੁੱਣੇ ਜਾਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਕੂਲਾਂ ਅੰਦਰ ਪੜ੍ਹਾਈ ਅਤੇ ਬੁਨਿਆਦੀ ਢਾਂਚੇ ਵਿਚ ਵੱਡੇ ਪੱਧਰ ’ਤੇ ਸੁਧਾਰ ਹੋਇਆ ਹੈ। ਉਦਯੋਗਿਕ ਖੇਤਰ ਵਿੱਚ ਆਈ.ਟੀ.ਆਈ. ਸਿੱਖਿਆਰਥੀਆਂ ਦੀ ਵੱਧ ਰਹੀ ਮੰਗ ਦੇ ਮੱਦੇਨਜ਼ਰ ਸਾਲ 2025 ਤੱਕ ਆਈ.ਟੀ.ਆਈਜ਼. ਵਿੱਚ ਕੁੱਲ ਸੀਟਾਂ ਦੀ ਗਿਣਤੀ ਨੂੰ ਵਧਾ ਕੇ 52 ਹਜ਼ਾਰ ਕਰਨ ਦੇ ਨਾਲ-ਨਾਲ ਸਰਕਾਰੀ ਆਈ.ਟੀ.ਆਈਜ਼. ਵਿੱਚ 25 ਫ਼ੀਸਦ ਸੀਟਾਂ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਰ ਬੈਠੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਵਾਉਣ ਲਈ
ਪੰਜਾਬ ਸਰਕਾਰ ਵਲੋਂ 1076 ਹੈਲਪਲਾਈਨ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਨੇ ਦੇਸ਼ ਭਰ ਵਿੱਚ ਨਿਵੇਕਲੀ ਪਹਿਲਕਦਮੀ ਦਾ ਆਗਾਜ਼ ਕੀਤਾ ਹੈ, ਜਿਸ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ ਅਤੇ ਮਾਲ ਵਿਭਾਗ ਦੇ ਸਬੰਧਤ ਅਧਿਕਾਰੀ ਵੱਖ-ਵੱਖ ਸਰਟੀਫਿਕੇਟਾਂ ਲਈ ਅਰਜੀਆਂ ਦੀ ਆਨਲਾਈਨ ਤਸਦੀਕ ਕਰਨਗੇ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ।
ਖੇਤੀਬਾੜੀ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦਾ ਧੁਰਾ ਹੈ। ਪੰਜਾਬ ਦਾ ਮੰਡੀਕਰਨ ਢਾਂਚਾ ਦੇਸ਼ ਵਿੱਚ ਸਭ ਤੋਂ ਮਜ਼ਬੂਤ ਹੈ ਅਤੇ ਸਾਲ 2023-24 ਦੌਰਾਨ ਪੰਜਾਬ ਨੇ ਕੇਂਦਰੀ ਅੰਨ ਭੰਡਾਰ ਵਿੱਚ ਝੋਨੇ ਦਾ ਕਰੀਬ 25 ਫੀਸਦੀ ਅਤੇ ਕਣਕ ਦਾ ਲਗਭਗ 46.8 ਫੀਸਦੀ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸਾਲ 2023 ਦੌਰਾਨ 5.96 ਲੱਖ ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਅਧੀਨ ਸੀ, ਜੋ ਸਾਲ 2024 ਵਿੱਚ ਵਧ ਕੇ 6.81 ਲੱਖ ਹੈਕਟੇਅਰ ਹੋ ਗਿਆ, ਜੋ ਪਹਿਲਾਂ ਨਾਲੋਂ ਲਗਭਗ 14 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਅਤੇ ਕਿਸਾਨ ਜਾਗਰੂਕਤਾ ਸਦਕਾ ਸਾਲ 2023 ਦੇ ਮੁਕਾਬਲੇ ਸਾਲ 2024 ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿਚ 70 ਫੀਸਦੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜਿਲ੍ਹੇ ਵਿਚ ਸਾਲ 2024 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 75 ਫੀਸਦੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ‘ਤੇ ਵੀ ਸੂਬਾ ਸਰਕਾਰ ਦਾ ਵਿਸ਼ੇਸ਼ ਧਿਆਨ ਹੈ ਅਤੇ ਬਾਗ਼ਬਾਨੀ ਅਧੀਨ ਰਕਬਾ 4,39,210 ਤੋਂ ਵਧ ਕੇ 4,81,743 ਹੈਕਟੇਅਰ ਹੋ ਗਿਆ ਹੈ।
ਸੜਕ ਸੁਰੱਖਿਆ ਫੋਰਸ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਲੋਕਾਂ ਨੂੰ ਸਮਰਪਿਤ ਕੀਤੀ ਹੈ ਜਿਸ ਨੂੰ 144 ਅਤਿ-ਆਧੁਨਿਕ ਗੱਡੀਆਂ ਦਿੱਤੀਆਂ ਗਈਆਂ ਹਨ। ਸੜਕ ਸੁਰੱਖਿਆ ਫੋਰਸ ਨੇ 6 ਮਿੰਟ ਅਤੇ 45 ਸਕਿੰਟਾਂ ਤੋਂ ਘੱਟ ਦੇ ਔਸਤਨ ਰਿਸਪਾਂਸ ਟਾਇਮ ਨਾਲ ਕਰੀਬ 19 ਹਜ਼ਾਰ ਸੜਕ ਹਾਦਸਿਆਂ ਵਿੱਚ ਸਹਾਇਤਾ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਪੰਜਾਬੀਆਂ ਦੇ ਮਸਲੇ ਆਨਲਾਈਨ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਪ੍ਰਵਾਸੀ ਪੰਜਾਬੀਆਂ ਤੋਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਬੰਧਤ ਵਿਭਾਗਾਂ ਅਤੇ ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਨੂੰ ਲੋੜੀਂਦੀ ਕਾਰਵਾਈ ਹਿੱਤ ਭੇਜਿਆ ਜਾਂਦਾ ਹੈ। ਐਨ.ਆਰ.ਆਈਜ਼ ਆਪਣੀਆਂ ਸਮੱਸਿਆਵਾਂ ਵਟਸਐਪ ਨੰਬਰ: 90560-09884 ਉਤੇ ਭੇਜ ਸਕਦੇ ਹਨ, ਜਿਸ ਉੱਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।
ਸਕੂਲੀ ਬੱਚਿਆਂ ਵਲੋਂ ਦੇਸ਼ ਭਰਤੀ ਨਾਲ ਸਬੰਧਤ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ ਅਤੇ ਪੰਜਾਬ ਦਾ ਲੋਕਨਾਚ ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ। ਕੈਬਨਿਟ ਮੰਤਰੀ ਨੇ ਗਣਤੰਤਰ ਦਿਵਸ ਸਮਾਗਮ ਵਿਚ ਭਾਗ ਲੈਣ ਵਾਲੇ ਸਕੂਲਾਂ ਤੇ ਕਾਲਜਾਂ ਵਿਚ 27 ਜਨਵਰੀ 2025 ਨੂੰ ਛੁੱਟੀ ਦਾ ਐਲਾਨ ਕੀਤਾ। ਮੈਰੀਗੋਲਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗਾਨ ਨਾਲ ਸਮਾਗਮ ਦੀ ਸਮਾਪਤੀ ਹੋਈ। ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਆਈ.ਜੀ. ਇੰਟੈਲੀਜੈਂਸ ਬਾਬੂ ਲਾਲ ਮੀਨਾ, ਐਸ.ਐਸ.ਪੀ. ਸੁਰੇਂਦਰ ਲਾਂਬਾ, ਜ਼ਿਲ੍ਹਾ ਪਲਾਨਿੰਗ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਤੋਂ ਇਲਾਵਾ ਵੱਖ-ਵੱਖ ਸਖ਼ਸ਼ੀਅਤਾਂ ਹਾਜ਼ਰ ਸਨ।
Published on: ਜਨਵਰੀ 26, 2025 6:46 ਬਾਃ ਦੁਃ