ਗਿਆਨੇਸ਼ ਕੁਮਾਰ ਹੋਣਗੇ ਭਾਰਤ ਦੇ ਅਗਲੇ ਮੁੱਖ ਚੋਣ ਕਮਿਸ਼ਨਰ
ਨਵੀਂ ਦਿੱਲੀ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਅਗਲੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਵਜੋਂ ਗਿਆਨੇਸ਼ ਕੁਮਾਰ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਹ ਨਵੇਂ ਕਾਨੂੰਨ ਤਹਿਤ ਨਿਯੁਕਤ ਕੀਤੇ ਜਾਣ ਵਾਲੇ ਪਹਿਲੇ ਸੀਈਸੀ ਹਨ। ਉਨ੍ਹਾਂ ਦਾ ਕਾਰਜਕਾਲ 26 ਜਨਵਰੀ 2029 ਤੱਕ ਰਹੇਗਾ। ਅਗਲੀਆਂ ਆਮ ਚੋਣਾਂ ਦਾ ਐਲਾਨ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਹੋ ਸਕਦਾ ਹੈ।
ਉਹ ਮੌਜੂਦਾ ਸੀਈਸੀ ਦੀ ਸੇਵਾਮੁਕਤੀ ਤੋਂ ਬਾਅਦ ਅਹੁਦਾ ਸੰਭਾਲਣਗੇ। ਰਾਜੀਵ ਕੁਮਾਰ 18 ਫਰਵਰੀ ਨੂੰ ਸੇਵਾਮੁਕਤ ਹੋ ਰਹੇ ਹਨ। ਇਸ ਦੌਰਾਨ ਵਿਵੇਕ ਜੋਸ਼ੀ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਹਰਿਆਣਾ ਦੇ ਮੁੱਖ ਸਕੱਤਰ ਅਤੇ 1989 ਬੈਚ ਦੇ ਆਈਏਐਸ ਅਧਿਕਾਰੀ ਹਨ। ਇਸ ਦੌਰਾਨ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਆਪਣੇ ਅਹੁਦੇ ‘ਤੇ ਬਣੇ ਰਹਿਣਗੇ।
ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ‘ਚ ਹੋਈ ਬੈਠਕ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼ਾਮਲ ਹੋਏ। ਇਸ ਪੈਨਲ ਦੀ ਸਿਫ਼ਾਰਸ਼ ‘ਤੇ ਨਵੇਂ ਸੀਈਸੀ ਦੀ ਨਿਯੁਕਤੀ ਕੀਤੀ ਗਈ।
Published on: ਫਰਵਰੀ 18, 2025 7:56 ਪੂਃ ਦੁਃ