ਸੜਕ ਦੁਰਘਟਨਾ ਵਿੱਚ 5 ਸਵਾਰੀਆਂ ਦੀ ਮੌਤ ਤੇ ਐਮ.ਐਲ.ਏ ਸੇਖੋਂ ਨੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ
-ਓਵਰ ਸਪੀਡ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਣਗੇ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ
– ਘਟਨਾ ਦੇ ਦੋਸ਼ੀਆਂ ਵਿਰੁੱਧ ਐਫ.ਆਈ.ਆਰ ਦਰਜ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ- ਐਸ.ਐਸ.ਪੀ
-ਹੈਲਪਲਾਈਨ ਨੰਬਰ 98723-00138 ਅਤੇ 78886-15121 ਤੇ ਕੀਤਾ ਜਾ ਸਕਦਾ ਹੈ ਸੰਪਰਕ
ਫ਼ਰੀਦਕੋਟ: 18 ਫ਼ਰਵਰੀ, ਦੇਸ਼ ਕਲਿੱਕ ਬਿਓਰੋ
ਅੱਜ ਸਵੇਰੇ ਫ਼ਰੀਦਕੋਟ-ਕੋਟਕਪੂਰਾ ਰੋਡ ਤੇ ਬੱਸ ਤੇ ਟਰੱਕ ਦੀ ਟੱਕਰ ਉਪਰੰਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪ੍ਰਾਈਵੇਟ ਕੰਪਨੀ ਦੀ ਬੱਸ ਜੋ ਸਵਾਰੀਆਂ ਨਾਲ ਭਰੀ ਹੋਈ ਸੀ ਉਹ ਟਰੱਕ ਨਾਲ ਟਕਰਾਉਣ ਉਪਰੰਤ ਡਰੇਨ ਵਿੱਚ ਜਾ ਡਿੱਗੀ । ਜਿਸ ਕਾਰਨ 5 ਦੇ ਕਰੀਬ ਸਵਾਰੀਆਂ ਦੀ ਮੌਤ ਹੋ ਗਈ, ਜਦਕਿ 30 ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ।
ਇਸ ਘਟਨਾ ਦਾ ਪਤਾ ਲੱਗਦਿਆਂ ਤੁਰੰਤ ਹੀ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਮੌਕੇ ਤੇ ਪਹੁੰਚ ਕੇ ਰਾਹਤ ਕਾਰਜਾਂ ਵਿੱਚ ਜੁੱਟ ਗਏ ਅਤੇ ਰਾਹਤ ਟੀਮਾਂ ਦੀ ਨਿਗਰਾਨੀ ਕੀਤੀ। ਮ੍ਰਿਤਕਾਂ ਤੇ ਜਖਮੀਆਂ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਪਹੁੰਚਾਇਆ ਗਿਆ ਜਿਥੇ ਉਨ੍ਹਾਂ ਦਾ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ । ਇਹ ਵੀ ਪਤਾ ਲੱਗਿਆ ਕਿ ਹੁਣ ਤੱਕ 5 ਸਵਾਰੀਆਂ ਦੀ ਮੌਤ ਹੋ ਗਈ ਜਿਨ੍ਹਾਂ ਵਿੱਚ ਔਰਤ ਸਿਮਰਨ ਅਧਿਆਪਕ ਕੇਂਦਰੀ ਵਿਦਿਆਲਿਆਂ ਅਤੇ 4 ਪੁਰਸ਼ ਦੱਸੇ ਜਾ ਰਹੇ ਹਨ । ਮ੍ਰਿਤਕਾ ਵਿੱਚ ਬੱਸ ਦਾ ਚੈਕਰ ਆਤਮ ਸਿੰਘ ਵੀ ਸ਼ਾਮਲ ਹੈ ਜਦਕਿ ਤਿੰਨ ਦੀ ਅਜੇ ਤੱਕ ਪਹਿਚਾਣ ਨਹੀਂ ਹੋਈ।
ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਅੱਜ ਜੋ ਘਟਨਾ ਵਾਪਰੀ ਹੈ ਜੋ ਕਿ ਬਹੁਤ ਮੰਦਭਾਗੀ ਹੈ । ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਕੋਸ਼ਿਸ਼ ਇਹ ਹੀ ਹੈ ਕਿ ਜੋ ਵੀ ਲੋਕ ਫੱਟੜ ਹੋਏ ਹਨ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸਾਰਾ ਪ੍ਰਸ਼ਾਸਨ ਤੇ ਡਾਕਟਰੀ ਅਮਲਾ ਜ਼ਖਮੀਆਂ ਨੂੰ ਬਚਾਉਣ ਲਈ ਕੰਮ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਦਵਾਈਆਂ ਜੋ ਵੀ ਲੋੜੀਂਦੀ ਹੈ ਉਹ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 2 ਜਖਮੀਆਂ ਨੂੰ ਅਮ੍ਰਿੰਤਸਰ ਰੈਫਰ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 98723-00138 (ਸ੍ਰੀ ਜਸਬੀਰ ਜੱਸੀ) ਅਤੇ 78886-15121 (ਸ੍ਰੀ ਪ੍ਰਦੀਪ ਦਿਉੜਾ) ਜਾਰੀ ਕੀਤਾ ਗਿਆ ਹੈ ।
ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਘਟਨਾ ਦਾ ਪਤਾ ਲੱਗਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਜ਼ਖਮੀਆਂ ਨੂੰ ਬਚਾਉਣ ਲਈ ਰਾਹਤ ਕਾਰਜ ਵਿੱਚ ਜੁੱਟ ਗਿਆ। ਉਨ੍ਹਾਂ ਦੱਸਿਆ ਕਿ ਪੁੱਲ ਤੇ ਓਵਰ ਟੇਕ ਕਰਦਿਆਂ ਇਹ ਹਾਦਸਾ ਵਾਪਰਿਆ ਹੈ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰਾ ਕੇਸ ਤਿਆਰ ਕਰਕੇ ਮੁੱਖ ਮੰਤਰੀ ਪੰਜਾਬ ਜੀ ਨੂੰ ਭੇਜਿਆ ਜਾ ਰਿਹਾ ਹੈ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਸ ਜਗ੍ਹਾਂ ਤੇ ਬੈਰੀਗੇਟ ਲਗਾਏ ਜਾਣਗੇ ਤਾਂ ਜੋ ਦੁਬਾਰਾ ਅਜਿਹੀ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਓਵਰ ਸਪੀਡ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਣਗੇ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਅਜਿਹੀਆਂ ਮੰਦਭਾਗੀ ਘਟਨਾਵਾਂ ਨੂੰ ਰੋਕਿਆ ਜਾ ਸਕੇ ।
ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਲੋਕਾਂ ਦੀ ਮੱਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ ਜਿਥੇ ਡਾਕਟਰ ਤਨਦੇਹੀ ਨਾਲ ਆਪਣਾ ਕੰਮ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਪੁਲਿਸ ਦੀ ਇੱਕ ਟੀਮ ਮੌਕੇ ਤੇ ਕਾਰਨਾਂ ਦੀ ਪੜਤਾਲ ਕਰ ਰਹੀ ਹੈ । ਇਸ ਸਬੰਧੀ ਐਫ.ਆਈ.ਆਰ ਦਰਜ ਕਰ ਲਈ ਗਈ ਹੈ ਅਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਅਲੰਕਾਰ,ਐਸ.ਡੀ.ਐਮ ਫ਼ਰੀਦਕੋਟ ਮੇਜਰ ਵਰੁਣ ਕੁਮਾਰ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ,ਹਸਪਤਾਲ ਦੇ ਐਨ ਐਸ ਦਾ. ਨੀਤੂ ਕੱਕੜ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Published on: ਫਰਵਰੀ 18, 2025 12:24 ਬਾਃ ਦੁਃ