ਮਰੀਜ਼ ਨੂੰ ਸਾਰੀਆਂ ਦਵਾਈਆਂ ਸਿਹਤ ਸੰਸਥਾ ਦੇ ਅੰਦਰੋਂ ਹੀ ਮਿਲਣ : ਡਾ. ਸੰਗੀਤਾ ਜੈਨ
ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੀਤੀ ਸਮੀਖਿਆ ਮੀਟਿੰਗ
ਮੋਹਾਲੀ, 19 ਫ਼ਰਵਰੀ, ਦੇਸ਼ ਕਲਿੱਕ ਬਿਓਰੋ
ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿਚਲੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ, ਸਿਹਤ ਯੋਜਨਾਵਾਂ ਅਤੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਆਖਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਵਸਨੀਕਾਂ ਨੂੰ ਬਿਹਤਰ, ਮਿਆਰੀ ਤੇ ਸਮਾਂਬੱਧ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੈ ਜਿਸ ਦੀ ਪ੍ਰਾਪਤੀ ਲਈ ਸਾਰੇ ਸਿਹਤ ਅਧਿਕਾਰੀਆਂ ਨੂੰ ਹੋਰ ਜ਼ਿਆਦਾ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਾਂਚ ਅਤੇ ਇਲਾਜ ਪੱਖੋਂ ਲੋਕਾਂ ਨੂੰ ਕਿਸੇ ਵੀ ਸਰਕਾਰੀ ਸਿਹਤ ਸੰਸਥਾ ਵਿਚ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਜਿਥੇ ਕਿਤੇ ਕਿਸੇ ਤਰ੍ਹਾਂ ਦੀ ਕੋਈ ਕਮੀ-ਪੇਸ਼ੀ ਹੈ, ਉਸ ਨੂੰ ਤੁਰੰਤ ਦੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮੁੱਚੀਆਂ ਸਿਹਤ ਸੰਸਥਾਵਾਂ ਖ਼ਾਸਕਰ ਪਖ਼ਾਨੇ ਆਦਿ ਬਿਲਕੁਲ ਸਾਫ਼-ਸੁਥਰੇ ਹੋਣੇ ਚਾਹੀਦੇ ਹਨ ਤਾਕਿ ਮਰੀਜ਼ਾਂ ਨੂੰ ਸਿਹਤ ਸੰਸਥਾ ਅੰਦਰ ਸਾਫ਼-ਸੁਥਰਾ ਮਾਹੌਲ ਪ੍ਰਦਾਨ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਹਸਪਤਾਲ ਵਿਚ 24 ਘੰਟੇ ਲਈ ਬਿਜਲੀ ਦੀ ਬੇਰੋਕ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਕਿਸੇ ਹੰਗਾਮੀ ਸਥਿਤੀ ਨਾਲ ਸਿੱਝਣ ਵਾਸਤੇ ਪੂਰਾ ਪਾਵਰ ਬੈਕਅੱਪ ਵੀ ਜ਼ਰੂਰੀ ਹੈ।
ਸਿਵਲ ਸਰਜਨ ਨੇ ‘ਕਾਇਆਕਲਪ’ ਪ੍ਰੋਗਰਾਮ ਤਹਿਤ ਹਰ ਸੰਸਥਾ ਵਿਚਲੇ ਸਾਰੇ ਮਾਪਦੰਡ ਪੂਰੇ ਕਰਨ ਲਈ ਵੀ ਆਖਿਆ। ਡੇਂਗੂ, ਮਲੇਰੀਆ, ਚਿਕਨਗੁਨੀਆ ਤੇ ਹੋਰ ਸਬੰਧਤ ਬੀਮਾਰੀਆਂ ਦੇ ਆਗਾਮੀ ਸੀਜ਼ਨ ਨੂੰ ਵੇਖਦਿਆਂ ਡਾ. ਜੈਨ ਨੇ ਤਮਾਮ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਕਿ ਇਸ ਸੀਜ਼ਨ ਦੌਰਾਨ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਹੋ ਸਕੇ। ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੇ ‘ਆਮ ਆਦਮੀ ਕਲੀਨਿਕਾਂ’ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਲਈ।
ਸਿਵਲ ਸਰਜਨ ਨੇ ਦੁਹਰਾਇਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਮਰੀਜ਼ ਨੂੰ ਹਰ ਦਵਾਈ ਸਿਹਤ ਸੰਸਥਾ ਵਿਚ ਹੀ ਮਿਲਣੀ ਚਾਹੀਦੀ ਹੈ। ਜੇ ਕੋਈ ਦਵਾਈ ਬਾਹਰੋਂ ਮਿਲਣੀ ਹੈ ਤਾਂ ਸਬੰਧਤ ਮੁੱਖ ਅਧਿਕਾਰੀ ਦੀ ਜ਼ਿੰਮੇਵਾਰੀ ਹੈ ਕਿ ਉਹ ਦਵਾਈ ਮਰੀਜ਼ ਨੂੰ ਉਪਲਭਧ ਕਰਾਈ ਜਾਵੇ। ਉਨ੍ਹਾਂ ਹਸਪਤਾਲਾਂ ਦੇ ਮੁਖੀਆਂ ਨੂੰ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਲਈ ਵੀ ਆਖਿਆ। ਮੀਟਿੰਗ ਦੌਰਾਨ ਤਮਾਮ ਸਿਹਤ ਅਧਿਕਾਰੀਆਂ ਨੇ ਸਿਵਲ ਸਰਜਨ ਨੂੰ ਭਰੋਸਾ ਦਿਤਾ ਕਿ ਉਹ ਲੋਕਾਂ ਨੂੰ ਬਿਹਤਰ ਤੇ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਮੀਟਿੰਗ ਵਿਚ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ ਅਤੇ ਸਾਰੇ ਸੀਨੀਅਰ ਮੈਡੀਕਲ ਅਫ਼ਸਰ ਹਾਜ਼ਰ ਸਨ।
Published on: ਫਰਵਰੀ 19, 2025 9:00 ਬਾਃ ਦੁਃ