ਬਾਬਾ ਬਕਾਲਾ ਸਾਹਿਬ, 27 ਜਨਵਰੀ, ਦੇਸ਼ ਕਲਿਕ ਬਿਊਰੋ :
ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਤੋਂ ਇੱਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਚੀਮਾਬਾਠ ਦੇ ਨੇੜੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਜੋੜੇ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਪਤੀ-ਪਤਨੀ ਕੁਲਵੰਤ ਸਿੰਘ ਅਤੇ ਜਸਬੀਰ ਕੌਰ ਵਜੋਂ ਹੋਈ ਹੈ। ਮ੍ਰਿਤਕ ਬੁਟਾਰੀ ਸਟੇਸ਼ਨ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਜਾਣਕਾਰੀ ਦੇ ਅਨੁਸਾਰ, ਦੋਵੇਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ।ਇਸ ਦੌਰਾਨ ਉਨ੍ਹਾਂ ਦਾ ਮੋਟਰਸਾਈਕਲ ਇੱਟਾਂ ਨਾਲ ਭਰੀ ਟਰਾਲੀ ਨਾਲ ਟਕਰਾ ਗਿਆ। ਘਟਨਾ ਸਥਾਨ ’ਤੇ ਮੌਜੂਦ ਲੋਕਾਂ ਦੇ ਅਨੁਸਾਰ ਇੱਟਾਂ ਨਾਲ ਲੱਦੀ ਟਰੈਕਟਰ-ਟਰਾਲੀ ਕਾਫੀ ਤੇਜ਼ ਰਫਤਾਰ ਵਿੱਚ ਸੀ ਅਤੇ ਹਾਦਸੇ ਤੋਂ ਬਾਅਦ ਚਾਲਕ ਮੌਕੇ ਤੋਂ ਫਰਾਰ ਹੋ ਗਏ।
ਟੱਕਰ ਏਨੀ ਜ਼ੋਰਦਾਰ ਸੀ ਕਿ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਬਿਆਸ ਥਾਣੇ ਤੋਂ ਪੁੱਜੇ ਸਬ ਇੰਸਪੈਕਟਰ ਰਤਨ ਸਿੰਘ ਨੇ ਕਾਰਵਾਈ ਕਰਦੇ ਹੋਏ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਬਾਬਾ ਬਕਾਲਾ ਸਾਹਿਬ ਭੇਜਿਆ ਅਤੇ ਦੱਸਿਆ ਕਿ ਅੱਗੇ ਦੀ ਕਾਨੂੰਨੀ ਕਾਰਵਾਈ ਜਾਰੀ ਹੈ।
Published on: ਜਨਵਰੀ 27, 2025 12:48 ਬਾਃ ਦੁਃ