ਪੰਜਾਬ ਦੇ ਦੋ ਸੀਨੀਅਰ IAS ਅਧਿਕਾਰੀਆਂ ਖਿਲਾਫ ਜਾਂਚ ਸ਼ੁਰੂ
ਚੰਡੀਗੜ੍ਹ: 4 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਨੇ ਪੰਜਾਬ ਦੇ ਦੋ ਸੀਨੀਅਰ ਆਈਏਐਸ ਅਫ਼ਸਰਾਂ ਖ਼ਿਲਾਫ਼ ਖਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਅਤੇ ਵਿਭਾਗ ਦੇ ਡਾਇਰੈਕਟਰ ਪਰਮਜੀਤ ਸਿੰਘ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਅਫ਼ਸਰਾਂ ‘ਤੇ ਨਿਊ ਚੰਡੀਗੜ੍ਹ ਦੇ ਇੱਕ ਪ੍ਰਾਈਵੇਟ ਬਿਲਡਰ ਨੂੰ ਬਲਾਕ ਮਾਜਰੀ ਦੇ ਇੱਕ ਪਿੰਡ ਦੇ ਸਾਂਝੇ ਰਸਤੇ ਦੀ ਰਜਿਸਟਰੀ ਕਰਾਉਣ ਲਈ ਪ੍ਰਵਾਨਗੀ ਦੇਣ ਦਾ ਦੋਸ਼ ਹੈ।
ਜ਼ਿਕਰਯੋਗ ਹੈ ਕਿ ਪਿੰਡ ਦੇ ਕਿਸੇ ਵੀ ਸਾਂਝੇ ਰਸਤੇ ਨੂੰ ਓਨਾ ਸਮਾਂ ਕਾਨੂੰਨੀ ਤੌਰ ’ਤੇ ਵੇਚਿਆ ਨਹੀਂ ਜਾ ਸਕਦਾ ਹੈ ਜਿੰਨਾਂ ਸਮਾਂ ਡਾਇਰੈਕਟਰ (ਕੰਸੋਲੀਡੇਸ਼ਨ) ਅਤੇ ਡਾਇਰੈਕਟਰ (ਲੈਂਡ ਰਿਕਾਰਡ) ਵੱਲੋਂ ਉਸ ਰਸਤੇ ਨੂੰ ‘ਛੱਡਿਆ ਹੋਇਆ’ ਨਹੀਂ ਐਲਾਨਿਆ ਜਾਂਦਾ। ਪੰਚਾਇਤ ਵਿਭਾਗ ਦੇ ਇਨ੍ਹਾਂ ਦੋਵੇਂ ਅਧਿਕਾਰੀਆਂ ਨੇ ਇਸ ਸਾਂਝੇ ਰਸਤੇ ਨੂੰ ‘ਛੱਡਿਆ ਹੋਇਆ’ ਐਲਾਨੇ ਬਿਨਾਂ ਹੀ ਨਵੰਬਰ 2024 ’ਚ ਪ੍ਰਾਈਵੇਟ ਬਿਲਡਰ ਨੂੰ ਵੇਚਣ ਲਈ ਮਨਜ਼ੂਰੀ ਦੇ ਦਿੱਤੀ ਸੀ। ਪਤਾ ਲੱਗਿਆ ਹੈ ਕਿ ਇਸ ਮਾਮਲੇ ਨੂੰ ਜਾਂਚ ਲਈ ਵਿਜੀਲੈਂਸ ਬਿਊਰੋ ਦੇ ਹਵਾਲੇ ਵੀ ਕੀਤਾ ਜਾਵੇਗਾ।
Published on: ਫਰਵਰੀ 4, 2025 2:06 ਬਾਃ ਦੁਃ