ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ : ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਟਰੈਵਲ ਏਜੰਟਾਂ ਵਿਰੁੱਧ 8 FIRs ਦਰਜ

ਪੰਜਾਬ

ਪੰਜਾਬ ਪੁਲਿਸ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਵਚਨਬੱਧ : ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 10 ਫਰਵਰੀ, ਦੇਸ਼ ਕਲਿੱਕ ਬਿਓਰੋ :

ਸੂਬੇ ਦੇ ਭੋਲੇ-ਭਾਲੇ ਵਿਅਕਤੀਆਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਨਕੇਲ ਕਸਦਿਆਂ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਇਸ ਖੇਤਰ ਵਿੱਚ ਚੱਲ ਰਹੇ ਬਹੁ-ਰਾਸ਼ਟਰੀ ਮਨੁੱਖੀ ਤਸਕਰੀ ਨੈਟਵਰਕ ਨੂੰ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਹੈ।

ਇਹ ਕਾਰਵਾਈ ਉਨ੍ਹਾਂ ਭਾਰਤੀ ਨਾਗਰਿਕਾਂ ਨਾਲ ਸਬੰਧਤ ਹੈ ਜਿਨ੍ਹਾਂ ਨੂੰ ਸੰਯੁਕਤ ਰਾਜ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਸੀ ਅਤੇ ਅੰਮ੍ਰਿਤਸਰ ਪਹੁੰਚੇ ਸਨ। ਪੰਜਾਬ ਪੁਲਿਸ ਵੱਲੋਂ ਉਨ੍ਹਾਂ ਟ੍ਰੈਵਲ ਏਜੰਟਾਂ ਵਿਰੁੱਧ ਬਿਆਨ ਦਰਜ ਕੀਤੇ ਹਨ ਜਿਨ੍ਹਾਂ ਨੇ ਉਨ੍ਹਾਂ ਨਾਲ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵੇਸ਼ ਦੇ ਝੂਠੇ ਵਾਅਦੇ ਕਰਕੇ ਧੋਖਾ ਕੀਤਾ ਹੈ।

ਇਸ ਸਬੰਧੀ ਪੀੜਤਾਂ ਦੀਆਂ ਸ਼ਿਕਾਇਤਾਂ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਡਿਪੋਰਟ ਕੀਤੇ ਗਏ ਵਿਅਤੀਆਂ ਦੇ ਬਿਆਨਾਂ ਦੇ ਆਧਾਰ ‘ਤੇ ਟ੍ਰੈਵਲ ਏਜੰਟਾਂ ਵਿਰੁੱਧ ਕੁੱਲ 8 ਐਫਆਈਆਰਜ਼ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚ ਦੋ ਐਫਆਈਆਰਜ਼ ਜ਼ਿਲ੍ਹਾ ਪੁਲਿਸ ਕੋਲ ਅਤੇ ਛੇ ਐਫਆਈਆਰਜ਼ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਕੋਲ ਦਰਜ ਕੀਤੀਆਂ ਗਈਆਂ ਹਨ।

ਏ.ਡੀ.ਜੀ.ਪੀ. ਐਨਆਰਆਈ ਮਾਮਲਿਆਂ ਪ੍ਰਵੀਨ ਸਿਨਹਾ ਦੀ ਅਗਵਾਈ ਵਾਲੀ ਇਸ ਐਸ.ਆਈ.ਟੀ. ਵਿੱਚ ਏ.ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਸ਼ਿਵੇ ਕੁਮਾਰ ਵਰਮਾ, ਆਈ.ਜੀ.ਪੀ. ਪ੍ਰੋਵੀਜਨਿੰਗ ਡਾ. ਐਸ ਬੂਪਤੀ ਅਤੇ ਡੀ.ਆਈ.ਜੀ. ਬਾਰਡਰ ਰੇਂਜ ਰੇਂਜ ਸਤਿੰਦਰ ਸਿੰਘ ਸ਼ਾਮਲ ਹਨ। ਇਹ ਐਸਆਈਟੀ ਜਾਂਚ ਦੀ ਬਾਰੀਕਬੀਨੀ ਨਾਲ ਨਿਗਰਾਨੀ ਕਰ ਰਹੀ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਾਰੀ ਕਾਰਵਾਈ ਤੱਥਾਂ ਦੀ ਸੁਚੱਜੀ ਜਾਂਚ ਕਰਕੇ ਅਤੇ ਪ੍ਰਭਾਵੀ ਢੰਗ ਨਾਲ ਨੇਪਰੇ ਚੜਾਈ ਜਾਵੇ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਵਤਨ ਵਾਪਸ ਪਰਤਣ ਵਾਲਿਆਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਕੇ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨਾਂ ਨੂੰ ਨਿਆਂ ਦਾ ਭਰੋਸਾ  ਦਿੱਤਾ। ਇਸ ਦੇ ਨਾਲ ਹੀ ਵੱਖ-ਵੱਖ ਜਿਲਿਆਂ ਅਤੇ ਕਮਿਸ਼ਨਰੇਟਾਂ ਦੇ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਐਸ.ਆਈ.ਟੀ. ਨਾਲ ਤਾਲਮੇਲ ਕਰਕੇ ਅਣਥੱਕ ਮਿਹਨਤ ਕਰ ਰਹੇ ਹਨ ਤਾਂ ਜੋ ਇਨਾਂ ਧੋਖੇਬਾਜ਼ ਅਪਰਾਧੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ।

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕ ਦੀ ਲੜੀ ਵਿਰੁੱਧ ਕਾਰਵਾਈ ਕਰਨ ਅਤੇ ਟ੍ਰੈਵਲ ਏਜੰਟਾਂ ਵੱਲੋਂ ਕੀਤੇ ਜਾ ਰਹੇ ਪੰਜਾਬ ਦੀ ਨੌਜਵਾਨੀ ਦੇ ਸ਼ੋਸ਼ਣ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦਹੁਰਾਇਆ। ਉਨਾਂ ਕਿਹਾ ਕਿ ਐਸਆਈਟੀ ਗੈਰ-ਕਾਨੂੰਨੀ ਮਨੁੱਖੀ ਤਸਕਰੀ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਜਵਾਬਦੇਹੀ ਤੈਅ ਕਰਨ ਅਤੇ ਬਣਦੀ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਪੰਜਾਬ ਪੁਲਿਸ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਗੈਰ-ਕਾਨੂੰਨੀ ਢੰਗ ਨਾਲ ਇਮੀਗ੍ਰੇਸ਼ਨ ਜਾਂ ਅਜਿਹੀ ਕੋਈ ਹੋਰ ਧੋਖਾਧੜੀ  ਦੀ ਸੂਚਨਾ ਅਧਿਕਾਰੀਆਂ ਨੂੰ ਦੇਣ ਦੀ ਅਪੀਲ ਕੀਤੀ। ਪੰਜਾਬ ਪੁਲਿਸ ਆਪਣੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਧੋਖੇਬਾਜ ਟਰੈਵਲ ਏਜੰਟਾਂ ’ਤੇ ਨਕੇਲ ਕੱਸਣ  ਵਾਲੇ ਆਪਣੇ ਮਿਸ਼ਨ ਵਿੱਚ ਸੁਹਿਰਦਤਾ ਨਾਲ ਡੱਟੀ ਹੋਈ ਹੈ।

Published on: ਫਰਵਰੀ 10, 2025 9:20 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।