ਪੰਜਾਬ ਰੋਡਵੇਜ਼ ਕਰਮਚਾਰੀ ਦਲ ਦਾ 2025 ਦਾ ਕੈਲੰਡਰ ਅਤੇ ਡਾਇਰੀ ਰਿਲੀਜ਼
ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਰਮਚਾਰੀਆਂ ਦੇ ਹੱਕਾਂ ਲਈ ਖੜ੍ਹਾ ਰਹੇਗਾ: ਪਰਵਿੰਦਰ ਸਿੰਘ ਸੋਹਾਣਾ
ਮੋਹਾਲੀ, 13 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਰੋਡਵੇਜ਼ ਕਰਮਚਾਰੀ ਦਲ ਵੱਲੋਂ ਸਾਲ 2025 ਦਾ ਕੈਲੰਡਰ ਅਤੇ ਡਾਇਰੀ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ, ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ, ਵੱਲੋਂ ਜਾਰੀ ਕੀਤੇ ਗਏ। ਇਸ ਮੌਕੇ ਪੰਜਾਬ ਰੋਡਵੇਜ਼ ਦੇ ਵੱਖ-ਵੱਖ ਕਰਮਚਾਰੀ ਦਲ ਦੇ ਸੀਨੀਅਰ ਆਗੂ ਸ਼ਾਮਲ ਹੋਏ।
ਇਸ ਮੌਕੇ ‘ਤੇ ਬੋਲਦੇ ਹੋਏ, ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੂੰ ਸਭ ਤੋਂ ਵੱਧ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਰਮਚਾਰੀਆਂ ਦੀਆਂ ਮੰਗਾਂ ਨੂੰ ਮਾਨਤਾ ਦਿੰਦੇ ਹੋਏ ਉਹਨਾਂ ਲਈ ਵਧੀਆ ਨੀਤੀਆਂ ਲਿਆਉਣ ਵਿੱਚ ਵਿਸ਼ਵਾਸ ਰੱਖਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਪਿਛਲੀ ਸਰਕਾਰ ਦੇ ਦੌਰਾਨ ਕਰਮਚਾਰੀਆਂ ਨੂੰ ਭਰਪੂਰ ਹੱਕ ਅਤੇ ਵਾਧੂ ਸੁਵਿਧਾਵਾਂ ਦਿੱਤੀਆਂ ਗਈਆਂ, ਜਿਸ ਕਰਕੇ ਅੱਜ ਵੀ ਸਰਕਾਰੀ ਕਰਮਚਾਰੀ ਉਹ ਸਮਾਂ ਯਾਦ ਕਰਦੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਰਕਾਰੀ ਕਰਮਚਾਰੀਆਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਵੀਂ ਭਰਤੀਆਂ ਨਾ ਹੋਣ, ਪੈਨਸ਼ਨ ਅਤੇ ਤਨਖ਼ਾਹਾਂ ਦੇ ਲਟਕਣ ਕਾਰਨ ਕਰਮਚਾਰੀ ਆਰਥਿਕ ਤੰਗੀ ਦਾ ਸ਼ਿਕਾਰ ਹੋ ਰਹੇ ਹਨ। ਪਰਵਿੰਦਰ ਸਿੰਘ ਸੋਹਾਣਾ ਨੇ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਕਰਮਚਾਰੀਆਂ ਦੀਆਂ ਹਮੇਸ਼ਾ ਹੱਕ-ਹਿੱਤਾਂ ਦੀ ਰੱਖਿਆ ਕਰੇਗਾ ਅਤੇ ਉਹਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਹਮੇਸ਼ਾ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਰਹੇਗਾ।
ਇਸ ਮੌਕੇ, ਪੰਜਾਬ ਰੋਡਵੇਜ਼ ਕਰਮਚਾਰੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਤਬੀਰ ਸਿੰਘ ਖਟੜਾ, ਜਗਦੀਸ਼ ਸਿੰਘ ਸੁਹਾਣਾ (ਸੂਬਾ ਕੈਸ਼ੀਅਰ), ਚੰਡੀਗੜ੍ਹ ਬਰਾਂਚ ਦੇ ਪ੍ਰਧਾਨ ਹਰਨੇਕ ਸਿੰਘ ਗੰਧੜ, ਜੋਧ ਸਿੰਘ (ਕੈਸ਼ੀਅਰ), ਨਪਿੰਦਰ ਸਿੰਘ ਧਰਮਗੜ੍ਹ (ਸੀਨੀਅਰ ਮੀਤ ਪ੍ਰਧਾਨ), ਜਤਿੰਦਰ ਸਿੰਘ ਬਡਾਲੀ (ਸਹਾਇਕ ਕੈਸ਼ੀਅਰ) ਅਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।
Published on: ਫਰਵਰੀ 13, 2025 2:45 ਬਾਃ ਦੁਃ