ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ‘‘ਓਪਰੇਸ਼ਨ ਸੰਪਰਕ’’ ਮੁਹਿੰਮ ਤਹਿਤ ਉਪਰਾਲੇ ਜਾਰੀ : ਅਮਨੀਤ ਕੌਂਡਲ
· ਜਨਵਰੀ 2025 ਦੌਰਾਨ ਉੱਚ ਵਿਦਿਅਕ ਅਦਾਰਿਆਂ ’ਚ ਲਗਾਏ 26 ਸੈਮੀਨਾਰ
· ਵੱਖ-ਵੱਖ ਪਿੰਡਾਂ ’ਚ 61 ਮੀਟਿੰਗਾਂ ਆਯੋਜਿਤ
ਬਠਿੰਡਾ, 3 ਫਰਵਰੀ : ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਮਹੀਨਾਵਾਰ ਓਪਰੇਸ਼ਨ ਸੰਪਰਕ ਮੁਹਿੰਮ ਤਹਿਤ ਬਠਿੰਡਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਸਬੰਧੀ ਪੰਜਾਬ ਸਰਕਾਰ ਵਲੋਂ ਸੈਲਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਵਟਸਐਪ ਚੈਟਬਾਟ ਨੰਬਰ 97791-00200 ਜਾਰੀ ਕੀਤਾ ਗਿਆ ਹੈ, ਜਿਸ ’ਤੇ ਜਦੋਂ ਵੀ ਨਸ਼ਿਆਂ ਖਿਲਾਫ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ’ਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਂਦੀ ਹੈ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਮੀਟਿੰਗਾਂ ਕਰਕੇ ਨੌਜਵਾਨ ਵਰਗ ਅਤੇ ਨਸ਼ੇ ਤੋਂ ਪੀੜਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲਗਾਤਾਰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਨਵਰੀ 2025 ਦੌਰਾਨ ਬਠਿੰਡਾ ਪੁਲਿਸ ਵੱਲੋਂ ਓਪਰੇਸ਼ਨ ਸੰਪਰਕ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕੁੱਲ 61 ਮੀਟਿੰਗਾਂ ਕੀਤੀਆਂ ਗਈਆਂ ਅਤੇ ਇਸ ਤੋਂ ਇਲਾਵਾ ਸਾਂਝ ਕੇਂਦਰ ਦੇ ਅਧਿਕਾਰੀਆਂ ਵਲੋਂ ਵੱਖ-ਵੱਖ ਸਕੂਲਾਂ ਤੇ ਉੱਚ ਵਿਦਿਅਕ ਅਦਾਰਿਆਂ ’ਚ ਜਾ ਕੇ 26 ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪਬਲਿਕ ਸਥਾਨਾਂ ਜਿਵੇਂ ਕਿ ਸਰਕਾਰੀ ਅਦਾਰੇ, ਬੱਸ ਸਟੈਂਡ, ਰੇਲਵੇ ਸਟੇਸ਼ਨ, ਸ਼ਹਿਰ ਵਿੱਚ ਲੱਗੀਆਂ ਪੁਲਿਸ ਪਿੱਕਟਾਂ, ਮੇਨ ਚੌਂਕ, ਧਾਰਮਿਕ ਸਥਾਨਾਂ ਅਤੇ ਹੋਰ ਭੀੜ ਵਾਲੇ ਸਥਾਨਾਂ ’ਤੇ ਨਸ਼ਿਆ ਸਬੰਧੀ 600 ਦੇ ਲਗਭਗ ਪੋਸਟਰ/ਫਲੈਕਸਾਂ ਲਗਾਈਆਂ ਜਾ ਚੁੱਕੀਆਂ ਹਨ।
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਹੁਣ ਤੱਕ ਡਰੱਗ ਟਿਪਸ ਸਬੰਧੀ 53 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ’ਚੋ 51 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ 2 ਸ਼ਿਕਾਇਤਾ ਪ੍ਰਗਤੀ ਅਧੀਨ ਹਨ ਅਤੇ 1 ਸ਼ਿਕਾਇਤ ’ਤੇ ਪੁਲਿਸ ਸਟੇਸ਼ਨ ਨਥਾਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ।
Published on: ਫਰਵਰੀ 3, 2025 3:00 ਬਾਃ ਦੁਃ