ਸੰਯੁਕਤ ਕਿਸਾਨ ਮੋਰਚੇ ਵੱਲੋਂ ਜਬਰੀ ਜ਼ਮੀਨਾਂ ਅਕਵਾਇਰ ਕਰਨ ਦਾ ਵਿਰੋਧ
ਕੌਮੀ ਸੱਦੇ ਤਹਿਤ ਨੌ ਫਰਵਰੀ ਨੂੰ ਐੱਮ.ਪੀ. ਮੀਤ ਹੇਅਰ ਦੇ ਘਰ ਅੱਗੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
ਦਲਜੀਤ ਕੌਰ
ਸੰਗਰੂਰ, 8 ਫਰਵਰੀ, 2025: ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਬੀਕੇਯੂ ਡਕੌਦਾ ਧਨੇਰ ਦੇ ਜਿਲਾ ਸਕੱਤਰ ਜਗਤਾਰ ਸਿੰਘ ਦੁੱਗਾਂ ਦੀ ਪ੍ਰਧਾਨਗੀ ਹੇਠ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਹੋਈ ਜਿਸ ਵਿੱਚ ਜੰਮੂ ਕਟੜਾ ਹਾਈਵੇ ਲਈ ਸੰਤੋਖਪੁਰਾ ਪਿੰਡ ਵਿਖੇ ਜਬਰੀ ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ ਦੀ ਖੜੀ ਕਣਕ ਦੀ ਫਸਲ ‘ਤੇ ਜੇਸੀਬੀ ਮਸ਼ੀਨਾਂ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਇਸੇ ਤਰ੍ਹਾਂ ਪਿੰਡ ਨਮੋਲ ਵਿਖੇ ਤੇਲ ਪਾਈਪ ਲਾਈਨ ਪਾਉਣ ਲਈ ਪ੍ਰਸ਼ਾਸਨ ਵੱਲੋਂ ਜਬਰੀ ਕਿਸਾਨਾਂ ਦੀ ਕਣਕ ਦੀ ਖੜੀ ਫਸਲ ਬਰਬਾਦ ਕੀਤੀ ਗਈ ਤੇ ਕਿਸਾਨਾਂ ਤੇ ਲਾਠੀਚਾਰਜ ਕੀਤਾ ਗਿਆ। ਦੋਨਾਂ ਮਾਮਲਿਆਂ ਦੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਖਤ ਨਿਖੇਧੀ ਕਰਦਿਆਂ ਇਸਦਾ ਗੰਭੀਰ ਨੋਟਿਸ ਲਿਆ ਗਿਆ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਜੇਕਰ ਜਬਰਦਸਤੀ ਕਿਸਾਨਾਂ ਦੀਆਂ ਜਮੀਨਾਂ ਉਹਨਾਂ ਦੀ ਸਹਿਮਤੀ ਤੋਂ ਬਿਨਾਂ ਅਕਵਾਇਰ ਕੀਤੀਆਂ ਅਤੇ ਯੋਗ ਮੁਆਵਜਾ ਨਾਂ ਦਿੱਤਾ ਤਾਂ ਪੰਜਾਬ ਸਰਕਾਰ ਨੂੰ ਇਸ ਦਾ ਸੇਕ ਝੱਲਣਾ ਪਵੇਗਾ।
ਅੱਜ ਦੀ ਮੀਟਿੰਗ ਵਿੱਚ ਹਾਜ਼ਰ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸਿੰਘ ਸੇਖੋ, ਬੀਕੇਯੂ ਰਾਜੇਵਾਲ ਦੇ ਆਗੂ ਮਨਜਿੰਦਰ ਸਿੰਘ ਘਾਬਦਾਂ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਜ਼ਿਲਾ ਆਗੂ ਨਿਰਮਲ ਸਿੰਘ ਬਟੜੀਆਣਾ, ਕੁਲ ਹਿੰਦ ਕਿਸਾਨ ਸਭਾ ਪੰਜਾਬ ਦੇ ਜਿਲ੍ਹਾ ਆਗੂ ਇੰਦਰਪਾਲ ਸਿੰਘ ਪੁੰਨਾਵਾਲ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਜੋ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਜੰਮੂ ਕਟੜਾ ਹਾਈਵੇ ਸਮੇਤ ਤੇਲ ਤੇ ਗੈਸ ਪਾਇਪ ਲਾਇਨ ਪਾਉਣ ਦੇ ਪ੍ਰੋਜੈਕਟ ਲਿਆਂਦੇ ਗਏ ਹਨ ਉਹਨਾਂ ਤਹਿਤ ਕਿਸਾਨਾਂ ਦੀਆਂ ਹਜ਼ਾਰਾਂ ਏਕੜ ਜਮੀਨਾਂ ਅਕਵਾਇਰ ਕੀਤੀਆਂ ਜਾ ਰਹੀਆਂ ਹਨ, ਜਮੀਨਾਂ ਅਕਵਾਇਰ ਕਰਨ ਸਮੇਂ ਜਿੱਥੇ ਯੋਗ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਅਤੇ ਆਪਸੀ ਤਕਸੀਮਾਂ ਦੇ ਅਤੇ ਭਰਾਵਾਂ ਵੰਡ ਦੇ ਮਾਮਲਿਆਂ ਨੂੰ ਨਿਬੇੜੇ ਤੋਂ ਬਿਨਾਂ ਹੀ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਕੇਂਦਰ ਸਰਕਾਰ ਦੀ ਜੀ ਹਜ਼ੂਰੀ ਕਰਦਿਆਂ ਆਪਣੇ ਪ੍ਰੋਜੈਕਟ ਨੇਪੜੇ ਚਾੜਨਾ ਚਾਹੁੰਦਾ ਹੈ ਤੇ ਇਸ ਲਈ ਧੱਕੇ ਜੋਰੀ ਜਮੀਨਾਂ ਤੇ ਕਬਜ਼ੇ ਕਰਨ ਦੀ ਕੋਸ਼ਿਸ਼ ਹੋ ਰਹੀ ਹੈ, ਜਿਸ ਦਾ ਵਿਰੋਧ ਕਰਨ ਤੇ ਕੱਲ ਨਮੋਲ ਵਿਖੇ ਵੀ ਕਿਸਾਨਾਂ ਤੇ ਲਾਠੀਚਾਰਜ ਕੀਤਾ ਗਿਆ ਅਤੇ ਇਸੇ ਤਰ੍ਹਾਂ ਸੰਤੋਖਪੁਰਾ ਵਿਖੇ ਵੀ ਜ਼ਬਰਦਸਤੀ ਕਿਸਾਨ ਦੀ ਫਸਲ ਉਜਾੜਨ ਦੀ ਕੋਸ਼ਿਸ਼ ਕੀਤੀ ਗਈ। ਅਜਿਹੀ ਕਾਰਵਾਈ ਦਰਸਾਉਂਦੀ ਹੈ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕਿਸਾਨਾਂ ਦੇ ਉਜਾੜੇ ਲਈ ਦੋਵੇਂ ਇੱਕ ਮੱਤ ਹਨ ਅਤੇ ਕਾਰਪੋਰੇਟ ਘਰਾਣਿਆਂ ਦੇ ਮੁਨਾਫਿਆਂ ਲਈ ਕਿਸਾਨਾਂ ਦੀਆਂ ਜਮੀਨਾਂ ਐਕੁਵਾਇਰ ਕਰਨ ਲਈ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹਨ। ਪਰ ਅਜਿਹੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।ਜੇਕਰ ਇਹ ਕਾਰਵਾਈ ਨੂੰ ਨਾ ਰੋਕਿਆ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ ਇਸ ਮਾਮਲੇ ਤੇ ਇੱਕਜੁੱਟ ਹੈ ਅਤੇ ਸੰਘਰਸ਼ ਲਈ ਤਿਆਰ ਹੈ। ਇਸੇ ਤਰ੍ਹਾਂ ਮੀਟਿੰਗ ਵਿੱਚ ਵਿਚਾਰੇ ਦੂਸਰੇ ਏਜੰਡੇ ਤਹਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਕੌਮੀ ਸੱਦੇ ਤਹਿਤ “ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ ਨੂੰ ਰੱਦ ਕਰਵਾਉਣ” ਸਾਰੀਆਂ ਫਸਲਾਂ ਦੀ ਐਮਐਸਪੀ ਤੇ ਦਿੱਲੀ ਅੰਦੋਲਨ ਦੀਆਂ ਬਾਕੀ ਰਹਿੰਦੀਆਂ ਮੰਗਾਂ ਸਬੰਧੀ 9 ਫਰਵਰੀ ਨੂੰ ਐਮਪੀ ਮੀਤ ਹੇਅਰ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਵਿੱਚ ਵੀ ਵੱਡੀ ਗਿਣਤੀ ਸਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ।
ਇਸ ਸਮੇਂ ਮੀਟਿੰਗ ਵਿੱਚ ਬਹਾਦਰ ਸਿੰਘ ਦੁੱਗਾਂ, ਸੋਮਦੀਪ ਸਿੰਘ ਸੰਤੋਖਪੁਰਾ, ਕਸ਼ਮੀਰ ਸਿੰਘ ਘਰਾਚੋਂ, ਮੰਗਤ ਰਾਮ ਲੌਂਗੋਵਾਲ, ਰਣਧੀਰ ਸਿੰਘ ਘਰਾਚੋਂ, ਬਲਜਿੰਦਰ ਸਿੰਘ, ਹਰਵਿੰਦਰ ਸਿੰਘ ਸਮੇਤ ਕਿਸਾਨ ਆਗੂ ਹਾਜ਼ਰ ਸਨ।
Published on: ਫਰਵਰੀ 8, 2025 8:50 ਬਾਃ ਦੁਃ